ਪਟਿਆਲਾ (ਬਲਜਿੰਦਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿਚ ਪੀ. ਐੱਸ. ਪੀ. ਸੀ. ਐੱਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ. ਐੱਸ. ਪੀ. ਸੀ. ਐੱਲ. ਮੁਲਾਜ਼ਮ ਨੂੰ ਪਟਿਆਲਾ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਬੁਲਾਰੇ ਨੇ ਦੱਸਿਆ ਕਿ ਉਸ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ’ਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ।
ਇਸ ਸਬੰਧੀ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।
ਗੁਰੂ ਘਰ ’ਚ ਵੜ੍ਹ ਨੌਜਵਾਨ ਨੇ ਕਰ'ਤਾ ਕਾਂਡ, ਗ੍ਰੰਥੀ ਨੇ ਕੀਤਾ ਵੱਡਾ ਖ਼ੁਲਾਸਾ (ਵੀਡੀਓ)
NEXT STORY