ਅੰਮ੍ਰਿਤਸਰ : ਭਾਜਪਾ ਦੇ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸਰਚਾਂਦ ਸਿੰਘ ਨੇ ਚਿੰਤਾ ਅਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਸਖ਼ਤ ਲਹਿਜੇ ਵਿਚ ਕਿਹਾ ਕਿ ਬੇਅਦਬੀ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਦੀ ਅਣਗਹਿਲੀ ਅਤੇ ਸਬੰਧਿਤ ਦੋਸ਼ੀਆਂ ਨੂੰ ਸਜ਼ਾ ਦੇਣ ’ਚ ਗੰਭੀਰਤਾ ਦੀ ਘਾਟ ਦਾ ਨਤੀਜਾ ਹੈ।
ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਲੋਕਾਂ ਨੂੰ ਕੀਤੀ ਅਪੀਲ, ਜਾਣੋ ਕੀ ਕਿਹਾ
ਸਾਡੇ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਇਕ ਵਿਅਕਤੀ ਜੋੜਿਆਂ ਸਮੇਤ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਖੁੱਲ੍ਹੇਆਮ ਅਪਮਾਨ ਕਰਦਾ ਹੈ ਅਤੇ ਅਖੰਡ ਪਾਠ ਕਰਨ ਵਾਲੇ ਪਾਠੀ ਸਿੰਘ ਨਾਲ ਕੁੱਟਮਾਰ ਕਰਦਾ ਹੈ। ਦੋਸ਼ੀਆਂ ਪ੍ਰਤੀ ਸਰਕਾਰ ਦੀ ਗੰਭੀਰਤਾ ਨਾ ਹੋਣ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਨਿਡਰ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਸਿੱਖਾਂ ਦੇ ਹਿਰਦੇ ਵਾਰ-ਵਾਰ ਵਲੂੰਧਰ ਰਹੇ ਹਨ। ਪ੍ਰੋ. ਸਰਚਾਂਦ ਸਿੰਘ ਨੇ ਸਿੱਖਾਂ ਦੀ ਮੁੱਖ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੀ ਸੂਬਾ ਸਰਕਾਰ ਵਾਂਗ ਡੂੰਘੀਆਂ ਸਾਜ਼ਿਸ਼ਾਂ ਅਤੇ ਘਟਨਾਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਘਟਨਾ ’ਤੇ ਸੁਖਬੀਰ ਬਾਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਹੀਆਂ ਇਹ ਗੱਲਾਂ
ਭਾਜਪਾ ਆਗੂ ਨੇ ਸੂਬਾ ਸਰਕਾਰ ਨੂੰ ਬੇਅਦਬੀ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਮਾਹੌਲ ਵਿਗੜ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਲੋੜ ਪੈਣ ’ਤੇ ਸਖ਼ਤ ਕਾਨੂੰਨ ਲਿਆਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੂਹ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨਾਲ ਸਬੰਧਤ ਸਿੱਖ ਆਗੂਆਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਮੀਟਿੰਗਾਂ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਜੋ ਲਗਾਤਾਰ ਹੋ ਰਹੀਆਂ ਸਾਜ਼ਿਸ਼ਾਂ ਅਤੇ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਪਵਿੱਤਰ ਗੁਰਬਾਣੀ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ-ਨਾਲ ਭਵਿੱਖ ਵਿਚ ਸ਼ਰਾਰਤੀ ਅਨਸਰਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਹੈ।
ਉਥੇ ਹੀ ਅਰੁਣਾਚਲ ਪ੍ਰਦੇਸ਼ ਵਿਚ ਗੁਰਦੁਆਰਾ ਸਾਹਿਬ ਨੂੰ ਬੌਧ ਧਰਮ ਅਸਥਾਨ ਵਿਚ ਤਬਦੀਲ ਕਰਨ ਦੀਆਂ ਖ਼ਬਰਾਂ ’ਤੇ ਪ੍ਰੋ. ਸਰਚਾਂਦ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਮੇਚੂਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਤੀਰਥ ਅਸਥਾਨ ਨੂੰ ਬੌਧ ਤੀਰਥ ਅਸਥਾਨ ਵਿਚ ਤਬਦੀਲ ਕਰਨ ਦੇ ਮਾਮਲੇ ਨੂੰ ਕੌਮੀ ਘੱਟਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਨੇ ਗੰਭੀਰਤਾ ਨਾਲ ਲਿਆ ਹੈ। ਲਾਲਪੁਰਾ ਨੇ ਸਿੱਖ ਕੌਮ ਨਾਲ ਸਬੰਧਤ ਇਸ ਸੰਵੇਦਨਸ਼ੀਲ ਅਤੇ ਗੰਭੀਰ ਮਾਮਲੇ ਦੀ ਤਹਿ ਤੱਕ ਜਾਣ ਅਤੇ ਇਸ ਦੇ ਹੱਲ ਲਈ ਅਰੁਣਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਤੋਂ ਤੁਰੰਤ ਰਿਪੋਰਟ ਮੰਗਣ ਦਾ ਭਰੋਸਾ ਦਿੱਤਾ ਹੈ। ਮੀਡੀਆ ਵਿਚ ਉਕਤ ਮਾਮਲੇ ਦੀ ਚਰਚਾ ਤੋਂ ਬਾਅਦ ਪ੍ਰੋ. ਸਰਚਾਂਦ ਸਿੰਘ ਨੇ ਕੇਂਦਰ ਸਰਕਾਰ ਨੂੰ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਤੀਰਥ ਅਸਥਾਨ ਨੂੰ ਬੌਧ ਧਰਮ ਅਸਥਾਨ ਵਿਚ ਤਬਦੀਲ ਕੀਤੇ ਜਾਣ ਦੀਆਂ ਖ਼ਬਰਾਂ ਨੇ ਮੇਚੂਕਾ ਦੇ ਸਿੱਖਾਂ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ ਨੂੰ ਦੂਜੇ ਧਰਮ ਦੇ ਅਸਥਾਨ ਵਿਚ ਬਦਲਣਾ ਨੈਤਿਕ ਅਤੇ ਸੰਵਿਧਾਨਕ ਉਲੰਘਣਾ ਹੈ।
ਮੋਰਿੰਡਾ ਬੇਅਦਬੀ ਘਟਨਾ ਸਬੰਧੀ ਸ਼੍ਰੋਮਣੀ ਕਮੇਟੀ ਨੇ ਲੋਕਾਂ ਨੂੰ ਕੀਤੀ ਅਪੀਲ, ਜਾਣੋ ਕੀ ਕਿਹਾ
NEXT STORY