ਭਗਤਾ ਭਾਈ(ਢਿੱਲੋਂ)- 7 ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਤੋਂ ਪਟਿਆਲਾ ਦੇ ਮੋਤੀ ਮਹਿਲ ਅੱਗੇ ਸ਼ੁਰੂ ਕੀਤੇ ਜਾਣ ਵਾਲੇ ਦਿਨ-ਰਾਤ ਪੰਜ ਰੋਜ਼ਾ ਕਰਜ਼ਾ ਮੁਕਤੀ ਮੋਰਚੇ ਦੀਆਂ ਜ਼ੋਰਦਾਰ ਤਿਆਰੀਆਂ ਤੋਂ ਬੌਖਲਾਹਟ ਵਿਚ ਆਈ ਕੈਪਟਨ ਸਰਕਾਰ ਦੇ ਇਸ਼ਾਰੇ 'ਤੇ ਪੁਲਸ ਵੱਲੋਂ ਬੀਤੀ ਰਾਤ ਪਿੰਡ ਕੋਠਾ ਗੁਰੂ ਵਿਖੇ ਛਾਪੇਮਾਰੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਫੂਲ-ਭਗਤਾ ਵੱਲੋਂ ਪਿੰਡ ਕੋਠਾ ਗੁਰੂ ਵਿਖੇ ਕਿਸਾਨ ਆਗੂ ਬਸੰਤ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ-ਮਜ਼ਦੂਰਾਂ ਤੇ ਔਰਤਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਠਾਗੂ ਬਸੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਅਤੇ ਕਿਸਾਨ ਮੋਰਚੇ ਨੂੰ ਤਾਰਪੀਡੋ ਕਰਨ ਦੀ ਕੋਝੀ ਚਾਲ ਚੱਲ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ 22 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਧਰਨੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਸਮੇਂ ਮਜ਼ਦੂਰ ਆਗੂ ਤੀਰਥ ਸਿੰਘ ਅਤੇ ਬਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਪਿੰਡ ਲਹਿਰਾ ਖਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 22 ਸਤੰਬਰ ਪਟਿਆਲਾ ਦੇ ਧਰਨੇ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਿਸਾਨਾਂ ਦੀਆਂ ਪੁਲਸ ਵੱਲੋਂ ਗ੍ਰਿਫਤਾਰੀਆਂ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਸਮੇਂ ਸੰਤੋਖ ਸਿੰਘ ਲਹਿਰਾ ਖਾਨਾ ਕਿਸਾਨ ਆਗੂ ਤੇ ਕਰਮਜੀਤ ਕੌਰ ਇਸਤਰੀ ਵਿੰਗ ਜ਼ਿਲਾ ਆਗੂ ਨੇ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਹਰ ਹਾਲ 'ਚ ਕਿਸਾਨੀ ਮੰਗਾਂ ਦੇ ਹੱਲ ਲਈ 5 ਰੋਜ਼ਾ ਧਰਨੇ ਦਿੱਤੇ ਜਾਣਗੇ। ਸੂਬੇ ਦੇ ਕਿਸਾਨ ਸਰਕਾਰਾਂ ਦੀਆਂ ਨਾਕਾਮੀਆਂ ਕਰ ਕੇ ਖੁਦਕੁਸ਼ੀਆਂ ਕਰ ਰਹੇ ਹਨ। ਇਸ ਸਮੇਂ ਕਿਸਾਨਾਂ-ਮਜ਼ਦੂਰਾਂ ਨੇ ਪਿੰਡ 'ਚੋਂ ਧਰਨੇ ਦੀ ਤਿਆਰੀ ਲਈ ਰਾਸ਼ਨ ਇਕੱਠਾ ਕੀਤਾ।
ਗਲਤ ਤਰੀਕੇ ਨਾਲ ਕੰਮ ਕਰਨ ਵਾਲੇ ਅਸ਼ਟਾਮ ਫਰੋਸ਼ ਦਾ ਲਾਇਸੰਸ ਰੱਦ
NEXT STORY