ਬਠਿੰਡਾ(ਸੁਖਵਿੰਦਰ)-ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪੰਜਾਬ ਸਰਕਾਰ ਵੱਲੋਂ ਲਏ ਗਏ ਬੰਦ ਕਰਨ ਦੇ ਫੈਸਲੇ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਰਿਵਾਰਾਂ ਸਮੇਤ ਪਿਛਲੇ 6 ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਮੁਲਾਜ਼ਮਾਂ ਦੇ ਬੱਚੇ ਕੜਾਕੇ ਦੀ ਠੰਡ ਕਾਰਨ ਬੀਮਾਰ ਹੋਣ ਲੱਗੇ ਹਨ। ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਲਾਜ਼ਮ ਤੇ ਉਨ੍ਹਾਂ ਦੇ ਪਰਿਵਾਰ ਧਰਨੇ ਵਿਚ ਲਗਾਤਾਰ ਬੈਠੇ ਹੋਏ ਹਨ ਤੇ ਠੰਡ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋਣ ਲੱਗੀ ਹੈ। ਪਤਾ ਲੱਗਾ ਹੈ ਕਿ ਇਕ ਢਾਈ ਸਾਲਾ ਬੱਚੀ ਨਿਸ਼ਾ ਪੁੱਤਰੀ ਰਮੇਸ਼ ਕੁਮਾਰ ਅਤੇ 11 ਸਾਲਾ ਬੱਚੀ ਖੁਸ਼ੀ ਪੁੱਤਰੀ ਰਾਮਬਰਨ ਦੀ ਸਿਹਤ ਠੰਡ ਕਾਰਨ ਖਰਾਬ ਹੋ ਗਈ, ਜਿਨ੍ਹਾਂ ਦੀ ਡਾਕਟਰੀ ਜਾਂਚ ਕਰਵਾਉਣੀ ਪਈ। ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ। ਇਹੀ ਨਹੀਂ ਠੰਡ ਕਾਰਨ ਮੁਲਾਜ਼ਮ ਦਰਸ਼ਨ ਸਿੰਘ ਵੀ ਬੀਮਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਬੀਮਾਰ ਬੱਚਿਆਂ ਜਾਂ ਮੁਲਾਜ਼ਮਾਂ ਨੂੰ ਕੋਈ ਮੈਡੀਕਲ ਸੁਵਿਧਾ ਮੁਹੱਈਆ ਨਹੀਂ ਕਰਵਾਈ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਖੇਤਰ ਦੇ ਵੱਖ-ਵੱਖ ਸਹਿਯੋਗੀ ਸੰਗਠਨਾਂ ਵੱਲੋਂ ਥਰਮਲ ਮੁਲਾਜ਼ਮਾਂ ਦੇ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ ਜਾ ਰਿਹਾ ਹੈ, ਜਦਕਿ ਆਮ ਲੋਕ ਵੀ ਧਰਨੇ ਲਈ ਰਾਸ਼ਨ ਤੇ ਨਕਦ ਸਹਾਇਤਾ ਦੇ ਰਹੇ ਹਨ।
ਸੰਘਰਸ਼ ਜਾਰੀ ਰੱਖਣ ਦਾ ਐਲਾਨ
ਥਰਮਲਜ਼ ਕੰਟ੍ਰੈਕਟ ਵਰਕਰਸ ਕੋਆਰਡੀਨੇਸ਼ਨ ਕਮੇਟੀ ਦੀ ਅਗਵਾਈ ਵਿਚ ਆਯੋਜਿਤ ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਸੰਗਠਨ ਆਗੂਆਂ ਅਸ਼ਵਨੀ ਕੁਮਾਰ, ਵਿਜੇ ਕੁਮਾਰ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਜਗਸੀਰ ਸਿੰਘ ਭੰਗੂ ਆਦਿ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਦੌਰਾਨ ਪਾਵਰਕਾਮ ਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਚਿਮਨ ਲਾਲ, ਟੀ. ਐੱਸ. ਯੂ. ਭੰਗਲ ਦੇ ਸੂਬਾ ਪ੍ਰਧਾਨ ਭਰਪੂਰ ਸਿੰਘ, ਭਾਕਿਯੂ ਏਕਤਾ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੰਦੀਪ ਸਿੰਘ, ਅਮਿਤ ਬਾਂਸਲ, ਐਗਰੀਕਲਚਰ ਯੂਨੀਅਨ, ਤਾਲਮੇਲ ਕਮੇਟੀ ਗੁਰਨਾਮ ਸਿੰਘ ਖਿਆਲੀਵਾਲਾ, ਰਘੁਬੀਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।
ਮੁੱਖ ਮੰਤਰੀ ਦਾ ਕਰਜ਼ਾ ਮੁਆਫ਼ੀ ਸਮਾਰੋਹ ਮਾਨਸਾ ਲਈ ਬਣਿਆ ਸਿਆਸੀ ਅਖਾੜਾ
NEXT STORY