ਚੰਡੀਗੜ੍ਹ (ਅੰਕੁਰ ਤਾਂਗੜੀ) : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ 'ਚ ਜਿੱਤ ਹਾਸਲ ਕਰਨ ਲਈ ਹਰ ਪਾਰਟੀ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਹੁਣ ਪੰਜਾਬ ਕਾਂਗਰਸ ਵੀ ਆਪਣੀ ਅਗਲੀ ਚੋਣ ਰਣਨੀਤੀ ਨੂੰ ਲੈ ਕੇ ਅਹਿਮ ਮੀਟਿੰਗ ਕਰਨ ਜਾ ਰਹੀ ਹੈ। ਇਹ ਮੀਟਿੰਗ 31 ਅਕਤੂਬਰ ਨੂੰ ਹੋਵੇਗੀ, ਜਿਸ 'ਚ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਵੇਗੀ। ਇਸ ਮੀਟਿੰਗ ਨੂੰ ਕਾਂਗਰਸ ਲਈ ਕਈ ਪੱਖਾਂ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ 'ਚ ਵੀ ਬਦਲਾਅ ਕੀਤਾ ਹੈ ਅਤੇ ਹੁਣ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ। ਇਸ ਤੋਂ ਬਾਅਦ ਪਾਰਟੀ ਦੇ ਅੰਦਰ ਸਾਰੇ ਆਗੂਆਂ ਨੂੰ ਇਕਜੁੱਟ ਕਰਨ ਅਤੇ ਚੋਣਾਂ ਲਈ ਸਾਂਝੀ ਰਣਨੀਤੀ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 31 ਅਕਤੂਬਰ ਨੂੰ ਹੋਣ ਵਾਲੀ ਇਸ ਮੀਟਿੰਗ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟਸਿੰਘ ਤੋਂ ਇਲਾਵਾ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ 'ਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਪਾਰਟੀ ਦੀ ਜੱਥੇਬੰਦਕ ਮਜ਼ਬੂਤੀ ਅਤੇ 2027 ਦੀਆਂ ਚੋਣਾਂ ਲਈ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ
ਦੂਜੇ ਪਾਸੇ ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸਾਰੇ ਆਗੂਆਂ ਨੂੰ ਇਕ ਮੰਚ 'ਤੇ ਲਿਆਉਣ ਦੀ ਹੈ। ਪਿਛਲੇ ਸਮੇਂ ਦੌਰਾਨ ਪਾਰਟੀ ਦੇ ਅੰਦਰ ਵੱਖ-ਵੱਖ ਆਗੂਆਂ ਵਿਚਾਲੇ ਮਤਭੇਦਾਂ ਦੀਆਂ ਚਰਚਾਵਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ। ਹਾਲਾਂਕਿ ਹਾਲ ਹੀ 'ਚ ਹੋਈਆਂ ਮੀਟਿੰਗਾਂ ਅਤੇ ਸੀਨੀਅਰ ਆਗੂਆਂ ਦੀਆਂ ਸਾਂਝੀਆਂ ਤਸਵੀਰਾਂ ਰਾਹੀਂ ਪਾਰਟੀ ਵੱਲੋਂ ਇਕਜੁੱਟਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਹਲਕਾ ਪੱਧਰ 'ਤੇ ਟਿਕਟਾਂ ਦੀ ਵੰਡ ਵੀ ਕਾਂਗਰਸ ਲਈ ਵੱਡਾ ਮੁੱਦਾ ਰਹਿਣ ਵਾਲੀ ਹੈ। ਕਈ ਵਿਧਾਨ ਸਭਾ ਹਲਕਿਆਂ 'ਚ ਇਕ ਤੋਂ ਵੱਧ ਆਗੂ ਟਿਕਟ ਦੇ ਦਾਅਵੇਦਾਰ ਹਨ। ਕੁੱਝ ਹਲਕਿਆਂ 'ਚ ਸੱਤ ਤੋਂ ਅੱਠ ਤੱਕ ਆਗੂ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਅਜਿਹੇ 'ਚ ਪਾਰਟੀ ਲੀਡਰਸ਼ਿਪ ਲਈ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਉਮੀਦਵਾਰਾਂ ਦੀ ਚੋਣ ਕਰਨਾ ਵੀ ਵੱਡੀ ਚੁਣੌਤੀ ਹੋਵੇਗੀ।
ਇਹ ਵੀ ਪੜ੍ਹੋ : ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ ਸਕੀਮਾਂ ਨੂੰ ਮਨਜ਼ੂਰੀ
ਜ਼ਿਕਰਯੋਗ ਹੈ ਕਿ 4 ਨਵੰਬਰ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਤੇਜ਼ ਹਨ। ਇਸ ਦੌਰੇ ਦੌਰਾਨ ਪੰਜਾਬ ਕਾਂਗਰਸ ਦੀ ਚੋਣ ਤਿਆਰੀ ਅਤੇ ਆਗੂਆਂ ਵਿਚਾਲੇ ਤਾਲਮੇਲ ਵਰਗੇ ਮੁੱਦੇ ਵੀ ਅਹਿਮ ਰਹਿ ਸਕਦੇ ਹਨ। ਕਾਂਗਰਸ ਲਗਾਤਾਰ ਇਹ ਕਹਿ ਰਹੀ ਹੈ ਕਿ ਪਾਰਟੀ 2027 ਦੀਆਂ ਚੋਣਾਂ ਕਿਸੇ ਇਕ ਮੁੱਖ ਮੰਤਰੀ ਦੇ ਚਿਹਰੇ 'ਤੇ ਨਹੀਂ, ਸਗੋਂ ਸਮੂਹਿਕ ਲੀਡਰਸ਼ਿਪ ਦੇ ਆਧਾਰ 'ਤੇ ਲੜੇਗੀ। ਪਾਰਟੀ ਦਾ ਦਾਅਵਾ ਹੈ ਕਿ ਉਹ ਪੰਜਾਬ 'ਚ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹੁਣ 31 ਅਕਤੂਬਰ ਦੀ ਇਹ ਮੀਟਿੰਗ ਕਿੰਨੀ ਅਹਿਮ ਰਹਿੰਦੀ ਹੈ ਅਤੇ ਕਾਂਗਰਸ ਆਪਣੀ ਚੋਣ ਰਣਨੀਤੀ ਨੂੰ ਕਿਸ ਦਿਸ਼ਾ 'ਚ ਲੈ ਕੇ ਜਾਂਦੀ ਹੈ, ਇਸ 'ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਲਕੇ 12 ਵਜੇ ਆਵੇਗੀ 'ਆਪ' ਉਮੀਦਵਾਰਾਂ ਦੀ ਪਹਿਲੀ LIST: CM ਮਾਨ
NEXT STORY