ਚੰਡੀਗੜ੍ਹ : ਸੂਬੇ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਕਿਸਾਨ-ਸਰਕਾਰ ਮਿਲਣੀ’ ਦੀ ਤਰਜ਼ ਉਤੇ ‘ਪਿੰਡ-ਸਰਕਾਰ ਮਿਲਣੀ’ ਕਰਵਾਈ ਜਾਵੇਗੀ ਤਾਂ ਕਿ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਭਾਈਵਾਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਹਾਸਲ ਕੀਤੇ ਜਾ ਸਕਣ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਪਿੰਡ-ਕਿਸਾਨ ਮਿਲਣੀ’ ਜ਼ਿਲ੍ਹਾ ਪੱਧਰ ਉਤੇ ਕਰਵਾਈ ਜਾਵੇਗੀ ਜਿੱਥੇ ਪੰਚਾਇਤਾਂ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂੰ ਕਰਵਾਉਣਗੀਆਂ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ‘ਪਿੰਡ-ਕਿਸਾਨ ਮਿਲਣੀਆਂ’ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ ਤਾਂ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੀ ਗੱਲ ਰੱਖਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ
ਭਗਵੰਤ ਮਾਨ ਨੇ ਕਿਹਾ ਕਿ ਇਹ ਮਿਲਣੀਆਂ ਮਾਲਵਾ ਖਿੱਤੇ ਵਿਚ ਦੋ ਦਿਨ ਜਦਕਿ ਦੋਆਬੇ ਤੇ ਮਾਝੇ ਵਿਚ ਇਕ-ਇਕ ਦਿਨ ਕਰਵਾਈਆਂ ਜਾਣਗੀਆਂ ਕਿਉਂਕਿ ਜੋ ਸੂਬੇ ਦੇ 60 ਫੀਸਦੀ ਪਿੰਡ ਮਾਲਵੇ ਖੇਤਰ ਵਿਚ ਪੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅਕਸਰ ਦੇਖਿਆ ਗਿਆ ਕਿ ਪੰਚਾਇਤਾਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਧਰ ’ਤੇ ਹੱਲ ਹੋਣ ਵਾਲੇ ਛੋਟੇ-ਛੋਟੇ ਮਸਲੇ ਵੀ ਸਬੰਧਤ ਅਧਿਕਾਰੀਆਂ ਤੱਕ ਨਹੀਂ ਪਹੁੰਚਾ ਸਕਦੀਆਂ ਜਿਸ ਨਾਲ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਕਈ ਪੰਚਾਇਤਾਂ ਨੇ ਨਿਵੇਕਲੇ ਪ੍ਰਾਜੈਕਟ ਲਾਗੂ ਕਰਕ ਆਪੋ-ਆਪਣੇ ਪਿੰਡਾਂ ਨੂੰ ਮਾਡਰਨ ਪਿੰਡਾਂ ਵਜੋਂ ਵਿਕਸਤ ਕੀਤਾ ਹੈ ਜਿਸ ਨਾਲ ਇਨ੍ਹਾਂ ਪੰਚਾਇਤਾਂ ਪਾਸੋਂ ਸੁਝਾਅ ਵੀ ਲਏ ਜਾਣਗੇ। ਇਸੇ ਕਰਕੇ ਸੂਬੇ ਵਿਚ ਪਿੰਡ-ਸਰਕਾਰ ਮਿਲਣੀਆਂ ਕਰਵਾਉਣ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਦੀ ਆਖਰੀ ਚਿਤਾਵਨੀ, ਜੇ ਨਾ ਕੀਤਾ ਇਹ ਕੰਮ ਤਾਂ ਕੱਟੇਗਾ ਮੋਟਾ ਚਲਾਨ
ਸੂਬੇ ਵਿਚ ‘ਕਿਸਾਨ-ਸਰਕਾਰ ਮਿਲਣੀ’ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਵਿਚ ਉਨ੍ਹਾਂ ਨੇ ਖੁਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਜਾ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਨਹਿਰੀ ਪਾਣੀ ਸਮੇਂ ਸਿਰ ਛੱਡਣ, ਝੋਨੇ ਦੀ ਬਿਜਾਈ ਆਦਿ ਬਾਰੇ ਸੁਝਾਅ ਵੀ ਦਿੱਤੇ ਸਨ ਜਿਸ ਦੇ ਮੁਤਾਬਕ ਸਰਕਾਰ ਨੇ ਸੂਬਾ ਭਰ ਵਿਚ ਇਸ ਵਾਰ ਨਹਿਰੀ ਪਾਣੀ ਦੀ ਕਮੀ ਨਹੀਂ ਆਉਣ ਦਿੱਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐੱਸ. ਜੀ. ਪੀ. ਸੀ. ਵਲੋਂ ਵਿਧਾਨ ਸਭਾ ’ਚ ਪਾਸ ਕੀਤਾ ਸਿੱਖ ਗੁਰਦੁਆਰਾ ਸੋਧ ਐਕਟ ਰੱਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਐੱਸ. ਜੀ. ਪੀ. ਸੀ. ਵਲੋਂ ਇਜਲਾਸ ਦੌਰਾਨ ਲਏ ਫ਼ੈਸਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
NEXT STORY