ਚੰਡੀਗੜ੍ਹ: ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਨਸ਼ਿਆਂ ਦੇ ਮੁੱਦੇ 'ਤੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਪਾਰਟੀ ਸੂਬੇ ਭਰ ਵਿਚ ਨਸ਼ਿਆਂ ਦੇ ਵਿਰੁੱਧ ਚਾਰ ਵੱਡੀਆਂ ਯਾਤਰਾਵਾਂ ਕੱਢਣ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਯਾਤਰਾਵਾਂ ਦੀ ਸ਼ੁਰੂਆਤ ਸਤੰਬਰ ਮਹੀਨੇ ਦੇ ਮੱਧ ਤੋਂ ਹੋ ਸਕਦੀ ਹੈ। ਇਨ੍ਹਾਂ ਯਾਤਰਾਵਾਂ ਰਾਹੀਂ ਭਾਜਪਾ ਨਸ਼ੇ ਦੇ ਮੁੱਦੇ ਨੂੰ ਮੁੱਖ ਰੂਪ ਵਿਚ ਚੁੱਕੇਗੀ ਅਤੇ ਲੋਕਾਂ ਤੱਕ ਆਪਣੀ ਪਹੁੰਚ ਬਣਾਏਗੀ। ਇਹ ਚਾਰੋਂ ਯਾਤਰਾਵਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨਗੀਆਂ।
ਅਮਿਤ ਸ਼ਾਹ ਵੀ ਕਰ ਸਕਦੇ ਨੇ ਰੈਲੀ
ਇਨ੍ਹਾਂ ਚਾਰਾਂ ਯਾਤਰਾਵਾਂ ਦੀ ਸਮਾਪਤੀ ਤੋਂ ਬਾਅਦ ਇਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ, ਇਸ ਰੈਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ। ਭਾਜਪਾ ਦੀ ਇਸ ਕਵਾਇਦ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੇ ਮੁੱਦੇ 'ਤੇ ਮੌਜੂਦਾ ਸਰਕਾਰ ਨੂੰ ਘੇਰਨ ਦੀ ਚੋਣ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿਚ ਨਸ਼ਿਆਂ ਦੇ ਮੁੱਦੇ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਨਸ਼ਾ ਮੁਕਤੀ 'ਤੇ ਜ਼ੋਰ ਦਿੰਦਿਆਂ ਇਸ ਵਿਰੁੱਧ ਜਾਗਰੂਕਤਾ ਵਧਾਉਣ ਦੀ ਗੱਲ ਆਖੀ। ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਜੋ ਵੀ ਪ੍ਰੋਗਰਾਮ ਤੈਅ ਕੀਤੇ ਜਾਣਗੇ, ਉਨ੍ਹਾਂ ਦੀ ਰੂਪ-ਰੇਖਾ ਜਲਦੀ ਹੀ ਜਨਤਕ ਕਰ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਮੁਕਤੀ ਦਾ ਮੁੱਦਾ ਸਿਆਸਤ ਨਾਲ ਨਹੀਂ ਜੁੜਿਆ ਹੋਇਆ, ਬਲਕਿ ਸਾਰੀਆਂ ਸਿਆਸੀ ਪਾਰਟੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਨਸ਼ਾ ਮੁਕਤ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।
ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! 'ਖ਼ਤਰਾ' ਬਣ ਰਹੇ ਮੀਟਰ ਵਾਲੇ ਬਕਸੇ
NEXT STORY