ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ 'ਚ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ, ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ ਯੂਬਾਸਿਟੀ ਵਿਖੇ ਵੀ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਇਹ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : '5 ਸਾਲ 'ਚ ਇਕ ਵਾਰ ਹੋਈਆਂ ਚੋਣਾਂ ਤਾਂ 5000 'ਚ ਮਿਲੇਗਾ ਗੈਸ ਸਿਲੰਡਰ, ਕੇਜਰੀਵਾਲ ਦਾ PM ਮੋਦੀ 'ਤੇ ਨਿਸ਼ਾਨਾ
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਵ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਖੇ 14.5 ਏਕੜ ਜ਼ਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਆਰੰਭੀਆਂ ਜਾਣਗੀਆਂ। ਇਸ ਦੇ ਨਾਲ ਹੀ ਪ੍ਰਵਾਸੀ ਸਿੱਖ ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇ ਕਾਰੋਬਾਰੀ ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੀਫੋਰਨੀਆ ਦੇ ਟ੍ਰੇਸੀ ਵਿਖੇ ਵੀ ਸ਼੍ਰੋਮਣੀ ਕਮੇਟੀ ਦਾ ਇਕ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸ ਕੇਂਦਰ ਵਿਖੇ ਅਮਰੀਕਾ, ਕੈਨੇਡਾ ਦੀ ਸੰਗਤ ਵੱਲੋਂ ਪੁੱਜਦੀ ਮੰਗ ਅਨੁਸਾਰ ਪਾਵਨ ਸਰੂਪ ਮੁਹੱਈਆ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਵੀ ਲਗਾਈ ਜਾਵੇਗੀ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024: ਕਾਂਗਰਸ ਵੱਲੋਂ ਚੋਣ ਕਮੇਟੀ ਦਾ ਐਲਾਨ, ਸੋਨੀਆ, ਰਾਹੁਲ, ਖੜਗੇ ਸਣੇ ਇਨ੍ਹਾਂ ਦਿੱਗਜਾਂ ਨੂੰ ਮਿਲੀ ਥਾਂ
ਉਨ੍ਹਾਂ ਦੱਸਿਆ ਇਨ੍ਹਾਂ ਦੋਹਾਂ ਕੇਂਦਰਾਂ 'ਚ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਜਾਣਗੇ ਅਤੇ ਸੰਗਤ ਨੂੰ ਧਾਰਮਿਕ ਸਾਹਿਤ ਵੀ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਸਟ੍ਰੇਲੀਆ ਵਿਖੇ ਸੰਗਤ ਦੀ ਮੰਗ ਅਨੁਸਾਰ ਵਿਸ਼ੇਸ਼ ਬੱਸ 'ਚ ਮਰਯਾਦਾ ਅਨੁਸਾਰ ਸੁਸ਼ੋਭਿਤ ਕਰਕੇ 220 ਪਾਵਨ ਸਰੂਪ ਸੁਮੰਦਰੀ ਜਹਾਜ਼ ਰਾਹੀਂ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਸ਼ਵ ਭਰ ਦੀ ਸੰਗਤ ਵੱਲੋਂ ਪਾਵਨ ਸਰੂਪਾਂ ਦੀ ਵੱਡੀ ਮੰਗ ਦੇ ਮੱਦੇਨਜ਼ਰ ਇਹ ਫ਼ੈਸਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੰਬੀ ਹਲਕੇ ਦੇ ਇਸ ਪਿੰਡ ਵਿੱਚ ਵੀ ਨਸ਼ਾ ਸਮੱਗਲਰ ਦਾ ਘਰ ਸੀਲ ਕਰਨ ਲਈ ਲਾਇਆ ਗਿਆ ਨੋਟਿਸ
ਅੰਤ੍ਰਿੰਗ ਕਮੇਟੀ ਦੇ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਲਾਈਜ਼ ਕੀਤਾ ਜਾਵੇਗਾ ਅਤੇ ਇਸ ਲਾਇਬ੍ਰੇਰੀ ਦੀ ਇਕ ਵੱਖਰੀ ਵੈੱਬਸਾਈਟ ਤਿਆਰ ਕਰਕੇ ਉਸ ’ਤੇ ਅਹਿਮ ਪੁਸਤਕਾਂ ਦੇ ਸਿਰਲੇਖ ਅਤੇ ਤਤਕਰੇ ਨੂੰ ਪਾਇਆ ਜਾਵੇਗਾ। ਇਸ ਦਾ ਮੰਤਵ ਖੋਜਾਰਥੀਆਂ ਨੂੰ ਇਸ ਲਾਇਬ੍ਰੇਰੀ 'ਚ ਪਏ ਸਾਹਿਤਕ ਖਜ਼ਾਨੇ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਲੋੜ ਅਨੁਸਾਰ ਇੱਥੇ ਮੌਜੂਦ ਕਿਤਾਬਾਂ ਨੂੰ ਆਪਣੇ ਖੋਜ ਕਾਰਜਾਂ ਲਈ ਵਰਤ ਸਕਣ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਸੰਨ 1927 ’ਚ ਸਥਾਪਤ ਕੀਤੀ ਗਈ ਸੀ ਅਤੇ ਮੌਜੂਦਾ ਸਮੇਂ ਇਸ ਵਿੱਚ ਵੱਡੀ ਗਿਣਤੀ ਅਹਿਮ ਪੁਸਤਕਾਂ ਦੀ ਵੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
GST ’ਚ ਭਗਵੰਤ ਮਾਨ ਸਰਕਾਰ ਨੇ ਤੋੜਿਆ ਰਿਕਾਰਡ, 28.2 ਫੀਸਦੀ ਦਾ ਵਾਧਾ
NEXT STORY