ਭਵਾਨੀਗੜ੍ਹ (ਵਿਕਾਸ ਮਿੱਤਲ)- ਪਿੰਡ ਹਰਦਿਤਪੁਰਾ ਦੇ 12ਵੀਂ ਜਮਾਤ 'ਚ ਪੜ੍ਹਦੇ 19 ਸਾਲਾ ਨੌਜਵਾਨ ਸਹਿਜਪ੍ਰੀਤ ਸਿੰਘ ਦੀ ਮੌਤ ਤੋਂ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਵੀਰਵਾਰ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਲਾਸ਼ ਨੂੰ ਹਾਈਵੇਅ ’ਤੇ ਰੱਖ ਕੇ ਹਰਦਿਤਪੁਰਾ ਨੇੜੇ ਜ਼ੀਰਕਪੁਰ-ਬਠਿੰਡਾ ਕੌਮੀ ਰਾਜ ਮਾਰਗ ’ਤੇ ਧਰਨਾ ਲਗਾ ਦਿੱਤਾ। ਧਰਨੇ ਕਾਰਨ ਹਾਈਵੇਅ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਤੇ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।
ਪ੍ਰਦਰਸ਼ਨ ਦੌਰਾਨ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਬੀਤੀ 11 ਸਤੰਬਰ ਨੂੰ ਸਹਿਜਪ੍ਰੀਤ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਭਵਾਨੀਗੜ੍ਹ ਲਿਆਂਦਾ ਗਿਆ ਜਿੱਥੋਂ ਉਸ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਤੇ ਬਾਅਦ ਵਿਚ ਪੀ.ਜੀ.ਆਈ. ਚੰਡੀਗੜ੍ਹ ਲਈ ਰੈਫਰ ਕੀਤਾ ਗਿਆ। ਕੁਝ ਦਿਨ ਇਲਾਜ ਕਰਵਾਉਣ ਤੋਂ ਬਾਅਦ ਸਹਿਜਪ੍ਰੀਤ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਤੇ ਪਰਿਵਾਰਕ ਮੈਂਬਰ ਉਸ ਨੂੰ ਘਰ ਲੈ ਆਏ। ਪਰਿਵਾਰ ਅਨੁਸਾਰ 15-16 ਸਤੰਬਰ ਦੀ ਦਰਮਿਆਨੀ ਰਾਤ ਨੂੰ ਸਹਿਜਪ੍ਰੀਤ ਦੀ ਤਬੀਅਤ ਮੁੜ ਵਿਗੜ ਗਈ ਜਿਸ ’ਤੇ ਉਸ ਨੂੰ ਇਲਾਜ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਹਰਮਨ ਸਿੰਘ, ਕਰਨਵੀਰ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ’ਤੇ ਕਥਿਤ ਤੌਰ ’ਤੇ ਸਹਿਜਪ੍ਰੀਤ ਸਿੰਘ ਨਾਲ ਨਿੱਜੀ ਦੁਸ਼ਮਣੀ ਰੱਖਣ ਅਤੇ ਉਸ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਕਤ ਵਿਅਕਤੀ ਕਥਿਤ ਤੌਰ ’ਤੇ ਸਹਿਜਪ੍ਰੀਤ ਨੂੰ ਜ਼ਹਿਰ ਖਾਣ ਲਈ ਉਕਸਾਉਂਦੇ ਸਨ। ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮਾਮਲੇ 'ਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਪੁਲਸ ਨੇ 7 ਮੁਲਜ਼ਮਾਂ ਨੂੰ ਕੀਤਾ ਨਾਮਜ਼ਦ, 2 ਗ੍ਰਿਫ਼ਤਾਰ
ਭਵਾਨੀਗੜ੍ਹ ਥਾਣੇ ਦੇ ਐੱਸ.ਐੱਚ.ਓ. ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਨੌਜਵਾਨ ਵੱਲੋਂ ਮੌਤ ਤੋਂ ਪਹਿਲਾਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਹਰਮਨ ਸਿੰਘ ਤੇ ਕਰਨਵੀਰ ਸਿੰਘ ਦੋਵੇਂ ਵਾਸੀ ਹਰਦਿਤਪੁਰਾ, ਸ਼ੁੱਭੀ, ਸੁਖੀ ਤੇ ਸੋਨੂੰ ਸਾਰੇ ਵਾਸੀ ਭਵਾਨੀਗੜ੍ਹ, ਗਿਰੀ ਵਾਸੀ ਆਲੋਅਰਖ ਤੇ ਗੁਰਪ੍ਰੀਤ ਸਿੰਘ ਉਰਫ਼ ਮੋਨੂੰ ਵਾਸੀ ਮੱਟਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉੱਧਰ, ਪ੍ਰਦਰਸ਼ਨਕਾਰੀਆਂ ਨੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਹਾਈਵੇਅ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ। ਐੱਸ. ਐੱਚ. ਓ. ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵੱਲੋਂ ਮਾਮਲੇ ਵਿਚ ਜੁਰਮ ਵਿਚ ਵਾਧਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਾਨੂੰਨੀ ਮਾਹਿਰਾਂ ਤੋਂ ਰਾਏ ਲਈ ਜਾ ਰਹੀ ਹੈ ਤੇ ਕਾਨੂੰਨੀ ਰਾਏ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
NEXT STORY