ਬਠਿੰਡਾ(ਸੁਖਵਿੰਦਰ)-ਥਰਮਲ ਪਲਾਂਟ ਨੂੰ ਬੰਦ ਕਰਨ ਅਤੇ ਕੰਟਰੈਕਟ ਵਰਕਰਾਂ ਦੀ ਛਾਂਟੀ ਕਰਨ ਦੇ ਵਿਰੋਧ 'ਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਗੇਟ ਰੈਲੀ ਕਰ ਕੇ ਸਰਕਾਰ ਅਤੇ ਪਾਵਰਕਾਮ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਕਾਰਵਾਈ ਨੂੰ ਅੱਗੇ ਤੋਰਦਿਆਂ 28 ਕੰਟਰੈਕਟ ਵਰਕਰਾਂ ਦੀ ਛਾਂਟੀ ਕਰਨ ਲਈ ਸੂਚੀ ਜਾਰੀ ਕੀਤੀ ਗਈ ਹੈ। ਇਸ ਖਿਲਾਫ਼ ਥਰਮਲ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਉਕਤ ਕਾਰਵਾਈ ਖਿਲਾਫ਼ 7 ਨਵੰਬਰ ਨੂੰ ਪਟਿਆਲਾ ਵਿਖੇ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਯੂਨੀਅਨ ਆਗੂਆਂ ਦੀ ਸੀ. ਐੱਮ. ਡੀ. ਨਾਲ ਹੋਈ ਮੀਟਿੰਗ ਦੌਰਾਨ ਥਰਮਲ ਮੁਲਾਜ਼ਮਾਂ ਦੀ ਛਾਂਟੀ ਨਾ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ। ਉਨ੍ਹਾਂ ਫੈਸਲਾ ਕੀਤਾ ਸੀ ਕਿ ਥਰਮਲ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਬਜਾਏ ਸ਼ਹਿਰ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਹੀ ਰੁਜ਼ਗਾਰ ਦਿੱਤਾ ਜਾਵੇਗਾ ਪਰ ਪਾਵਰਕਾਮ ਦੇ ਅਧਿਕਾਰੀ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਜਨਰਲ ਸੈਕਟਰੀ ਵਿਜੇ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕੱਢਣ ਦੇ ਹੁਕਮਾਂ 'ਤੇ ਰੋਕ ਨਾ ਲਾਈ ਗਈ ਤਾਂ ਉਹ ਪਰਿਵਾਰਾਂ ਸਮੇਤ ਸੜਕਾਂ 'ਤੇ ਉਤਰਨਗੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਜਾਣ ਨਾਲ ਸੈਂਕੜੇ ਪਰਿਵਾਰਾਂ ਨੂੰ ਆਪਣਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਵੱਲੋਂ ਉਕਤ ਐਕਸ਼ਨ ਨੂੰ ਨਾ ਰੋਕਿਆ ਗਿਆ ਤੇ ਸਰਕਾਰ ਅਤੇ ਪਾਵਰਕਾਮ ਵੱਲੋਂ ਥਰਮਲ 'ਚ ਕੰਮ ਕਰਦੇ ਵਰਕਰਾਂ ਦੀ ਛਾਂਟੀ ਕੀਤੀ ਗਈ ਤਾਂ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਖਿਲਾਫ ਸ਼ਹਿਰਾਂ ਅਤੇ ਪਿੰਡ 'ਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
ਚੋਰਾਂ ਤੋੜੇ 5 ਦੁਕਾਨਾਂ ਦੇ ਤਾਲੇ, ਨਕਦੀ ਤੇ ਸਾਮਾਨ ਚੋਰੀ
NEXT STORY