ਸੰਗਤ ਮੰਡੀ(ਮਨਜੀਤ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫੈਸਲੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸਥਾਨਕ ਮੰਡੀ ਤੇ ਪਿੰਡ ਪਥਰਾਲਾ ਵਿਖੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕ ਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬਲਾਕ ਸੰਗਤ ਦੀ ਪ੍ਰਧਾਨ ਲਾਭ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਯੂਨੀਅਨ ਵਲੋਂ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਧਰਨੇ-ਮੁਜ਼ਾਹਰੇ ਕੀਤੇ ਜਾ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਵਲੋਂ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਲੀ ਪੈਟਰਨ 'ਤੇ ਮਾਣਾ-ਭੱਤਾ ਦਿੱਤਾ ਜਾਵੇ, ਸੈਂਟਰਾਂ ਦੇ ਰਹਿੰਦੇ ਬਕਾਏ ਨੂੰ ਤੁਰੰਤ ਜਾਰੀ ਕੀਤਾ ਜਾਵੇ, ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਸੈਂਟਰਾਂ 'ਚ ਭੇਜਿਆ ਜਾਵੇ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨੇ-ਮੁਜ਼ਾਹਰੇ ਜਾਰੀ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਲਾਭ ਕੌਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ, ਸਰਕਲ ਪ੍ਰਧਾਨ ਵੀਰਪਾਲ ਕੌਰ, ਸੋਨੂੰ ਸੰਗਤ, ਜਸਵੀਰ ਕੌਰ ਬਾਂਡੀ, ਸੁਖਪਾਲ ਕੌਰ ਸੰਗਤ ਕਲਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ।
ਨਸ਼ੇ ਵਾਲੀਆਂ ਗੋਲੀਆਂ ਸਣੇ 3 ਗ੍ਰਿਫਤਾਰ
NEXT STORY