ਮੋਗਾ (ਗੋਰਵਰ/ਗੋਪੀ) - ਅੱਜ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਮੋਗਾ ਦੇ ਨੇਚਰ ਪਾਰਕ ਵਿਖੇ ਇਕੱਠੇ ਹੋ ਕੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ, ਰੁਕੀਆਂ ਤਨਖਾਹਾਂ ਜਾਰੀ ਕਰਵਾਉਣ, ਅਧਿਆਪਕਾਂ 'ਤੇ ਪਏ ਝੂਠੇ ਪਰਚੇ ਰੱਦ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੂਬਾ ਸਰਕਾਰ ਦੀ ਅਰਥੀ ਫੂਕੀ।
ਇਸ ਸਮੇਂ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇਕੇ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਐੱਸ. ਐੱਸ. ਏ./ਰਮਸਾ ਅਧਿਆਪਕ ਠੇਕੇ 'ਤੇ ਕੰਮ ਕਰ ਰਹੇ ਹਨ। ਪਿਛਲੇ 9 ਸਾਲਾਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ। ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣ ਮਨੋਰਥ ਪੱਤਰ 'ਚ ਇਹ ਗੱਲ ਸਪੱਸ਼ਟ ਲਿਖੀ ਸੀ ਕਿ ਸਾਡੀ ਸਰਕਾਰ ਆਉਣ 'ਤੇ ਇਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਸਰਕਾਰ ਬਣਨ ਦੇ 7 ਮਹੀਨਿਆਂ ਮਗਰੋਂ ਨਾ ਤਾਂ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕੀਤਾ ਅਤੇ ਨਾ ਹੀ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਪ੍ਰਾਪਤ ਹੋਈ।
ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨਾਲ ਮਜ਼ਾਕ ਕਰਦਿਆਂ ਇਸ ਵਾਰ ਸਿਰਫ 15 ਦਿਨ ਦੀ ਤਨਖਾਹ ਹੀ ਜਾਰੀ ਕੀਤੀ ਹੈ, ਜਿਸ ਕਾਰਨ ਇਨ੍ਹਾਂ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਨਹੀਂ ਤਾਂ ਮੌਜੂਦਾ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਕੜੀ ਤਹਿਤ 11 ਨਵੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਸਮੇਂ ਬਲਜੀਤ ਸਿੰਘ ਰਾਏ, ਗੁਰਬਾਜ ਸਿੰਘ, ਹਰਮੇਲ ਦਾਸ, ਗਗਨਦੀਪ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਵਿਕਾਸ ਜੋਸ਼ੀ ਆਦਿ ਮੌਜੂਦ ਸਨ।
ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਐਂਟੀ-ਡਰੱਗਜ਼ ਫੈੱਡਰੇਸ਼ਨ ਨੇ ਵਿੱਢੀ ਦਸਤਕੀ ਮੁਹਿੰਮ
NEXT STORY