ਚੰਡੀਗੜ੍ਹ : ਜੰਮੂ-ਕਸ਼ਮੀਰ 'ਚੋਂ ਧਾਰਾ-370 ਹਟਾਉਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਦੋਪੱਖੀ ਵਪਾਰਕ ਸਬੰਧ ਤੋੜ ਲਏ ਹਨ ਅਤੇ ਏਅਰਸਪੇਸ ਦਾ ਇਕ ਕਾਰੀਡੋਰ ਵੀ ਬੰਦ ਕਰ ਦਿੱਤਾ ਹੈ। ਹੁਣ ਪੰਜਾਬ ਸਰਕਾਰ ਨੂੰ ਇਹ ਚਿੰਤਾ ਸਤਾ ਰਹੀ ਹੈ ਕਿ ਕਿਤੇ ਇਸ ਦਾ ਅਸਰ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ 'ਤੇ ਨਾ ਪੈ ਜਾਵੇ, ਇਸ ਦੇ ਲਈ ਪੰਜਾਬ ਸਰਕਾਰ ਦਾ ਇਕ ਵਫਦ ਕੈਬਨਿਟ ਮੰਤਰੀ ਓ. ਪੀ. ਸੋਨੀ ਦੀ ਅਗਵਾਈ 'ਚ ਪਾਕਿਸਤਾਨ ਜਾਵੇਗਾ। ਇਸ ਗੱਲ ਦੀ ਜਾਣਕਾਰੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦਿੱਤੀ ਗਈ ਹੈ।
ਇਸ ਵਫਦ ਵਲੋਂ ਉੱਥੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਨਾਲ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਤੈਅ ਸਮੇਂ 'ਚ ਪੂਰਾ ਹੋ ਜਾਵੇਗਾ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਰਤ ਖਿਲਾਫ ਪਾਕਿਸਤਾਨ ਵਲੋਂ ਲਏ ਗਏ ਫੈਸਲੇ ਤੋਂ ਫਿਕਰਮੰਦ ਹਨ ਅਤੇ ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਲਾਂਘੇ ਦਾ ਕੰਮ ਰੋਕ ਕੇ ਪਾਕਿਸਤਾਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਨਹੀਂ ਮਾਰੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਕਰਤਾਰਪੁਰ ਲਾਂਘਾ ਨਿਰਮਾਣ ਕਰਨ ਦੇ ਫੈਸਲੇ ਦਾ ਪੂਰੀ ਦੁਨੀਆ ਦੇ ਸਿੱਖਾਂ ਨੇ ਸਵਾਗਤ ਕੀਤਾ ਸੀ ਪਰ ਜੇਕਰ ਹੁਣ ਇਸ ਪ੍ਰਾਜੈਕਟ ਨੂੰ ਲੀਹੋਂ ਲਾਹੁਣ ਲਈ ਕੋਈ ਵੀ ਕਦਮ ਚੁੱਕਿਆ ਗਿਆ ਤਾਂ ਇਸ ਨਾਲ ਲੱਖਾਂ ਸ਼ਰਧਾਲੂਆਂ ਨੂੰ ਨਿਰਾਸ਼ਾ ਹੋਵੇਗੀ। ਕੈਪਟਨ ਨੇ ਕਿਹਾ ਕਿ ਰਾਜਸੀ ਜੋੜ-ਤੋੜ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ 'ਤੇ ਹਾਵੀ ਹੋਣ ਦੀ ਆਗਿਆ ਨਹੀਂ ਦੇਣੀ ਚਾਹੀਦੀ, ਜਿਨ੍ਹਾਂ ਲਈ ਕਰਤਾਰਪੁਰ ਗੁਰਦੁਆਰਾ ਸ਼ਰਧਾ ਤੇ ਸਤਿਕਾਰ ਦਾ ਪ੍ਰਤੀਕ ਹੈ।
ਏਅਰ ਫੋਰਸ ਦੀ ਭਰਤੀ ਰੈਲੀ 'ਤੇ ਪ੍ਰਸ਼ਾਸਨ ਰੱਖ ਰਿਹੈ ਪੂਰੀ 'ਅੱਖ'
NEXT STORY