ਚੰਡੀਗੜ੍ਹ : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇਕ ਵੀ ਪੈਸਾ ਖਰਚੇ ਬਿਨਾਂ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਕਾਂਗਰਸ 'ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ ਨਵਜੋਤ ਸਿੱਧੂ
ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇਕ ਪ੍ਰਮੁੱਖ ਪਹਿਲ ਹੈ ਜਿਸ ਦਾ ਉਦੇਸ਼ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਬੰਧੀ ਵਿੱਤੀ ਸੁਰੱਖਿਆ ਅਤੇ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਵਿਸ਼ਵ ਪੱਧਰੀ ਸਿਹਤ ਕਵਰੇਜ ਵੱਲ ਇਕ ਅਹਿਮ ਕਦਮ ਹੈ ਜਿਸ ਤਹਿਤ ਹਰੇਕ ਨਾਮਜ਼ਦ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਲੈਣ ਦਾ ਹੱਕਦਾਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈਟਵਰਕ ਵਿਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਔਰਤ ਵੱਲੋਂ ਮਾਂ ਤੇ ਪੁੱਤ ਨਾਲ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸੂਚੀਬੱਧ ਹਸਪਤਾਲਾਂ ਵਿਚ ਨਕਦ ਰਹਿਤ ਅਤੇ ਕਾਗਜ਼ ਰਹਿਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਦੂਜੇ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ 'ਤੇ ਹੋਣ ਵਾਲੇ ਖਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਹ ਸਕੀਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਿਹਤ ਸੰਭਾਲ ਸੇਵਾਵਾਂ ਤਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਧੀਨ ਹਸਪਤਾਲ ਵਿਚ ਭਰਤੀ ਹੋਣ ‘ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਅਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਮਾਨ, ਹਸਪਤਾਲ ਵਿਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਆਮਦਨ ਸਬੰਧੀ ਕੋਈ ਸੀਮਾਂ ਨਹੀਂ ਰੱਖੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਵਿੱਤੀ ਤੰਗੀਆਂ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਭਲਾਈ ਲਈ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ 'ਚੋਂ ਮੁਅੱਤਲ ਕੀਤੇ ਜਾਣ ਮਗਰੋਂ ਭਾਜਪਾ ਦੇ ਵੱਡੇ ਆਗੂ ਨੂੰ ਮਿਲੇ ਨਵਜੋਤ ਸਿੱਧੂ
NEXT STORY