ਚੰਡੀਗੜ੍ਹ,(ਭੁੱਲਰ): ਪੰਜਾਬ ਸਰਕਾਰ ਨੇ ਹੁਣ ਤੱਕ ਗੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਤੇ ਸਰਹੱਦੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਬਦਲੇ ਲਗਭਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਨ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸਰਹੱਦੀ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ ਸੌਂਪੀ ਗਈ ਸੂਚੀ ਮੁਤਾਬਕ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਭੇਜ ਦਿੱਤੀ ਗਈ ਹੈ। ਅੱਜ ਤੱਕ 85,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਤੇ ਅਰਜ਼ੀਆਂ ਜਮ੍ਹਾ ਕਰਵਾਉਣ ਦੀ ਆਖਰੀ ਤਰੀਕ 30 ਨਵੰਬਰ ਹੈ। ਹਰੇਕ ਅਰਜ਼ੀ ਦੀ ਤਸਦੀਕ ਪਿੰਡ ਦੀ ਪੰਚਾਇਤ ਕਰੇਗੀ ਤੇ ਉਸ ਤੋਂ ਬਾਅਦ ਮਾਲ ਵਿਭਾਗ ਦੀ ਸਬੰਧਤ ਅਥਾਰਟੀ ਵੱਲੋਂ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਬਾਸਮਤੀ ਦੀ ਕਾਸ਼ਤ ਕਰਨ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਲਈ ਹੀ ਮੁਆਵਜ਼ੇ ਦੀ ਸਿਫਾਰਸ਼ ਕੀਤੀ ਜਾ ਸਕੇ।
ਵਿਦੇਸ਼ 'ਚ ਬੈਠੇ ਹੀ ਸਰਕਾਰ ਚਲਾਉਣਗੇ ਕੈਪਟਨ ਅਮਰਿੰਦਰ ਸਿੰਘ
NEXT STORY