ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਸਾਲ 2022 'ਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈੱਡ ਓਵਰ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ 'ਚ ਕਰਵਾਈ ਗਈ।
ਇਹ ਵੀ ਪੜ੍ਹੋ : ਸਾਲ-2025 'ਚ ਕਦੋਂ-ਕਦੋਂ ਹੋਣਗੀਆਂ ਸਰਕਾਰੀ ਛੁੱਟੀਆਂ, ਜਾਰੀ ਹੋਇਆ ਕੈਲੰਡਰ
ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ‘ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ 'ਚ ਲਾਇਬ੍ਰੇਰੀਆਂ ਸ਼ੁਰੂ ਕਰਨ ਦੇ ਸੁਫ਼ਨੇ ਨੂੰ ਸਾਕਾਰ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਸਕੀਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ 15 ਅਗਸਤ ਵਾਲੇ ਦਿਨ ਖ਼ੁਦ ਇਸ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਇਸ ਵੇਲੇ ਪੰਜਾਬ ਭਰ 'ਚ 114 ਪੇਂਡੂ ਲਾਇਬ੍ਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ। ਲੋਕਤੰਤਰ ਦੀ ਮਜ਼ਬੂਤੀ ਲਈ ਸਾਲ 2024 ਦੌਰਾਨ ਪੰਚਾਇਤੀ ਚੋਣਾਂ ਕਰਵਾਈਆਂ ਗਈਆਂ। ਸੌਂਧ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ, ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਭਲਾਈ ਕੰਮਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Social Media 'ਤੇ ਆਹ ਕੰਮ ਕਰਨ ਵਾਲੇ ਸਾਵਧਾਨ! ਰੱਦ ਹੋ ਸਕਦੈ ਲਾਇਸੈਂਸ
ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਬਣੇ ਸੈਲਫ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆਂ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖ਼ਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਇਸ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ 'ਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ, ਮੌਜੂਦਾ ਵਿੱਤੀ ਸਾਲ ਦੌਰਾਨ ਕੁੱਲ 5166 ਘਰ ਬਣਾਏ ਗਏ ਹਨ, ਜਿਨ੍ਹਾਂ ਦਾ ਕੁੱਲ ਖ਼ਰਚ 62 ਕਰੋੜ ਰੁਪਏ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕੁੱਲ 18,000 ਘਰ ਬਣਾਏ ਜਾਣਗੇ, ਜਿਨ੍ਹਾਂ ਦਾ ਕੁੱਲ ਖ਼ਰਚ 220 ਕਰੋੜ ਰੁਪਏ ਹੋਵੇਗਾ। ਵਿੱਤੀ ਸਾਲ 2025-26 'ਚ ਹੋਰ 25,000 ਘਰ ਬਣਾਏ ਜਾਣਗੇ। ਇਸ ਸਕੀਮ ਤਹਿਤ ਨਵੇਂ ਲਾਭਪਾਤਰੀ ਜੋੜਨ ਲਈ 1 ਨਵੰਬਰ 2024 ਤੋਂ ਨਵਾਂ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ ਲਈ ਹਰ ਪਿੰਡ 'ਚ ਵੱਖਰਾ ਸਰਵੇਅਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡਾਂ ਦੀ ਦਿੱਖ ਸੰਵਾਰਨ ਲਈ ਅਤੇ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਲਈ ਵੀ ਕਈ ਸਕੀਮਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEXT STORY