ਚੰਡੀਗੜ੍ਹ/ਲੁਧਿਆਣਾ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਹ ਜ਼ੋਰ ਦੇ ਕੇ ਕਿ ਕਿਹਾ ਕਿ ਸਿੱਖਿਆ ਹਰੇਕ ਵਰਗ ਦੇ ਵਿਕਾਸ ਦਾ ਆਧਾਰ ਹੁੰਦੀ ਹੈ। ਸਥਾਨਕ ਪੁਲਸ ਲਾਈਨਜ਼ ਵਿਖੇ ਸਤਿਗੁਰੂ ਰਵਿਦਾਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ 'ਤੇ ਸਮਾਜ ਵਿਚ ਸੁਧਾਰ ਲਿਆਉਣ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਰਚੇਤਾ ਡਾ. ਬੀ. ਆਰ. ਅੰਬੇਡਕਰ ਨੇ ਸਮਾਜ ਵਿਚ ਬਦਲਾਅ ਲਿਆਉਣ ਲਈ ਸਿੱਖਿਆ ਨੂੰ ਹੀ ਇਕ ਹਥਿਆਰ ਦੱਸਿਆ ਸੀ।
ਕੈਬਨਿਟ ਮੰਤਰੀ ਨੇ ਅੱਗੇ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ ਜੇਕਰ ਹਰ ਕੋਈ ਸਿੱਖਿਆ ਪ੍ਰਾਪਤ ਕਰੇਗਾ ਕਿਉਂਕਿ ਉਨ੍ਹਾਂ ਸਿੱਖਿਆ 'ਤੇ ਬਹੁਤ ਜ਼ੋਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਪਣੇ ਵਿੱਦਿਅਕ ਜੀਵਨ ਵਿਚ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਡਾ. ਅੰਬੇਡਕਰ ਨੇ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਬਹਾਦਰੀ ਨਾਲ ਸਾਹਮਣਾ ਕੀਤਾ ਅਤੇ ਆਪਣੀ ਪੜ੍ਹਾਈ ਪੂਰੀ ਕੀਤੀ। ਬਾਅਦ ਵਿਚ, ਉਨ੍ਹਾਂ ਸੰਵਿਧਾਨ ਦਾ ਖਰੜਾ ਤਿਆਰ ਕੀਤਾ ਜੋ ਹੁਣ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿਚੋਂ ਇਕ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਕਰਨੀ ਚਾਹੀਦੀ ਹੈ ਅਤੇ ਇਕ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਲਈ ਬਦਲਾਅ ਲਿਆਉਣਾ ਚਾਹੀਦਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕਰਕੇ ਬਾਬਾ ਸਾਹਿਬ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਖਾਸ ਕਰਕੇ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਰਕਾਰੀ ਸਕੂਲਾਂ ਨੂੰ ਉੱਘੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਸਥਾ ਤੋਂ ਕੋਚਿੰਗ ਲੈ ਕੇ ਸਰਕਾਰੀ ਨੌਕਰੀ ਹਾਸਲ ਕਰਨ ਵਾਲੇ 25 ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਆਮ ਲੋਕਾਂ ਨੂੰ ਵੀ ਇਨ੍ਹਾਂ ਸੰਸਥਾਵਾਂ ਦੇ ਸਹਿਯੋਗ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਗੁਰਪ੍ਰੀਤ ਬੱਸੀ ਗੋਗੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ, ਜੀਵਨ ਸਿੰਘ ਸੰਗੋਵਾਲ, ਮਨਵਿੰਦਰ ਸਿੰਘ ਗਿਆਸਪੁਰਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।
ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ CM ਮਾਨ ਨੇ ਕੀਤੀ ਮੁਲਾਕਾਤ, ਕੀਤਾ ਵੱਡਾ ਐਲਾਨ
NEXT STORY