ਮਾਛੀਵਾੜਾ ਸਾਹਿਬ (ਟੱਕਰ) : ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਸੰਘੇ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ 4 ਅਪ੍ਰੈਲ ਨੂੰ ਮੌਤ ਹੋ ਗਈ ਸੀ। ਪੁਲਸ ਨੇ ਇਸ ਸਬੰਧੀ ਹਾਦਸੇ ਦਾ ਮਾਮਲਾ ਦਰਜ ਕੀਤਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਇਸ ਮਾਮਲੇ ਨੂੰ ਲੈ ਕੇ ਪੁਲਸ ਚੌਂਕੀ ਕਟਾਣੀ ਨੇੜੇ ਇਨਸਾਫ਼ ਲਈ ਚੰਡੀਗੜ੍ਹ-ਲੁਧਿਆਣਾ ਮਾਰਗ ’ਤੇ ਧਰਨਾ ਦੇ ਕੇ ਚੱਕਾ ਜਾਮ ਕਰ ਦਿੱਤਾ ਅਤੇ ਕਿਹਾ ਕਿ ਮਨਪ੍ਰੀਤ ਸਿੰਘ ਦਾ ਕਤਲ ਹੋਇਆ ਪਰ ਪੁਲਸ ਇਸ ਨੂੰ ਹਾਦਸਾ ਦੱਸ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਨੌਜਵਾਨ ਮਨਪ੍ਰੀਤ ਸਿੰਘ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ 4 ਅਪ੍ਰੈਲ ਦੀ ਰਾਤ ਨੂੰ ਜਦੋਂ ਉਹ ਆਪਣੇ ਦੋਸਤ ਨਾਲ ਸੈਰ ’ਤੇ ਗਿਆ ਤਾਂ ਉਸਦੇ ਸਿਰ ਵਿਚ ਸੱਟ ਲੱਗਣ ਕਾਰਨ ਮੌਤ ਹੋ ਗਈ। ਕਿਸਾਨ ਆਗੂ ਨੇ ਕਿਹਾ ਕਿ ਪਰਿਵਾਰਕ ਮੈਂਬਰ ਪੁਲਸ ਕੋਲ ਗੁਹਾਰ ਲਗਾਉਂਦੇ ਰਹੇ ਕਿ ਉਨ੍ਹਾਂ ਦੇ ਲੜਕੇ ਸੜਕ ਹਾਦਸੇ ਵਿਚ ਨਹੀਂ ਹੋਈ ਬਲਕਿ ਉਸਦਾ ਕਤਲ ਕੀਤਾ ਗਿਆ ਹੈ ਜਿਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਉਸਦੇ ਨਾਲ ਦੇ ਸਾਥੀ ਤੋਂ ਚੰਗੀ ਤਰ੍ਹਾਂ ਪੁੱਛ ਪਡ਼ਤਾਲ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੁਲਸ ਨੂੰ ਕਾਰਵਾਈ ਲਈ ਸਮਾਂ ਦਿੱਤਾ ਗਿਆ ਸੀ ਪਰ ਕੋਈ ਵੀ ਕਾਰਵਾਈ ਨਾ ਹੋਈ ਪਰ ਅੱਜ ਇਨਸਾਫ਼ ਲਈ ਕਿਸਾਨ ਯੂਨੀਅਨ ਪਰਿਵਾਰ ਨਾਲ ਡੱਟ ਕੇ ਸਾਥ ਦੇ ਰਹੀ ਹੈ, ਜਿਸ ਕਾਰਨ ਰੋਸ ਵਜੋਂ ਅੱਜ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਕਿਸਾਨ ਆਗੂ ਮਨਪ੍ਰੀਤ ਸਿੰਘ ਘੁਲਾਲ ਨੇ ਵੀ ਕਿਹਾ ਕਿ ਅੱਜ ਪੀੜਤ ਪਰਿਵਾਰ ਤੇ ਕਿਸਾਨ ਯੂਨੀਅਨ ਵਲੋਂ ਇਨਸਾਫ਼ ਲੈਣ ਲਈ ਮਜ਼ਬੂਰ ਹੋ ਕੇ ਧਰਨਾ ਲਗਾਉਣਾ ਪਿਆ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਨਾਲ ਗਏ ਸਾਥੀ ਦੇ ਕੋਈ ਸੱਟ ਨਹੀਂ ਲੱਗੀ, ਜਦਕਿ ਉਸਦੀ ਮੌਤ ਹੋ ਗਈ, ਇਸ ਲਈ ਪਰਿਵਾਰ ਨੂੰ ਸ਼ੱਕ ਹੈ ਕਿ ਸਾਡੇ ਪੁੱਤਰ ਦਾ ਕਤਲ ਹੋਇਆ ਹੈ। ਇਸ ਲਈ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨਸਾਫ਼ ਲੈਣ ਲਈ ਪੁਲਸ ਉੱਚ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਪਰ ਕੋਈ ਵੀ ਕਾਰਵਾਈ ਨਹੀਂ ਹੋਈ। ਚੰਡੀਗੜ੍ਹ-ਲੁਧਿਆਣਾ ਮਾਰਗ ਜਾਮ ਕਰਕੇ ਬੈਠੇ ਧਰਨਕਾਰੀਆਂ ਨੂੰ ਸਮਝਾਉਣ ਲਈ ਡੀ. ਐੱਸ. ਪੀ. ਸਾਹਨੇਵਾਲ ਅਤੇ ਹੋਰ ਪੁਲਸ ਅਧਿਕਾਰੀ ਮੌਕੇ ’ਤੇ ਪੁੱਜੇ ਹੋਏ ਸਨ।
ਮੈਡੀਕਲ ਰਿਪੋਰਟ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : ਏ. ਸੀ. ਪੀ
ਏ. ਸੀ. ਪੀ. ਸਾਹਨੇਵਾਲ ਜਸਵਿੰਦਰ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੀਆਂ ਜੋ ਮੈਡੀਕਲ ਰਿਪੋਰਟਾਂ ਹਨ, ਉਹ ਮੰਗਵਾਈਆਂ ਗਈਆਂ ਹਨ ਅਤੇ ਉਸਦੀ ਜੋ ਰਿਪੋਰਟ ਹੋਵੇਗੀ, ਉਸ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਹਾਦਸੇ ਦਾ ਪਰਚਾ ਦਰਜ ਕੀਤਾ ਗਿਆ ਹੈ ਅਤੇ ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਹੁਣ ਉਸ ਆਧਾਰ ’ਤੇ ਪੁਲਸ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕਿਸੇ ਵੀ ਸਿਆਸੀ ਦਬਾਅ ਹੋਣ ਤੋਂ ਇਨਕਾਰ ਕੀਤਾ।
ਭਾਰੀ ਮੀਂਹ ਨੇ ਦਿਵਾਈ ਗਰਮੀ ਤੋਂ ਰਾਹਤ, ਤਾਪਮਾਨ 10 ਡਿਗਰੀ ਤੱਕ ਡਿੱਗਿਆ
NEXT STORY