ਪਾਤੜਾਂ/ਸ਼ੁਤਰਾਣਾ (ਮਾਨ) - ਬਲਾਕ ਪਾਤੜਾਂ ਅਧੀਨ ਆਉਂਦੀ ਪੰਚਾਇਤ ਸੰਮਤੀ ਦੇ ਸਾਬਕਾ ਵਾਈਸ ਚੇਅਰਮੈਨ ਦਲਬੀਰ ਸਿੰਘ ਵਿਰੁੱਧ ਮਗਨਰੇਗਾ ਸਕੀਮ ’ਚ ਹੋਈਆਂ ਕਥਿਤ ਬੇਨਿਯਮੀਆਂ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ’ਚ ਪ੍ਰਸ਼ਾਸਨ ਨੇ ਹਰਕਤ ’ਚ ਆਉਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਓਬਡਸਮੈਨ ਨਰੇਗਾ ਪਟਿਆਲਾ ਵੱਲੋਂ ਕੀਤੀ ਗਈ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਹੁਣ ਵਿਭਾਗ ਵੱਲੋਂ ਕਥਿਤ ਦੋਸ਼ੀ ਵਿਰੁੱਧ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਸੁਮਿਤ ਕੁਮਾਰ ਵੱਲੋਂ ਮਗਨਰੇਗਾ ਸਕੀਮ ਅਧੀਨ ਹੋਏ ਕੰਮਾਂ ’ਚ ਬੇਨਿਯਮੀਆਂ ਸਬੰਧੀ ਸ਼ਿਕਾਇਤ ਕੀਤੀ ਗਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਓਬਡਸਮੈਨ ਵੱਲੋਂ ਕੀਤੀ ਗਈ ਜਾਂਚ ’ਚ ਸਾਹਮਣੇ ਆਇਆ ਸੀ ਕਿ ਉਸ ਸਮੇਂ ਦੇ ਵਾਈਸ ਚੇਅਰਮੈਨ ਵਲੋਂ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕੀਤੀ ਗਈ ਹੈ। ਪਰ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਹੁਦਾ ਮੁਕਤ ਹੋਣ ਦੇ ਬਾਵਜੂਦ ਕੀਤੇ ਗਏ ਕਥਿਤ ਘੁਟਾਲੇ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।
ਇਸ ਸਬੰਧੀ ਜਦੋਂ ਬੀ. ਡੀ. ਪੀ. ਓ. ਪਾਤੜਾਂ ਬਘੇਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਇਸ ਮਾਮਲੇ ’ਚ ਪੂਰੀ ਤਰ੍ਹਾਂ ਸੰਜੀਦਾ ਹੈ। ਉਨ੍ਹਾਂ ਦੱਸਿਆ ਕਿ ਦਲਬੀਰ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਨਿਯਮਾਂ ਅਨੁਸਾਰ ਬਣਦੀ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਅਤੇ ਕੀਤੀ ਜਾ ਰਹੀ ਕਾਰਵਾਈ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਦਿੱਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਇਹ ਮਾਮਲਾ ਨਵਾਂ ਮੋੜ ਲੈ ਗਿਆ ਹੈ। ਜਿਥੇ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਪ੍ਰਸ਼ਾਸਨ ਨਿਯਮਾਂ ਅਨੁਸਾਰ ਕਦਮ ਚੁੱਕਣ ਦੀ ਗੱਲ ਕਹਿ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਵਿਭਾਗੀ ਜਾਂਚ ਵਿਚ ਕੀ ਨਵੇਂ ਤੱਥ ਸਾਹਮਣੇ ਆਉਂਦੇ ਹਨ ਅਤੇ ਇਸ ਮਾਮਲੇ ਦਾ ਅੰਤਿਮ ਨਤੀਜਾ ਕੀ ਨਿਕਲਦਾ ਹੈ।
ਬਲਜਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਪੀੜਤ ਪਰਿਵਾਰ ਨੇ ਜਾਖਲ-ਪਟਿਆਲਾ ਰੋਡ ਕੀਤਾ ਜਾਮ
NEXT STORY