ਪਟਨਾ (ਰਮਨਦੀਪ ਸਿੰਘ ਸੋਢੀ ਅਤੇ ਹਰਪ੍ਰੀਤ ਸਿੰਘ ਕਾਹਲ)— ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਹਾੜੇ 'ਤੇ ਕਰਵਾਏ ਜਾ ਰਹੇ ਸ਼ੁਕਰਾਨਾ ਸਮਾਗਮਾਂ ਦੀ ਸ਼ਰਧਾ ਦੇ ਜਲੌਅ ਅੰਦਰ ਸਮਾਪਤੀ ਹੋਈ । ਪਿਛਲੇ ਤਿੰਨ ਦਿਨਾਂ ਦੌਰਾਨ ਪਟਨਾ 'ਚ ਸਥਿਤ ਤਖ਼ਤ ਸ੍ਰੀ ਹਰਿਮੰਦਰ ਜੀ ਤੋਂ ਇਲਾਵਾ ਵੱਖ-ਵੱਖ ਗੁਰਦੁਆਰਿਆਂ ਅਤੇ ਬਾਈ ਪਾਸ ਟੈਂਟ ਸਿਟੀ ਦੇ ਦਰਬਾਰ ਹਾਲ ਅੰਦਰ ਧਾਰਮਿਕ ਸਮਾਗਮ ਕਰਵਾਏ ਗਏ । ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ 'ਚ ਕੀਰਤਨੀ ਜਥੇ, ਕਵੀਸ਼ਰ, ਢਾਡੀ, ਸੰਤ ਸਮਾਜ ਅਤੇ ਗੁਰਮਤਿ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਆਖਰੀ ਦਿਨ ਇਲਾਹੀ ਕੀਰਤਨ ਸਰਵਣ ਕਰਦੇ ਹੋਏ ਸ਼ੁਕਰਾਨੇ ਦੀ ਅੰਤਿਮ ਅਰਦਾਸ ਕੀਤੀ ਗਈ ।
ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ, ਭਾਈ ਗੁਰਇਕਬਾਲ ਸਿੰਘ, ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵੱਲੋਂ ਸੰਗਤਾਂ ਦੇ ਨਾਲ ਸ਼ਬਦ ਉਚਾਰਨ ਕੀਤਾ ਗਿਆ।ਇਸ ਸਮਾਗਮ ਦੌਰਾਨ ਤਖ਼ਤ ਸ੍ਰ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਮੇਤ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ।
ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤੇ ਪ੍ਰੋਗਰਾਮਾਂ ਮੁਤਾਬਕ ਸਮਾਗਮਾਂ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸਟਰਪਤੀ ਰਾਮਨਾਥ ਕੋਵਿੰਦ ਨੇ ਪਹੁੰਚਣਾ ਸੀ ਪਰ ਉਹ ਨਹੀਂਂ ਪੁੱਜੇ। ਇਸੇ ਤਰ੍ਹਾਂ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਅਤੇ ਹਜ਼ੂਰ ਸਾਹਿਬ ਦੇ ਜਥੇਦਾਰ ਵੀ ਨਹੀਂ ਪੁੱਜੇ।
ਅਰਦਾਸ ਉਪੰਰਤ ਪਹੁੰਚੀਆਂ ਸੰਗਤਾਂ ਦਾ ਅਵਤਾਰ ਸਿੰਘ ਮੱਕੜ ਵੱਲੋਂ ਧੰਨਵਾਦ ਕੀਤਾ ਗਿਆ।ਸਿਆਸੀ ਜਗਤ ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਰ ਸਨ।ਇਸ ਮੌਕੇ ਰਵਾਇਤ ਮੁਤਾਬਕ ਵਿਸ਼ੇਸ਼ ਪੰਡਾਲ ਅੰਦਰ ਸੰਤ ਸਮਾਜ ਦੀਆਂ ਖਾਸ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਬਿਹਾਰ ਦੇ ਰਾਜਪਾਲ ਵੀ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਜਿਨ੍ਹਾਂ ਦਾ ਸੰਤ ਸਮਾਜ ਵੱਲੋਂ ਸਨਮਾਨ ਕੀਤਾ ਗਿਆ।
ਔਰਤ ਨਾਲ ਬੈਂਕ 'ਚ ਠੱਗੀ ਕਰਨ ਵਾਲਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ
NEXT STORY