ਜਲੰਧਰ (ਧਵਨ) - ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਨੇ ਵੀ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੱਲ ਕੈਬਨਿਟ ਵੱਲੋਂ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਪਾਸ ਕੀਤੇ ਪ੍ਰਸਤਾਵ ਦੀ ਖੂਬ ਸ਼ਲਾਘਾ ਕੀਤੀ ਹੈ। ਪ੍ਰਿਯੰਕਾ ਗਾਂਧੀ ਨੇ ਆਪਣੀ ਫੇਸਬੁੱਕ 'ਤੇ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਂਝੀ ਤਸਵੀਰ ਲਾਉਂਦੇ ਹੋਏ ਲਿਖਿਆ ਹੈ ਕਿ ਪੰਜਾਬ ਨੂੰ ਡਰੱਗਸ ਮੁਕਤ ਕਰਨ ਦੀ ਦਿਸ਼ਾ 'ਚ ਪੰਜਾਬ ਕਾਂਗਰਸ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਲਿਆ ਹੈ। ਪ੍ਰਿਯੰਕਾ ਗਾਂਧੀ ਨੇ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੇ ਫੰਦੇ 'ਤੇ ਲਟਕਾਉਣ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਜੋ ਕਿਹਾ ਸੀ, ਉਹ ਕਰ ਕੇ ਵਿਖਾ ਦਿੱਤਾ ਹੈ। ਉਨ੍ਹਾਂ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਆਪਣੇ ਵਾਅਦੇ ਨੂੰ ਪੂਰਾ ਕਰ ਦਿੱਤਾ ਪਰ ਦੂਜੇ ਪਾਸੇ ਇਕ ਅਜਿਹੀ ਸਰਕਾਰ ਵੀ ਹੈ ਜੋ ਜੁਮਲਿਆਂ 'ਚ ਫਸੀ ਹੋਈ ਹੈ। ਪ੍ਰਿਯੰਕਾ ਦੇ ਕਹਿਣ ਦਾ ਭਾਵ ਇਹ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ ਜੁਮਲੇ ਹੀ ਕਰ ਰਹੀ ਹੈ। ਉਸ ਨੇ ਅਮਲੀ ਤੌਰ 'ਤੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਕੋਈ ਕਦਮ ਨਹੀਂ ਚੁੱਕਿਆ। ਦੂਜੇ ਪਾਸੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਕੈਪਟਨ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਪਾਸ ਕੀਤੇ ਗਏ ਪ੍ਰਸਤਾਵ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਕੇਂਦਰ ਦੀ ਮੋਦੀ ਸਰਕਾਰ ਨੂੰ ਤੁਰੰਤ ਇਸ ਨੂੰ ਲਾਗੂ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਛੇੜੀ ਗਈ ਮੁਹਿੰਮ ਨੂੰ ਆਖਰੀ ਮੁਕਾਮ ਤੱਕ ਪਹੁੰਚਾਉਣ 'ਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।
ਨਸ਼ਿਆਂ ਸਬੰਧੀ ਗੇਂਦ ਹੁਣ ਮੋਦੀ ਸਰਕਾਰ ਦੇ ਪਾਲੇ 'ਚ ਆਈ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਸਰਕਾਰ ਦੇ ਹਿੰਮਤੀ ਫੈਸਲੇ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਹੁਣ ਗੇਂਦ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਪਾਲੇ 'ਚ ਆ ਗਈ ਹੈ। ਉਸ ਨੂੰ ਹੁਣ ਐੱਨ. ਡੀ. ਪੀ. ਸੀ. ਐਕਟ 'ਚ ਸੋਧ ਕਰਨ ਦੇ ਕੈਪਟਨ ਸਰਕਾਰ ਦੇ ਪ੍ਰਸਤਾਵ ਨੂੰ ਪਾਸ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਸ਼ਿਆਂ 'ਤੇ ਰੋਕ ਲਾਉਣ ਅਤੇ ਉਸ ਨੂੰ ਜੜ੍ਹ ਤੋਂ ਖਤਮ ਕਰਨ ਦੇ ਮਾਮਲੇ 'ਚ ਪੂਰੇ ਦੇਸ਼ ਨੂੰ ਇਕ ਨਵੀਂ ਦਿਸ਼ਾ ਦੇ ਦਿੱਤੀ ਹੈ। ਸਿਆਸੀ ਹਲਕਿਆਂ 'ਚ ਵੀ ਹੁਣ ਇਹ ਬਹਿਸ ਸ਼ੁਰੂ ਹੋ ਗਈ ਹੈ ਕਿ ਕੈਪਟਨ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਨੂੰ ਫਾਂਸੀ ਦੇਣ ਦੇ ਪਾਸ ਕੀਤੇ ਗਏ ਪ੍ਰਸਤਾਵ ਤੋਂ ਬਾਅਦ ਹੁਣ ਕੇਂਦਰ ਦੀ ਭਾਜਪਾ ਸਰਕਾਰ ਵੀ ਫਸ ਗਈ ਹੈ। ਉਹ ਇਸ ਪ੍ਰਸਤਾਵ ਨੂੰ ਜੇਕਰ ਵਾਪਸ ਕਰਦੀ ਹੈ ਤਾਂ ਇਸ ਨਾਲ ਉਸ ਦੀ ਕਾਰਜ ਪ੍ਰਣਾਲੀ 'ਤੇ ਹੀ ਉਂਗਲੀਆਂ ਉੱਠਣੀਆਂ ਸ਼ੁਰੂ ਹੋ ਜਾਣਗੀਆਂ। ਜੇਕਰ ਉਹ ਪ੍ਰਸਤਾਵ ਨੂੰ ਪਾਸ ਕਰਦੀ ਹੈ ਤਾਂ ਵੀ ਕੈਪਟਨ ਸਰਕਾਰ ਨੂੰ ਹੀ ਇਸ ਦਾ ਸਿਹਰਾ ਮਿਲੇਗਾ।
6 ਸਾਲ ਪਹਿਲਾਂ ਗੁੰਮ ਹੋਇਆ ਬੱਚਾ ਕੀਤਾ ਮਾਪਿਆਂ ਹਵਾਲੇ
NEXT STORY