ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ 'ਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਨਾਲ ਸਨਮਾਨਤ ਕਰਨ ਲਈ 12 ਅਗਸਤ ਨੂੰ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥ੍ਰੋਅ 'ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 32.67 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ। ਇਹ ਖੁਲਾਸਾ ਸੂਬੇ ਦੇ ਖੇਡ ਮੰਤਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਖੇਡ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨਮਾਨਤ ਕਰਨਗੇ ਜਦੋਂ ਕਿ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਉਪਰੰਤ ਸਮੂਹ ਖਿਡਾਰੀਆਂ ਨੂੰ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਜਾਵੇਗੀ।
ਇਹ ਖ਼ਬਰ ਪੜ੍ਹੋ- ਭਾਰਤੀ ਮਹਿਲਾ ਟੀਮ ਦਾ ਸਤੰਬਰ 'ਚ ਹੋਵੇਗਾ ਆਸਟਰੇਲੀਆਈ ਦੌਰਾ
ਖੇਡ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ 'ਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਦੇ ਮੰਤਵ ਨਾਲ ਓਲੰਪਿਕ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਪਹਿਲਾਂ ਐਲਾਨੀ ਇਨਾਮੀ ਰਾਸ਼ੀ 'ਚ ਵੀ ਵਾਧਾ ਕਰ ਦਿੱਤਾ ਹੈ ਤਾਂ ਜੋ ਨਵੀਂ ਉਮਰ ਦੇ ਖਿਡਾਰੀਆਂ ਨੂੰ ਮੋਟੀਵੇਸ਼ਨ ਮਿਲ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਿਛੋਕੜ ਰੱਖਣ ਵਾਲੇ ਸੋਨ ਤਮਗਾ ਜੇਤੂ ਐਥਲੀਟ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਪਰ ਹੁਣ ਨੀਰਜ ਨੂੰ 2.51 ਕਰੋੜ ਰੁਪਏ ਨਾਲ ਸਨਮਾਨਿਆ ਜਾਵੇਗਾ।
ਇਹ ਖ਼ਬਰ ਪੜ੍ਹੋ- ਬਾਰਸੀਲੋਨਾ ਛੱਡਣ ਤੋਂ ਬਾਅਦ ਇਸ ਕਲੱਬ 'ਚ ਸ਼ਾਮਲ ਹੋਣਗੇ ਮੇਸੀ, ਮਿਲਣਗੇ ਇੰਨੇ ਅਰਬ ਰੁਪਏ
ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ 'ਚ ਤਮਗਾ ਜਿੱਤਿਆ ਹੈ ਜਿਸ ਵਿਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨ੍ਹਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਕ੍ਰਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਖਿਡਾਰੀਆਂ ਦੀ ਰਾਸ਼ੀ 'ਚ ਵੀ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਦੇ ਹਰੇਕ ਹਾਕੀ ਖਿਡਾਰੀ ਨੂੰ 2.51 ਕਰੋੜ ਰੁਪਏ ਦੇ ਨਗਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।
ਇਸੇ ਤਰ੍ਹਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ 'ਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ 6ਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਹੋਰਨਾਂ ਖਿਡਾਰੀਆਂ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅੰਗਦਵੀਰ ਸਿੰਘ ਅਤੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ ਅਤੇ ਪੈਰਾਲੰਪਿਕ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਪ੍ਰੋ. ਬੀਰਦਵਿੰਦਰ ਕੌਰ ਦੋਦੜਾ ਬਣੀ ਚਾਈਲਡ ਵੈਲਫੇਅਰ ਕਮੇਟੀ ਦੀ ਚੇਅਰਪਰਸਨ
NEXT STORY