ਅੰਮ੍ਰਿਤਸਰ, (ਦਲਜੀਤ)- ਡੇਂਗੂ ਦੀ ਬੀਮਾਰੀ ਨੂੰ ਲੈ ਕੇ ਹੁਣ ਪ੍ਰਾਈਵੇਟ ਡਾਕਟਰ ਅਤੇ ਹਸਪਤਾਲ ਮਰੀਜ਼ਾਂ ਦਾ ਘਾਣ ਨਹੀਂ ਕਰ ਸਕਣਗੇ। ਜ਼ਿਲਾ ਪ੍ਰਸ਼ਾਸਨ ਨੇ ਪ੍ਰਾਈਵੇਟ ਹਸਪਤਾਲਾਂ ਤੇ ਡਾਕਟਰਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਜੇਕਰ ਡੇਂਗੂ ਦੇ ਮਰੀਜ਼ ਨੂੰ ਗੁੰਮਰਾਹ ਕੀਤਾ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਡੇਂਗੂ ਦੀ ਰੋਕਥਾਮ ਲਈ ਤਿਆਰ ਹੋ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਡੇਂਗੂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਅੱਜ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਏ. ਡੀ. ਸੀ. ਰਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਿਹਤ ਵਿਭਾਗ, ਨਗਰ ਨਿਗਮ, ਲੋਕਲ ਬਾਡੀਜ਼ ਵਿਭਾਗ, ਪੰਜਾਬ ਰੋਡਵੇਜ਼, ਸਿੱਖਿਆ ਵਿਭਾਗ, ਪਾਣੀ ਸਪਲਾਈ ਅਤੇ ਸੈਨੀਟੇਸ਼ਨ, ਆਈ. ਐੱਮ. ਏ., ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ।
ਏ. ਡੀ. ਸੀ. ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰਨਗੇ, ਜਿਸ ਨਾਲ ਜ਼ਿਲੇ ਵਿਚ ਡੇਂਗੂ ਦੇ ਫੈਲਣ ਨੂੰ ਹਰ ਹਾਲ 'ਚ ਰੋਕਿਆ ਜਾਵੇ। ਸ਼ਹਿਰ ਵਿਚ ਮੱਛਰ ਵੱਧ ਫੈਲੇ ਹੋਣ ਕਾਰਨ ਸ਼ਹਿਰੀ ਆਬਾਦੀ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਡੇਂਗੂ ਦੇ ਲੱਛਣ ਅਤੇ ਬਚਾਅ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕਰੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲੇ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆ ਤੇ ਸਵਾਈਨ ਫਲੂ ਵਰਗੀਆਂ ਬੀਮਾਰੀਆਂ ਦੇ ਪੀੜਤ ਮਰੀਜ਼ਾਂ ਦੀ ਜਾਣਕਾਰੀ ਰੱਖੀ ਜਾਵੇ, ਜਿਸ ਨਾਲ ਸਮੇਂ 'ਤੇ ਅਜਿਹੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਲਈ ਵੀ ਇਹ ਲਾਜ਼ਮੀ ਹੈ ਕਿ ਉਹ ਆਪਣੇ ਹਸਪਤਾਲ ਵਿਚ ਇਲਾਜ ਲਈ ਆਏ ਹਰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਸਵਾਈਨ ਫਲੂ ਦੇ ਮਰੀਜ਼ਾਂ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦੇਣ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਇਨ੍ਹਾਂ ਬੀਮਾਰੀਆਂ ਦਾ ਇਲਾਜ ਅਤੇ ਸਾਰੇ ਟੈਸਟ ਕਰਨ ਦੀ ਸਹੂਲਤ ਉਪਲਬਧ ਹੈ, ਜੇਕਰ ਕੋਈ ਨਿੱਜੀ ਹਸਪਤਾਲ ਅਜਿਹੇ ਮਰੀਜ਼ਾਂ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਨਹੀਂ ਦਿੰਦਾ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਿਵਲ ਸਰਜਨ ਨੂੰ ਹਦਾਇਤ ਦਿੱਤੀ ਕਿ ਸੂਚਨਾ ਨਾ ਦੇਣ ਵਾਲੇ ਨਿੱਜੀ ਹਸਪਤਾਲਾਂ ਖਿਲਾਫ ਮੈਡੀਕਲ ਕੌਂਸਲ ਆਫ ਇੰਡੀਆ ਨੂੰ ਉਨ੍ਹਾਂ ਵੱਲੋਂ ਹਸਪਤਾਲਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਲਈ ਲਿਖਿਆ ਜਾਵੇ।
ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲ 'ਚ ਮੁਫਤ : ਜ਼ਿਲਾ ਮਲੇਰੀਆ ਅਧਿਕਾਰੀ ਡਾ. ਮਦਨ ਮੋਹਨ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਜੇਕਰ ਕੋਈ ਵੀ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਸ ਦਾ ਟੈਸਟ ਬਿਲਕੁਲ ਮੁਫਤ ਸਰਕਾਰੀ ਮੈਡੀਕਲ ਕਾਲਜ ਦੀ ਲੈਬ ਵਿਚ ਕੀਤਾ ਜਾਂਦਾ ਹੈ। ਪਾਜ਼ੇਟਿਵ ਕੇਸ ਹੋਣ ਦੀ ਸੂਰਤ ਵਿਚ ਸਰਕਾਰੀ ਹਸਪਤਾਲ ਵਿਚ ਦਵਾਈ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ, ਜਦੋਂਕਿ ਇਸ ਦੇ ਉਲਟ ਪ੍ਰਾਈਵੇਟ ਡਾਕਟਰ ਮਰੀਜ਼ਾਂ ਦੀ ਇਸ ਹਾਲਤ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ ਅਤੇ ਟੈਸਟ ਦੇ 5000 ਰੁਪਏ ਤੋਂ ਲੈ ਕੇ 6000 ਰੁਪਏ ਤੱਕ ਵਸੂਲ ਕਰ ਰਹੇ ਹਨ ਅਤੇ ਦਵਾਈ ਦਾ ਇਕ ਪੱਤਾ ਕਰੀਬ 500 ਰੁਪਏ ਵਿਚ ਵੇਚ ਰਹੇ ਹਨ। ਉਨ੍ਹਾਂ ਨੇ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ 'ਚ ਸਿਹਤ ਵਿਭਾਗ ਦੀ ਮਦਦ ਕੀਤੀ ਜਾਵੇ ਅਤੇ ਜਿਥੇ ਵੀ ਕੋਈ ਸ਼ੱਕੀ ਮਰੀਜ਼ ਉਨ੍ਹਾਂ ਦੇ ਸੰਪਰਕ ਵਿਚ ਆਉਂਦਾ ਹੈ ਤਾਂ ਉਸ ਨੂੰ ਸਿਰਫ ਸਰਕਾਰੀ ਹਸਪਤਾਲ ਵਿਚ ਹੀ ਇਲਾਜ ਲਈ ਭੇਜਿਆ ਜਾਵੇ।
ਡੇਂਗੂ ਦਾ ਮੱਛਰ ਕੱਟਦਾ ਹੈ ਸਵੇਰ-ਸ਼ਾਮ : ਡਾ. ਮਦਨ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਜੋ ਪਾਣੀ 7 ਦਿਨ ਤੱਕ ਖੜ੍ਹਾ ਰਹੇ, ਉਥੇ ਮੱਛਰ ਤਿਆਰ ਹੋ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਸਾਨੂੰ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ 'ਤੇ ਪਏ ਫਾਲਤੂ ਸਾਮਾਨ ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ੍ਹਾ ਹੋ ਸਕਦਾ ਹੈ, ਨੂੰ ਸਾਫ਼ ਕਰਦੇ ਰਹੋ। ਇਸ ਤੋਂ ਇਲਾਵਾ ਹਰ ਹਫ਼ਤੇ ਕੂਲਰ, ਗਮਲਿਆਂ ਜਾਂ ਬੂਟੇ ਲਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਬਦਲਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਦੇ ਮੁਕਾਬਲੇ ਵੱਡਾ ਅਤੇ ਸਰੀਰ 'ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ 'ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ 'ਤੇ ਹੁੰਦਾ ਹੈ। ਇਸ ਮੌਕੇ ਨਿਗਮ ਦੇ ਸਿਹਤ ਅਧਿਕਾਰੀ ਡਾ. ਰਾਜੂ ਚੌਹਾਨ ਵੀ ਮੌਜੂਦ ਸਨ।
ਬੱਲੂਆਣਾ ਰੇਲਵੇ ਸਟੇਸ਼ਨ ਤੇ ਸ਼ੇਰਗੜ੍ਹ ਅਗਨੀਕਾਂਡ ਦੇ ਦੋਸ਼ੀ ਭੇਜੇ ਜੇਲ, ਇਕ ਰਿਮਾਂਡ 'ਤੇ
NEXT STORY