ਫ਼ਤਿਹਗੜ੍ਹ ਸਾਹਿਬ (ਜਗਦੇਵ): ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਅਧੀਨ ਪੈਂਦੇ ਪਿੰਡ ਮਾਜਰੀ ਕਿਸਨੇ ਵਾਲੀ ਵਿਚ ਨਸ਼ਿਆਂ ਦੇ ਕੋਹੜ ਨੇ ਇਕ ਹੋਰ ਘਰ ਦਾ ਚਿਰਾਗ ਬੁਝਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇੱਥੋਂ ਦੇ ਇਕ 21 ਸਾਲਾ ਨੌਜਵਾਨ ਪਵਨਦੀਪ ਸਿੰਘ ਦੀ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇਕ ਪਾਰਕ ਵਿਚੋਂ ਬਰਾਮਦ ਹੋਈ ਹੈ।
ਮ੍ਰਿਤਕ ਦੇ ਪਿਤਾ ਨਿਰਭੈ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਹੋ ਗਿਆ ਸੀ। ਪਰਿਵਾਰ ਵੱਲੋਂ ਉਸ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਨਸ਼ਾ ਛਡਾਊ ਕੇਂਦਰ ਵਿਚ ਵੀ ਭਰਤੀ ਕਰਵਾਇਆ ਗਿਆ ਸੀ, ਜਿੱਥੋਂ ਉਹ ਅਜੇ ਕੁਝ ਦਿਨ ਪਹਿਲਾਂ ਹੀ ਘਰ ਵਾਪਸ ਪਰਤਿਆ ਸੀ। ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ ਅਤੇ ਲਾਸ਼ ਦੇ ਨਜ਼ਦੀਕ ਹੀ ਇਕ ਟੀਕੇ ਦੀ ਸਰਿੰਜ ਵੀ ਪਈ ਮਿਲੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪੁਲਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ ਭੇਜੀ ਵੀਡੀਓ ਤੇ ਫ਼ਿਰ...
NEXT STORY