ਬਠਿੰਡਾ(ਸੁਖਵਿੰਦਰ)- ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ ਵਿਚ ਪਿਛਲੇ 88 ਦਿਨਾਂ ਤੋਂ ਡੀ. ਸੀ. ਦਫਤਰ ਸਾਹਮਣੇ ਪੱਕਾ ਮੋਰਚਾ ਲਾ ਕੇ ਬੈਠੇ ਕੱਚੇ ਮੁਲਾਜ਼ਮਾਂ ਅਤੇ ਪਾਵਰਕਾਮ ਮੈਨੇਜਮੈਂਟ ਦੇ ਦਰਮਿਆਨ ਚੱਲ ਰਹੀ ਗੱਲਬਾਤ ਆਖਰੀ ਦੌਰ ਵਿਚ ਪਹੁੰਚ ਚੁੱਕੀ ਹੈ ਅਤੇ ਜਲਦ ਹੀ ਦੋਵਾਂ ਧਿਰਾਂ ਵਿਚ ਸਮਝੌਤਾ ਹੋਣ ਦੇ ਆਸਾਰ ਹਨ। ਜਿਥੇ ਇਕ ਪਾਸੇ ਮੈਨੇਜਮੈਂਟ ਦੇ ਨਾਲ ਗੱਲਬਾਤ ਚੱਲ ਰਹੀ ਹੈ, ਉਥੇ ਦੂਜੇ ਪਾਸੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਵੀ ਜਾਰੀ ਹੈ। ਵੀਰਵਾਰ ਨੂੰ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਧਰਨਾ ਜਾਰੀ ਰੱਖਿਆ ਅਤੇ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਅਸ਼ਿਵਨੀ ਕੁਮਾਰ, ਵਿਜੇ ਕੁਮਾਰ, ਗੁਰਵਿੰਦਰ ਸਿੰਘ ਪੰਨੂੰ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਪਿਛਲੀ 26 ਮਾਰਚ ਨੂੰ ਵੀ ਪਾਵਰਕਾਮ ਦੇ ਚੇਅਰਮੈਨ ਦੇ ਨਾਲ ਮੀਟਿੰਗ ਹੋਈ ਸੀ, ਜਿਸ ਵਿਚ ਮੁਲਾਜ਼ਮਾਂ ਨੂੰ ਪੈਸਕੋ ਦੇ ਜ਼ਰੀਏ ਰੋਜ਼ਗਾਰ ਦੇਣ ਦਾ ਸਮਝੌਤਾ ਹੋਇਆ ਸੀ ਪਰ ਬਾਅਦ 'ਚ ਮੈਨੇਜਮੈਂਟ ਉਸ 'ਤੇ ਵੀ ਟਾਲ-ਮਟੋਲ ਕਰਨ ਲੱਗਿਆ। ਹੁਣ ਫਿਰ ਤੋਂ ਪਾਵਰਕਾਮ ਮੈਨੇਜਮੈਂਟ ਵੱਲੋਂ 30 ਮਾਰਚ ਨੂੰ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ, ਜਿਸ 'ਚ ਸਮਝੌਤਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਮੈਨੇਜਮੈਂਟ ਨੇ ਮੁਲਾਜ਼ਮਾਂ ਦੇ ਹਿੱਤਾਂ 'ਚ ਕੋਈ ਗੱਲ ਨਾ ਕੀਤੀ ਤਾਂ ਮੋਰਚੇ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ 'ਤੇ ਕਰਮਜੀਤ ਸਿੰਘ ਦਿਓਣ, ਪ੍ਰਚਾਰ ਸਕੱਤਰ ਰਾਮ ਬਰਨ, ਪ੍ਰੈੱਸ ਸਕੱਤਰ ਕ੍ਰਿਪਾਲ ਸਿੰਘ ਮੱਲੀ ਆਦਿ ਨੇ ਵੀ ਸੰਬੋਧਨ ਕੀਤਾ।
ਮਾਲਕੀ ਹੱਕ ਨਾ ਮਿਲਣ ਕਾਰਨ ਨਿਵਾਸੀਆਂ ਨੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
NEXT STORY