ਸੰਗਰੂਰ(ਬੇਦੀ)—ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੇ ਵਿਰੋਧ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਵਾਅਦਾ ਖਿਲਾਫੀ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮੇਤ ਪੰਜਾਬ ਦੀਆਂ 7 ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ । ਪਿੰਡ ਲਿੱਦੜਾਂ ਵਿਖੇ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਪ੍ਰਧਾਨ ਸ਼ਿਆਮ ਦਾਸ ਕਾਂਝਲੀ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ-ਮਜ਼ਦੂਰ ਮੰਦਹਾਲੀ ਦੇ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਸਰਕਾਰ ਨੇ ਇਨ੍ਹਾਂ ਦੋਵਾਂ ਵਰਗਾਂ ਨੂੰ ਅੱਖੋਂ-ਪਰੋਖੇ ਕੀਤਾ ਹੋਇਆ ਹੈ । ਕੇਂਦਰ ਸਰਕਾਰ ਨੇ ਬਜਟ ਵਿਚ ਇਕ ਵੀ ਨੀਤੀ ਜਾਂ ਫੈਸਲਾ ਕਿਸਾਨਾਂ ਦੇ ਹਿੱਤ ਵਿਚ ਨਹੀਂ ਲਿਆ। ਇਸ ਤੋਂ ਉਲਟ ਵੱਡੇ ਸਨਅਤੀ ਘਰਾਣਿਆਂ ਨੂੰ ਅੱਗੇ ਰੱਖਿਆ ਹੈ । ਇਸ ਮੌਕੇ ਕੁਲਵੰਤ ਸਿੰਘ, ਰਤਨ ਸਿੰਘ, ਧੰਨਾ ਸਿੰਘ, ਚਤਰ ਸਿੰਘ ਹਰੇੜੀ, ਮਹਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਹਾਜ਼ਰ ਸਨ । ਭਾਕਿਯੂ ਏਕਤਾ ਉਗਰਾਹਾਂ ਬਲਾਕ ਧੂਰੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗਵਾਈ 'ਚ ਪਿੰਡ ਧੂਰੀ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਬਜਟ ਪੇਸ਼ ਕੀਤਾ ਹੈ, ਉਸ 'ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਧੇਲਾ ਵੀ ਨਹੀਂ ਰੱਖਿਆ ਸਗੋਂ ਕਾਰਪੋਰੇਟ ਘਰਾਣਿਆਂ ਲਈ ਅਰਬਾਂ ਰੁਪਏ ਰੱਖੇ ਗਏ ਹਨ। ਦੂਜੇ ਪਾਸੇ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ 'ਚੋਂ ਇਕ ਵੀ ਪੂਰਾ ਨਹੀਂ ਕੀਤਾ। ਇਸ ਮੌਕੇ ਜ਼ਿਲੇ ਦੇ ਵਿੱਤ ਸਕੱਤਰ ਕ੍ਰਿਪਾਲ ਸਿੰਘ ਧੂਰੀ, ਇਕਾਈ ਪ੍ਰਧਾਨ ਸੰਦੀਪ ਸਿੰਘ ਸੋਨੀ, ਕਰਨੈਲ ਸਿੰਘ ਖਜ਼ਾਨਚੀ, ਰਾਮ ਸਿੰਘ ਜਨਰਲ ਸਕੱਤਰ, ਮੈਂਬਰ ਦਰਸ਼ਨ ਸਿੰਘ, ਬਲਵੀਰ ਕੌਰ, ਗਗਨਦੀਪ ਕੌਰ, ਲਾਭ ਕੌਰ ਆਦਿ ਹਾਜ਼ਰ ਸਨ।
ਛੇਵੇਂ ਦਿਨ ਵੀ ਕਿਸਾਨਾਂ ਵੱਲੋਂ ਬਜਟ ਵਿਰੋਧੀ ਮੁਜ਼ਾਹਰੇ
NEXT STORY