ਬਟਾਲਾ (ਸਾਹਿਲ, ਯੋਗੀ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨਾਲ ਲਗਾਤਾਰ ਕੀਤੀ ਜਾ ਰਹੀ ਵਾਅਦਾਖਿਲਾਫੀ ਅਤੇ ਟਾਲ-ਮਟੋਲ ਦੀ ਨੀਤੀ ਖਿਲਾਫ਼ ਹੁਣ ਅਧਿਆਪਕਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਹੈ। ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਜਥੇਬੰਦੀ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਦੀ ਅਣਦੇਖੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਸਰਕਾਰ ਦੀਆਂ ਲਾਰਾ ਲਾਓ ਨੀਤੀਆਂ ਦਾ ਜਵਾਬ ਦੇਣ ਲਈ ਹੁਣ 'ਮਿਸ਼ਨ 2027' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- PUNJAB ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫਿਰੋਜ਼ਪੁਰ, ਪਰਮਵੀਰ ਸਿੰਘ ਪੰਮੀ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 6600 ਕੰਪਿਊਟਰ ਅਧਿਆਪਕ ਪਿਛਲੇ 20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਅਤੇ ਬਿਨਾਂ ਕਿਸੇ ਪੱਕੇ ਰੁਜ਼ਗਾਰ ਲਾਭ ਦੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਕੁੰਭਕਰਨੀ ਨੀਂਦ ਸੌਂ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਪੜ੍ਹੋ 5 ਦਿਨਾਂ ਦੀ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਹਰ ਫ੍ਰੰਟ 'ਤੇ ਸਰਕਾਰ ਨੂੰ ਘੇਰਨਗੇ ਕੰਪਿਊਟਰ ਅਧਿਆਪਕ
ਆਗੂਆਂ ਨੇ 'ਮਿਸ਼ਨ 2027' ਦੀ ਰਣਨੀਤੀ ਸਾਂਝੀ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਸਿਰਫ ਇੱਕ ਜ਼ਿਲ੍ਹੇ ਜਾਂ ਇੱਕ ਹਲਕੇ ਤੱਕ ਹੀ ਸੀਮਤ ਨਹੀਂ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਕੰਪਿਊਟਰ ਅਧਿਆਪਕ ਹੁਣ ਹਰ ਫ੍ਰੰਟ 'ਤੇ ਸਰਕਾਰ ਨੂੰ ਘੇਰਨਗੇ। ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਅਤੇ ਸਰਕਾਰ ਦੇ ਹਰ ਸਮਾਗਮ ਵਿੱਚ ਕੰਪਿਊਟਰ ਅਧਿਆਪਕ ਪਹੁੰਚ ਕੇ ਵੱਡੇ ਪੱਧਰ 'ਤੇ ਆਪਣਾ ਵਿਰੋਧ ਦਰਜ ਕਰਵਾਉਣਗੇ। ਜਿੱਥੇ ਕਿਤੇ ਵੀ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਜਾਣਗੇ, ਉੱਥੇ ਅਧਿਆਪਕ ਕਾਲੀਆਂ ਪੱਟੀਆਂ ਅਤੇ ਬੈਨਰ ਲੈ ਕੇ ਸਰਕਾਰ ਦੀ ਵਾਅਦਾਖਿਲਾਫੀ ਦਾ ਪੋਲ ਖੋਲ੍ਹਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮੰਚ 'ਤੇ ਜਵਾਬਦੇਹ ਬਣਾਇਆ ਜਾਵੇਗਾ। ਇਸਦੇ ਨਾਲ ਹੀ ਸੋਸ਼ਲ ਮੀਡੀਆ ਤੇ ਸੀ.ਐੱਫ ਮਿਸ਼ਨ 2027 ਇੱਕ ਵੱਡੀ ਮੁਹਿੰਮ ਚਲਾਈ ਜਵੇਗੀ ਜਿਸ ਵਿਚ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਕੀਤੀ ਗਈ ਬੇਇੰਸਾਫੀ ਨੂੰ ਲੋਕਾਂ ਦੀ ਕਚਿਹਰੀ ਵਿਚ ਰੱਖਦੇ ਹੋਏ ਇੰਨਸਾਫ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਸਿੱਖਿਆ ਮੰਤਰੀ ਦਾ 'ਦੀਵਾਲੀ ਗਿਫਟ' ਮਹਿਜ਼ ਇੱਕ 'ਜੁਮਲਾ' ਸਾਬਿਤ ਹੋਇਆ
ਆਗੂਆਂ ਨੇ ਭਰੇ ਮਨ ਨਾਲ ਰੋਸ ਜ਼ਾਹਰ ਕਰਦਿਆਂ ਕਿਹਾ ਕਿ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੜੇ ਜ਼ੋਰ-ਸ਼ੋਰ ਨਾਲ ਐਲਾਨ ਕੀਤਾ ਗਿਆ ਸੀ ਕਿ ਕੰਪਿਊਟਰ ਅਧਿਆਪਕਾਂ ਨੂੰ ਉਸ ਸਾਲ ਦੀਵਾਲੀ ਮੌਕੇ 'ਦੀਵਾਲੀ ਗਿਫਟ' ਦੇ ਰੂਪ ਵਿਚ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਨੂੰ ਵਿਭਾਗ ਵਿੱਚ ਪੱਕੇ ਤੌਰ 'ਤੇ ਮਰਜ ਕੀਤਾ ਜਾਵੇਗਾ ਅਤੇ 6ਵੇਂ ਪੇ-ਕਮਿਸ਼ਨ ਦਾ ਲਾਭ ਦਿੱਤਾ ਜਾਵੇਗਾ ਪਰ ਅੱਜ ਕਈ ਮਹੀਨੇ ਬੀਤ ਜਾਣ ਅਤੇ ਨਵਾਂ ਸਾਲ ਚੜ੍ਹਨ ਦੇ ਬਾਵਜੂਦ ਉਹ ਐਲਾਨ ਮਹਿਜ਼ ਇੱਕ ਸਿਆਸੀ ਜੁਮਲਾ ਅਤੇ ਛਲਾਵਾ ਹੀ ਸਾਬਿਤ ਹੋਇਆ ਹੈ।
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ?
ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ ਅਤੇ 6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਣ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਨਾਲ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ, ਪਰ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਨਹੀਂ ਲਈ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਤਾਂ ਉਹ ਚੁੱਪ ਨਹੀਂ ਬੈਠਣਗੇ ਅਤੇ ਸਰਕਾਰ ਦੇ ਖਿਲਾਫ ਲਗਾਤਾਰ ਸੰਘਰਸ਼ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਖ-ਵੱਖ ਥਾਈਂ ਵਾਪਰੇ ਸੜਕ ਹਾਦਸਿਆਂ ‘ਚ ਮਾਂ-ਧੀ ਸਣੇ 6 ਜ਼ਖਮੀ
NEXT STORY