ਦੋਰਾਹਾ (ਵਿਨਾਇਕ): ਦੋਰਾਹਾ ਵਿਖੇ ਜੀ.ਟੀ. ਰੋਡ ’ਤੇ ਮੈਕਡੋਨਲਡ ਨੇੜੇ ਅੱਜ ਤੜਕੇ ਕਰੀਬ 5.40 ਵਜੇ ਪੀ.ਆਰ.ਟੀ.ਸੀ. ਦੀ ਬੱਸ ਅਤੇ ਇਕ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਬੱਸ ਦੇ ਕੰਡਕਟਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਉਪਰੰਤ ਪੀ.ਆਰ.ਟੀ.ਸੀ. ਮੁਲਾਜ਼ਮ ਯੂਨੀਅਨ ਦੇ ਆਗੂਆਂ ਅਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਸੜਕ ’ਤੇ ਜਾਮ ਲਗਾ ਦਿੱਤਾ ਗਿਆ, ਜਿਸ ਕਾਰਨ ਜੀ.ਟੀ. ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋਈ।
ਟੱਕਰ ਤੋਂ ਬਾਅਦ ਬੱਸ ’ਚ ਮਚੀ ਹਫੜਾ-ਦਫੜੀ
ਪ੍ਰਾਪਤ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੀ ਬੱਸ ਦਿੱਲੀ ਤੋਂ ਵਾਪਸ ਆ ਰਹੀ ਸੀ ਅਤੇ ਇਸ ਵਿਚ ਕਰੀਬ 10 ਤੋਂ 15 ਸਵਾਰੀਆਂ ਮੌਜੂਦ ਸਨ। ਦੋਰਾਹਾ ਦੇ ਜੀ.ਟੀ. ਰੋਡ ’ਤੇ ਮੈਕਡੋਨਲਡ ਨੇੜੇ ਬੱਸ ਦੀ ਇਕ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਉਪਰੰਤ ਬੱਸ ਵਿਚ ਸਵਾਰ ਮੁਸਾਫ਼ਰਾਂ ਵਿਚ ਹਫੜਾ-ਦਫੜੀ ਮਚ ਗਈ ਅਤੇ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਆਸ-ਪਾਸ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਮਦਦ ਲਈ ਅੱਗੇ ਆਉਂਦਿਆਂ ਬੱਸ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਵਿਚ ਸਹਾਇਤਾ ਕੀਤੀ। ਹਾਦਸੇ ਵਿਚ ਬੱਸ ਦਾ ਕੰਡਕਟਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਪਰ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਜੀਰਾ-ਮਖੂ ਇਲਾਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਅਤੇ ਉਹ ਲੁਧਿਆਣਾ ਵਿਖੇ ਡਿਊਟੀ ਨਿਭਾਅ ਰਿਹਾ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਆਪਣੇ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ ਅਤੇ ਉਸ ਦੀ ਇਕ ਨਿੱਕੀ ਬੱਚੀ ਵੀ ਹੈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।
ਪੁਲਸ ਅਧਿਕਾਰੀ ਅਤੇ ਪੀ.ਆਰ.ਟੀ.ਸੀ. ਮੁਲਾਜ਼ਮ ਯੂਨੀਅਨ ਦੇ ਆਗੂਆਂ ਵਿਚਾਲੇ ਜਾਮ ਨੂੰ ਲੈ ਕੇ ਹੋਈ ਬਹਿਸਬਾਜ਼ੀ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ.ਆਈ. ਸਤਪਾਲ ਸਿੰਘ, ਇੰਚਾਰਜ ਪੁਲਸ ਚੌਕੀ ਦੋਰਾਹਾ, ਪੁਲਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਇਸ ਦੌਰਾਨ ਪੀ.ਆਰ.ਟੀ.ਸੀ. ਮੁਲਾਜ਼ਮ ਯੂਨੀਅਨ ਦੇ ਆਗੂਆਂ ਅਤੇ ਪੁਲਸ ਅਧਿਕਾਰੀ ਵਿਚਾਲੇ ਸੜਕ ’ਤੇ ਜਾਮ ਲਗਾਉਣ ਨੂੰ ਲੈ ਕੇ ਬਹਿਸਬਾਜ਼ੀ ਹੋ ਗਈ। ਯੂਨੀਅਨ ਆਗੂਆਂ ਦਾ ਕਹਿਣਾ ਸੀ ਕਿ ਹਾਦਸੇ ਵਿੱਚ ਉਨ੍ਹਾਂ ਦੇ ਸਾਥੀ ਦੀ ਮੌਤ ਹੋਈ ਹੈ ਅਤੇ ਮਾਮਲਾ ਬਹੁਤ ਗੰਭੀਰ ਹੈ, ਇਸ ਲਈ ਟਰਾਲਾ ਚਾਲਕ ਨੂੰ ਤੁਰੰਤ ਕਾਬੂ ਕਰਕੇ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਵੱਲੋਂ ਹਾਦਸੇ ਤੋਂ ਬਾਅਦ ਮੌਕੇ ’ਤੇ ਐਂਬੂਲੈਂਸ ਅਤੇ ਪੁਲਸ ਦੇ ਨਾ ਪਹੁੰਚਣ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਉਠਾਇਆ ਗਿਆ ਅਤੇ ਇਸ ਸਬੰਧੀ ਜਵਾਬਦੇਹੀ ਦੀ ਮੰਗ ਕੀਤੀ ਗਈ।
ਦੂਜੇ ਪਾਸੇ ਪੁਲਸ ਵੱਲੋਂ ਆਵਾਜਾਈ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਜਾਮ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਸ ਅਧਿਕਾਰੀ ਅਤੇ ਯੂਨੀਅਨ ਆਗੂਆਂ ਵਿਚਾਲੇ ਕੁਝ ਸਮੇਂ ਲਈ ਤਿੱਖੀ ਬਹਿਸਬਾਜ਼ੀ ਹੋਈ। ਪੁਲਸ ਵੱਲੋਂ ਯੂਨੀਅਨ ਆਗੂਆਂ ਨੂੰ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਮੌਕੇ ’ਤੇ ਐਂਬੂਲੈਂਸ ਨਾ ਪਹੁੰਚਣ ’ਤੇ ਵੀ ਉੱਠੇ ਸਵਾਲ
ਹਾਦਸੇ ਤੋਂ ਬਾਅਦ ਮੌਕੇ ’ਤੇ ਤੁਰੰਤ ਐਂਬੂਲੈਂਸ ਨਾ ਪਹੁੰਚਣ ਕਾਰਨ ਵੀ ਪੀ.ਆਰ.ਟੀ.ਸੀ. ਮੁਲਾਜ਼ਮਾਂ ਅਤੇ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਸਵਾਲ ਉਠਾਏ ਗਏ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਗੰਭੀਰ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਐਮਰਜੈਂਸੀ ਮੈਡੀਕਲ ਸਹਾਇਤਾ ਸਮੇਂ ਸਿਰ ਨਾ ਮਿਲੇ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪਹਿਲੂ ਦੀ ਵੀ ਜਾਂਚ ਕੀਤੀ ਜਾਵੇ।
ਪੁਲਸ ਨੇ ਮ੍ਰਿਤਕ ਦੀ ਲਾਸ਼ ਹਸਪਤਾਲ ਭੇਜੀ
ਪੁਲਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮ੍ਰਿਤਕ ਕੰਡਕਟਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਹਸਪਤਾਲ ਭੇਜ ਦਿੱਤਾ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਟਰਾਲਾ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਕਾਰਨ ਜੀ.ਟੀ. ਰੋਡ ’ਤੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਪੁਲਸ ਵੱਲੋਂ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਵਾਉਣ ਦੀ ਕਾਰਵਾਈ ਕਰਦਿਆਂ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ। ਪੁਲਸ ਵੱਲੋਂ ਮਾਮਲੇ ਵਿੱਚ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
NEXT STORY