ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਵੀਰਵਾਰ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸ਼ਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਟਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਈਲਡ ਡਿਵੈਲਪਮੈਂਟ (ਨਿਪਸਡ) ਮੋਹਾਲੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਤੇ ਸਮਰੱਥ ਹਨ, ਉਹ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਡਾਪਸ਼ਨ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਹੋਵੇ। ਇਸ ਤਰ੍ਹਾਂ ਭਵਿੱਖ ’ਚ ਹਰ ਬੱਚੇ ਦੀ ਗੋਦ ਲੈਣ ਦੀ ਪ੍ਰਕਿਰਿਆ ਨਿਯਮਾਂ ਅਨੁਸਾਰ ਤੇ ਵਧੀਆ ਤਰੀਕੇ ਨਾਲ ਹੀ ਪੂਰੀ ਹੋਣੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਅਡਾਪਸ਼ਨ ਰੈਗੂਲੇਸ਼ਨ-2022 ਨੂੰ ਸੂਬੇ ’ਚ ਲਾਗੂ ਕਰਕੇ ਬਿਨਾਂ ਮਾਪਿਆਂ ਵਾਲੇ ਬੱਚਿਆਂ ਦੀ ਜ਼ਿੰਦਗੀ ਵਿੱਚ ਨਵੇਂ ਰੰਗ ਭਰਨ ਅਤੇ ਉਨ੍ਹਾਂ ਨੂੰ ਪਿਆਰ ਭਰਿਆ ਘਰ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਹ ਮਹੱਤਵਪੂਰਨ ਕਦਮ ਹੈ।
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਰਾਜ ਪੱਧਰੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਰਾਜ ਪੱਧਰੀ ਸਮਾਗਮ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨਾਲ ਸਿੱਧਾ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਗਿਆਨ ’ਚ ਵਾਧਾ ਕਰਨਗੇ। ਸਰਕਾਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਬੱਚਾ ਗੋਦ ਲੈਣ ਦੇ ਪ੍ਰਬੰਧ ਲਾਗੂ ਕਰਨ ਨਾਲ ਬੇਸਹਾਰਾ ਬੱਚਿਆਂ ਦਾ ਭਵਿੱਖ ਸੁਨਹਿਰਾ ਬਣੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਭੋਰੇ 'ਚ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!
ਕਾਰਾ (CARA) ਦੀ ਸੀ.ਈ.ਓ. ਭਾਵਨਾ ਸਕਸੈਨਾ ਨੇ ਵੀ ਪੰਜਾਬ ਸਰਕਾਰ ਵੱਲੋਂ ਅਡਾਪਸ਼ਨ ਰੈਗੂਲੇਸ਼ਨ-2022 ਦੇ ਤਹਿਤ ਆਯੋਜਿਤ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਕਾਫੀ ਜਟਿਲ ਤੇ ਸੰਵੇਦਨਸ਼ੀਲ ਹੁੰਦੀ ਹੈ। ਅਜਿਹੇ ਟ੍ਰੇਨਿੰਗ ਪ੍ਰੋਗਰਾਮ ਨਿਰੰਤਰ ਕਰਵਾਏ ਜਾਣਾ ਬਹੁਤ ਜ਼ਰੂਰੀ ਹਨ।
ਟ੍ਰੇਨਿੰਗ ਸਮਾਗਮ ’ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ, ਡਾ. ਸ਼ੇਨਾ ਅਗਰਵਾਲ, ਵਿਸ਼ੇਸ ਸਕੱਤਰ ਕੇਸ਼ਵ ਹਿੰਗੋਨੀਆਂ, ਵਧੀਕ ਸਕੱਤਰ ਵਿੰਮੀ ਭੂਲਰ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ, ਮੁੱਖ ਮੈਡੀਕਲ ਅਫ਼ਸਰਾਂ,ਚਾਇਲਡ ਵੈਲਫੇਅਰ ਕਮੇਟੀਆਂ (ਸੀ ਡਬਲਿਊ ਸੀ), ਸਪੈਸ਼ਲ ਅਡਾਪਸ਼ਨ ਏਜੰਸੀਜ਼ (ਐਸ ਏ ਏ), ਜ਼ਿਲ੍ਹਾ ਬੱਚਾ ਸੁਰੱਖਿਆ ਯੂਨਿਟਾਂ (ਡੀਸੀਪੀਯੂ) ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਉਤਸ਼ਾਹ ਨਾਲ ਸ਼ਾਮਲ ਹੋਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੁੱਧ ਨਸ਼ਿਆ ਵਿਰੁੱਧ: ਦੋ ਦਿਨ ਪਹਿਲਾਂ ਜੇਲ੍ਹ ਤੋਂ ਆਏ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
NEXT STORY