ਪਟਿਆਲਾ/ਸਨੌਰ, (ਮਨਦੀਪ ਜੋਸਨ, ਰਾਜੇਸ਼ ਪੰਜੌਲਾ)- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਈ ਮੀਟਿੰਗ ਉਪਰੰਤ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵੱਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।
ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਵਿੱਤ ਮੰਤਰੀ ਪੰਜਾਬ ਅਤੇ ਹਰਭਜਨ ਸਿੰਘ ਟੀ. ਟੀ. ਓ. ਬਿਜਲੀ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪੀ. ਐੱਸ. ਪੀ. ਸੀ. ਐੱਲ. ਪ੍ਰਸ਼ਾਸਨ ਦੀ ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨਾਲ ਪੰਜਾਬ ਭਵਨ ਅਤੇ ਪੀ. ਐੱਸ. ਪੀ. ਸੀ. ਐੱਲ. ਗੈਸਟ ਹਾਊਸ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜੋ ਮੰਗਾਂ ਰੱਖੀਆਂ ਗਈਆਂ ਸਨ, ਉਨ੍ਹਾਂ ਨੂੰ ਪ੍ਰਵਾਨ ਕਰਨ ਸਬੰਧੀ ਮਿੰਟਸ ਆਫ਼ ਮੀਟਿੰਗ ਦੀ ਕਾਪੀ ਵੀ ਮੁਹੱਈਆ ਕਰਵਾ ਦਿੱਤੀ ਗਈ।
ਇਸ ਸਬੰਧੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਯੂਨੀਅਨ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਦੇ ਦੌਰ ਉਪਰੰਤ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਨ ਲਈ ਜਲਦੀ ਹੀ ਪੀ. ਐੱਸ. ਪੀ. ਸੀ. ਐੱਲ. ਦੇ ਬੋਰਡ ਆਫ਼ ਡਾਇਰੈਕਟਰਜ਼ ਤੋਂ ਪ੍ਰਵਾਨਗੀ ਲੈਣ ਲਈ ਜਾਵੇਗੀ ਅਤੇ ਜਿਨ੍ਹਾਂ ਮੰਗਾਂ ਸਬੰਧੀ ਪੰਜਾਬ ਕੈਬਨਿਟ ਦੀ ਪ੍ਰਵਾਨਗੀ ਦੀ ਜ਼ਰੂਰਤ ਹੈ, ਉਹ ਵੀ ਜਲਦ ਹਾਸਲ ਕਰ ਲਈ ਜਾਵੇਗੀ।
ਬਿਜਲੀ ਮੰਤਰੀ ਨੇ ਇਸ ਮੌਕੇ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਦੀ ਵੀ ਧੰਨਵਾਦ ਕੀਤਾ, ਜੋ ਕਿ ਸਰਕਾਰ ਦੀ ਗੱਲ ਮੰਨ ਕੇ ਕੰਮ ’ਤੇ ਵਾਪਸ ਪਰਤ ਆਏ ਹਨ। ਅਖੀਰ ਵਿਚ ਬਿਜਲੀ ਮੰਤਰੀ ਨੇ ਕਿਹਾ ਪੰਜਾਬ ਦੀ ਜਨਤਾ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਲਈ ਤਿਆਰ ਹੈ।
ਫਿਰੌਤੀ ਨਾ ਮਿਲਣ 'ਤੇ ਬਦਮਾਸ਼ਾਂ ਨੇ ਸੁਨਿਆਰੇ ਨੂੰ ਮਾਰੀ ਗੋਲੀ, ਭਾਰੀ ਪੁਲਸ ਫੋਰਸ ਤਾਇਨਾਤ (ਵੀਡੀਓ)
NEXT STORY