ਬਠਿੰਡਾ(ਸੁਖਵਿੰਦਰ)-ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਆਂਗਣਵਾਂੜੀ ਮੁਲਾਜ਼ਮਾਂ ਵੱਲੋਂ ਆਲ ਪੰਜਾਬ ਆਂਗਣਵਾਂੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਰਾਮਬਾਗ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਇਲਾਵਾ ਮੁਲਾਜ਼ਮਾਂ ਵੱਲੋਂ ਧਰਨਾ ਸਥਾਨ ਤੋਂ ਰਾਮਬਾਗ ਤੱਕ ਰੋਸ ਮਾਰਚ ਕੱਢਿਆ ਗਿਆ। ਰਾਮਬਾਗ ਅੰਦਰ ਵਿੱਤ ਮੰਤਰੀ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਵੈਣ ਪਾਏ ਗਏ। ਇਸ ਮੌਕੇ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਚੁੱਪੀ ਕਾਰਨ ਮੁਲਾਜ਼ਮਾਂ 'ਚ ਰੋਸ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਰੋਸ ਵਜੋਂ ਰਾਮਬਾਗ ਸਮੇਤ ਸ਼ਹਿਰ 'ਚ 3 ਜਗ੍ਹਾ 'ਤੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਪੁਤਲੇ ਸਾੜੇ ਗਏ। ਉਨ੍ਹਾਂ ਕਿਹਾ ਕਿ ਉਹ ਪਿਛਲੇ 51 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਵੱਲੋਂ ਰੋਜ਼ਾਨਾ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਤੇ ਮੰਗਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਰੋਸ ਜਤਾਇਆ ਕਿ ਹਰਿਆਣਾ ਤੇ ਹੋਰਨਾਂ ਸੂਬਿਆਂ 'ਚ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ 'ਚ ਵਾਧਾ ਕੀਤਾ ਜਾ ਚੁੱਕਾ ਹੈ ਪਰ ਪੰਜਾਬ 'ਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਤੇ ਹੈਲਪਰਾਂ ਨੂੰ ਦਿੱਲੀ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, ਬੰਦ ਕੀਤੀ ਰਾਸ਼ਨ ਦੀ ਸਪਲਾਈ ਬਹਾਲ ਕੀਤੀ ਜਾਵੇ, ਵਰਕਰਾਂ/ਹੈਲਪਰਾਂ ਨੂੰ ਵਰਦੀਆਂ ਦੇ ਪੈਸੇ ਤੇ ਆਂਗਣਵਾੜੀ ਸੈਂਟਰਾਂ ਦਾ ਕਿਰਾਇਆ ਦਿੱਤਾ ਜਾਵੇ, 3-6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ 'ਚ ਭੇਜੇ ਜਾਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਗੁਰਮੀਤ ਕੌਰ ਗੋਨਿਆਣਾ, ਰਜਨੀ ਬਾਲਾ, ਸੁਖਦੇਵ ਕੌਰ ਬਠਿੰਡਾ, ਲਖਵੀਰ ਕੌਰ ਹੁਸਨਰ, ਰਣਵੀਰ ਕੌਰ ਗਿੱਦੜਬਾਹਾ, ਗਿਆਨ ਕੌਰ ਬਾਜਾਖਾਨਾ, ਜਸਵੰਤ ਕੌਰ ਬਾਜਾਖਾਨਾ, ਸਤਵੀਰ ਕੌਰ ਬਠਿੰਡਾ, ਹਰਵੀਰ ਕੌਰ, ਰੂਪ ਰਾਣੀ ਤੇ ਸੋਮਾ ਰਾਣੀ ਆਦਿ ਆਗੂ ਮੌਜੂਦ ਸਨ।
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੈਲੀ ਤੇ ਮੁਜ਼ਾਹਰਾ
NEXT STORY