ਮੋਗਾ (ਪਵਨ ਗਰੋਵਰ, ਗੋਪੀ ਰਾਊਕੇ) - ਕੇਂਦਰ ਤੇ ਸੂਬਿਆਂ ਦੀਆਂ ਸਰਕਾਰਾਂ ਦੀ ਅਣਦੇਖੀ ਕਰ ਕੇ ਮਾੜੀ ਆਰਥਕ ਹਾਲਤ ਨਾਲ ਜੂਝ ਰਹੇ ਕਿਸਾਨਾਂ ਦੇ ਹੱਕ 'ਚ ਸੰਘਰਸ਼ ਕਰ ਰਹੀਆਂ ਕਿਸਾਨ ਹਿਤੈਸ਼ੀ 197 ਜਥੇਬੰਦੀਆਂ ਨੇ ਆਪਣੇ ਸੰਘਰਸ਼ ਨੂੰ ਇਕ ਪਲੇਟ ਫਾਰਮ 'ਤੇ ਚਲਾਉਣ ਲਈ ਦੇਸ਼ ਭਰ 'ਚ ਡਿਪਟੀ ਕਮਿਸ਼ਨਰ ਦਫਤਰਾਂ ਮੂਹਰੇ 10 ਮਈ ਨੂੰ ਰੋਸ ਧਰਨੇ ਦੇਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਪਿੰਡਾਂ 'ਚ ਲਾਮਬੰਦੀ ਮੀਟਿੰਗਾਂ ਕਰ ਕੇ ਆਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲਾ ਪ੍ਰਧਾਨ ਦਵਿੰਦਰ ਸਿੰਘ ਘਾਲੀ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਜ਼ਿਲੇ ਭਰ 'ਚ ਮੀਟਿੰਗਾਂ ਕਰਨ ਗਏ ਹਨ। ਇਸ ਮੌਕੇ ਘਾਲੀ ਨੇ ਕਿਹਾ ਅਫਸੋਸ ਦੀ ਗੱਲ ਹੈ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਮਾੜੀ ਆਰਥਕ ਹਾਲਤ ਕਾਰਨ ਖੁਦਕੁਸ਼ੀਆਂ ਕਰ ਰਿਹਾ ਹੈ। ਖੇਤੀ ਲਾਗਤ 'ਤੇ ਵੱਧਦੇ ਖਰਚਿਆਂ ਨੇ ਕਿਸਾਨ ਵਰਗ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖੀ ਮੰਤਰੀ 'ਤੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਾਉਂਦੇ ਹੋਏ ਆਖਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦੇ ਦਾਅਵੇ ਕਰਨ ਵਾਲੇ ਕਾਂਗਰਸ ਪਾਰਟੀ ਦੇ ਆਗੂ ਸੱਤਾ 'ਚ ਆਉਣ ਮਗਰੋਂ ਆਪਣੇ ਵਾਅਦਿਆਂ ਤੋਂ ਭੱਜਣ ਲੱਗੇ ਹਨ।
ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਜਿਣਸਾਂ ਦਾ ਭਾਅ ਸੂਚਕ ਅੰਕ ਨਾਲ ਜੋੜਨ, ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਮੁਆਵਜ਼ਾ ਦੇਣ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲੇ ਭਰ ਦੇ ਕਿਸਾਨਾਂ ਨੂੰ ਰੋਸ ਧਰਨੇ 'ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਰਾਜ ਰਮਾ, ਬਿੰਦਰ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ ਹਾਜ਼ਰ ਸਨ।
ਨਿੱਜੀ ਸਕੂਲ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 3 ਜ਼ਖਮੀ
NEXT STORY