ਪਟਿਆਲਾ (ਬਿਊਰੋ) : ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲੱਗਣ ਦੇ ਹਾਟਸਪੌਟ ਇਲਾਕਿਆਂ ਵਿੱਚ ਡਰੋਨ ਨਾਲ ਨਜ਼ਰ ਰੱਖੀ ਜਾਵੇਗੀ ਤਾਂ ਕਿ ਜਿਸ ਕਿਸੇ ਵੀ ਖੇਤ ਵਿੱਚ ਅੱਗ ਲਗਣ ਦੀ ਸੰਭਾਵਨਾ ਹੋਵੇ ਜਾਂ ਅੱਗ ਲਗਾਈ ਗਈ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮੌਕੇ 'ਤੇ ਤੁਰੰਤ ਹੀ ਪੁੱਜ ਕੇ ਕਾਰਵਾਈ ਕੀਤੀ ਜਾ ਸਕੇ।
ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਤੇ ਪੁਲਸ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਖੇਤਾਂ ਦਾ ਦੌਰਾ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਹਾਂ-ਪੱਖੀ ਹੁੰਗਾਰਾ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਰੋਨ ਦੀ ਵਰਤੋਂ ਪਾਤੜਾਂ ਤੇ ਘਨੌਰ ਇਲਾਕਿਆਂ ਵਿੱਚ ਕੀਤੀ ਗਈ ਹੈ, ਜਿੱਥੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਦੀ ਮਦਦ ਨਾਲ ਅਸਮਾਨ ਵਿੱਚੋਂ ਖੇਤਾਂ ਦਾ ਜਾਇਜ਼ਾ ਲਿਆ ਗਿਆ। ਜਿੱਥੇ ਕਿਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਤੁਰੰਤ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ: ਮੰਤਰੀ ਬਣ ਕੇ ਵੀ ਨਹੀਂ ਛੱਡੀ ਮਨੁੱਖਤਾ ਦੀ ਸੇਵਾ, ਡਾ. ਬਲਜੀਤ ਕੌਰ ਨੇ ਖ਼ੁਦ ਕੀਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੁੱਛੇ ਜਾਣ 'ਤੇ ਐੱਸ.ਡੀ.ਐੱਮਜ਼. ਤੇ ਡੀ.ਐੱਸ.ਪੀਜ਼ ਵੱਲੋਂ ਦੱਸਿਆ ਗਿਆ ਕਿ ਵੱਖ-ਵੱਖ ਟੀਮਾਂ ਗਸ਼ਤ ਕਰਦੇ ਹੋਏ ਖੇਤਾਂ ਵਿੱਚ ਜਾ ਰਹੀਆਂ ਹਨ। ਪਰਾਲੀ ਸਾੜਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ ਪਾਈ ਜਾ ਰਹੀ ਹੈ ਤੇ ਨਾਲ ਹੀ ਵਾਤਾਵਰਣ ਜੁਰਮਾਨਾ ਵੀ ਲਗਾਇਆ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਪਰਾਲੀ ਨੂੰ ਸਾਂਭਣ ਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ ਤੇ ਸਰਫੇਸ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਾਂਭ ਸਕਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵ੍ਹਾਟਸਐਪ ਚੈਟਬੋਟ- 7380016070 ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ।
ਇਹ ਵੀ ਪੜ੍ਹੋ: ਦੁਸਹਿਰੇ ਦੀ ਆੜ 'ਚ ਫੂਕੀ ਪਰਾਲੀ, ਪੰਜਾਬ ਸਰਕਾਰ ਦੇ ਯਤਨਾਂ ਦਾ ਮਿਲਿਆ ਚੰਗਾ ਨਤੀਜਾ ਪਰ ਚੁਣੌਤੀ ਬਰਕਰਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਪੰਜਾਬ ਦੇ ਇਸ ਜ਼ਿਲ੍ਹੇ 'ਚ ਮੂੰਹ ਢੱਕ ਕੇ ਚੱਲਣ ਤੇ ਦੋਪਹੀਆ ਵਾਹਨ ਚਲਾਉਣ 'ਤੇ ਲੱਗੀ ਪਾਬੰਦੀ
NEXT STORY