ਚੰਡੀਗੜ੍ਹ, (ਭੁੱਲਰ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ 'ਚ ਸੰਖੇਪ ਬੀਮਾਰੀ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹੋਏ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸ਼ੋਕ ਸੁਨੇਹੇ 'ਚ ਪ੍ਰਕਾਸ਼ ਸਿੰਘ ਬਾਦਲ ਨੇ ਜਥੇਦਾਰ ਮੱਕੜ ਨੂੰ ਸਿੱਖ ਪੰਥ ਲਈ ਆਪਣੀ ਸਮੁੱਚੀ ਜ਼ਿੰਦਗੀ ਨੂੰ ਸਮਰਪਿਤ ਕਰਨ ਵਾਲੇ ਇਨਸਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਡਲ ਟਾਊਨ ਲੁਧਿਆਣਾ ਵਿਖੇ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਦਾ ਕੰਮ ਸ਼ੁਰੂ ਕਰ ਕੇ 11 ਸਾਲਾਂ ਤਕ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਰਹਿਣ ਵਾਲੇ ਜਥੇਦਾਰ ਮੱਕੜ ਨੂੰ ਹਮੇਸ਼ਾ ਇਕ ਪ੍ਰਭਾਵਸ਼ਾਲੀ ਪ੍ਰਚਾਰਕ ਤੇ ਕੁਸ਼ਲ ਪ੍ਰਬੰਧਕ ਵਜੋਂ ਯਾਦ ਕੀਤਾ ਜਾਵੇਗਾ।
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਮੱਕੜ ਨੂੰ ਹਮੇਸ਼ਾ ਉਨ੍ਹਾਂ ਦੀ ਨਿਮਰਤਾ ਤੇ ਸਾਦਗੀ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਹਮੇਸ਼ਾ ਹਰ ਕੰਮ ਇੰਨੀ ਸ਼ਿੱਦਤ ਤੇ ਲਗਨ ਨਾਲ ਕਰਦੇ ਸਨ ਤੇ ਉਹ ਦੂਜਿਆਂ ਲਈ ਪ੍ਰੇਰਨਾ ਦਾ ਸੋਮਾ ਬਣ ਜਾਂਦੇ ਸਨ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਵੀ ਜਥੇਦਾਰ ਮੱਕੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸੇ ਦੌਰਾਨ ਸੀਨੀਅਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਸੀਨੀਅਰ ਆਗੂ ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਪ੍ਰੋ. ਬਡੂੰਗਰ ਨੇ ਵੀ ਜਥੇਦਾਰ ਮੱਕੜ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਕ ਪੰਥਪ੍ਰਸਤ ਜਥੇਦਾਰ ਸਨ।
ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਦੇ 70 ਮੈਡੀਕਲ ਅਫਸਰਾਂ ਦੇ ਤਬਾਦਲੇ
NEXT STORY