ਚੰਡੀਗੜ੍ਹ,(ਅਸ਼ਵਨੀ)- ਸੂਬੇ 'ਚ ਕੋਵਿਡ-19 ਦੇ ਵਧ ਰਹੇ ਖਤਰੇ ਨਾਲ ਨਜਿੱਠਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ 7 ਮੰਤਰੀਆਂ ਦੇ ਸਮੂਹ (ਜੀ. ਓ. ਐੱਮ.) ਦੀ ਮੀਟਿੰਗ ਹੋਈ। ਸੂਬੇ 'ਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਅਹਿਤਿਹਾਤੀ ਉਪਾਵਾਂ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਅਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮਾਂ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।
ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ 'ਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ। ਮੰਤਰੀਆਂ ਦਾ ਸਮੂਹ ਰੋਜ਼ਾਨਾ ਆਧਾਰ 'ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲੱਬਧਤਾ ਅਤੇ ਸੂਬੇ ਭਰ 'ਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ ਤਾਂ ਕਿ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਵੱਖ ਰੱਖਿਆ ਜਾ ਸਕੇ। ਸੂਬੇ ਦੇ ਪ੍ਰਬੰਧਕੀ ਅਮਲੇ ਨੇ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਅਤੇ ਇਸ ਸਮੇਂ ਸੂਬੇ ਭਰ 'ਚ ਕੋਵਿਡ-19 ਦੇ ਮਰੀਜ਼ਾਂ ਨੂੰ ਵੱਖਰੇ ਰੱਖਣ ਲਈ 2200 ਬੈੱਡ ਤਿਆਰ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ 'ਚ 250 ਵੈਂਟੀਲੇਟਰ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ 'ਚ 20-20 ਵੈਂਟੀਲੇਟਰ ਤਿਆਰ ਹਨ।
ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਕੋਵਿਡ-19 ਤੋਂ ਬਚਾਉਣ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ 'ਤੇ ਜਾਣ, ਧਾਰਮਿਕ ਇਕੱਠ ਵਿਚ ਜਾਣ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.), ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਐੱਨ. ਜੀ. ਓਜ਼ ਨਾਲ ਸਾਂਝੇ ਤੌਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ। ਆਂਗਣਵਾੜੀ ਵਰਕਰ, ਡੀ. ਡੀ. ਪੀ. ਓਜ਼ / ਬੀ. ਡੀ. ਪੀ. ਓਜ਼ ਅਤੇ ਪੰਚਾਇਤ ਸਕੱਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਨਿੱਜੀ ਤੌਰ 'ਤੇ ਜਾਗਰੂਕ ਕਰਨਗੇ। ਇਸੇ ਤਰ੍ਹਾਂ ਡੀ. ਈ. ਓਜ਼ ਇਹ ਯਕੀਨੀ ਬਣਾਉਣਗੇ ਕਿ ਸਵੇਰ ਦੀ ਸਭਾ ਵਿਚ ਇਕੱਠੇ ਹੋਏ ਸਕੂਲੀ ਵਿਦਿਆਰਥੀ ਇਕ ਦੂਜੇ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰੱਖਣ। ਮੰਤਰੀ ਸਮੂਹ ਇਸ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕਾਰਵਾਈ ਰਿਪੋਰਟ ਦੀ ਸਮੀਖਿਆ ਕਰੇਗਾ। ਮੀਟਿੰਗ ਵਿਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸਿਹਤ ਅਤੇ ਪਰਿਵਾਰ ਭਲਾਈ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ ਕਿਰਤ ਵੀ. ਕੇ. ਜੰਜੂਆ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ. ਕੇ. ਤਿਵਾੜੀ, ਸਕੱਤਰ ਸਿਹਤ ਕੁਮਾਰ ਰਾਹੁਲ, ਐੱਮ. ਡੀ. ਪੀ. ਐੱਚ. ਐੱਸ. ਸੀ. ਮਨਵੇਸ਼ ਸਿੰਘ ਸਿੱਧੂ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨੰਦਿਤਾ ਮਿੱਤਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਅਵਨੀਤ ਕੌਰ ਮੌਜੂਦ ਸਨ।
ਬਿਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਖੁਦ ਨੂੰ ਮਾਰੀ ਗੋਲੀ, ਮੌਤ
NEXT STORY