ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਸੂਬੇ ਦੀਆਂ ਜੇਲ੍ਹਾਂ ਵਿਚ ਕੈਦੀਆਂ ਨਾਲ ਫਿਜ਼ੀਕਲ ਮੁਲਾਕਾਤ ਬੰਦ ਕਰਨ ਦਾ ਫੈਸਲਾ ਕੀਤਾ ਹੈ। ਵੀਡਿਓ ਕਾਨਫਰਸਿੰਗ ਜ਼ਰੀਏ ਕੈਦੀਆਂ ਦੀ ਆਪਣੇ ਰਿਸ਼ਤੇਦਾਰ-ਸਨੇਹੀਆਂ ਨਾਲ ਈ-ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ।
ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਉਪਰੰਤ ਵੇਰਵੇ ਜਾਰੀ ਕਰਦਿਆਂ ਜੇਲ੍ਹ ਮੰਤਰੀ ਨੇ ਦੱਸਿਆ ਕਿ-
- ਕੈਦੀਆਂ ਦੀ ਸਮਰੱਥਾ ਘਟਾਉਣ ਲਈ ਪੈਰੋਲ ਤੇ ਜ਼ਮਾਨਤਾਂ ਦੇਣ ਦੀ ਚਾਰਾਜੋਈ ਕੀਤੀ ਜਾ ਰਹੀ ਹੈ।
- ਜੇਲ੍ਹਾਂ ਨੂੰ ਕੀਟਾਣੂੰ ਮੁਕਤ ਕੀਤਾ ਜਾ ਰਿਹਾ ਹੈ ਤੇ ਬੈਰਕਾਂ ਵਿਚ ਕੈਦੀਆਂ ਦਾ ਰਲਣਾ ਅਤੇ ਖੇਡ ਗਤੀਵਿਧੀਆਂ ਬੰਦ ਹਨ।
- ਕੈਦੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ; ਜੇਲ੍ਹ ਸਟਾਫ ਤੇ ਮੈਡੀਕਲ ਅਫਸਰਾਂ ਨੂੰ ਰੋਕਥਾਮ ਅਤੇ ਇਲਾਜ ਲਈ ਸਿਖਲਾਈ ਦਿੱਤੀ ਗਈ ਹੈ।
- ਨਵੇਂ ਕੈਦੀਆਂ, ਪੈਰੋਲ ਤੇ ਅਦਾਲਤਾਂ 'ਚ ਸੁਣਵਾਈ ਤੋਂ ਪਰਤੇ ਕੈਦੀ ਸਕਰੀਨਿੰਗ ਉਪਰੰਤ ਤਿੰਨ ਤੋਂ ਸੱਤ ਦਿਨਾਂ ਲਈ ਇਕੱਲੇ ਰਹਿਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹਾਂ ਦੀਆਂ ਬੈਰਕਾਂ ਸਣੇ ਹੋਰ ਅਹਿਮ ਥਾਵਾਂ ਤੇ ਇਸ ਬਿਮਾਰੀ ਦੇ ਲੱਛਣ, ਬਚਾਅ ਅਤੇ ਪਰਹੇਜ਼ ਦੇ ਤਰੀਕਿਆਂ ਸਬੰਧੀ ਤਿਆਰ ਕੀਤੇ ਜਾਗਰੂਕਤਾ ਪੋਸਟਰ ਚਿਪਕਾ ਦਿੱਤੇ ਗਏ ਹਨ। ਕੈਦੀਆਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਾਹਰਾਂ ਵੱਲੋਂ ਜੇਲ੍ਹ ਸਟਾਫ ਅਤੇ ਮੈਡੀਕਲ ਅਫਸਰਾਂ ਨੂੰ ਰੋਕਥਾਮ, ਸ਼ਨਾਖਤ ਅਤੇ ਇਲਾਜ ਸਬੰਧੀ ਸਿਖਲਾਈ ਦਿੱਤੀ ਗਈ ਹੈ। ਸਮੂਹ ਜੇਲ੍ਹ ਖੇਤਰ ਨੂੰ ਕੀਟਾਣੂ ਮੁਕਤ ਕੀਤਾ ਜਾ ਰਿਹਾ ਹੈ ਅਤੇ ਸਾਫ ਸਫਾਈ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਵੱਧ ਜ਼ੋਖਮ ਵਾਲੇ ਕੈਦੀਆਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾ ਰਿਹਾ ਹੈ ਜਿਨ੍ਹਾਂ ਵਿਚ ਬਜ਼ੁਰਗ, ਗਰਭਵਤੀ ਔਰਤਾਂ, ਮਾਵਾਂ ਨਾਲ ਰਹਿ ਰਹੇ ਬੱਚੇ, ਐੱਚ.ਆਈ.ਵੀ., ਟੀ. ਬੀ. ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪੇਸ਼ੀਆਂ ਹੁਣ ਵੀਡਿਓ ਕਾਨਫਰਸਿੰਗ ਜ਼ਰੀਏ ਕੀਤੀਆਂ ਜਾਣਗੀਆਂ। ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿਚ ਜੇਲ੍ਹਾਂ ਵਿਚ ਵੱਧ ਭੀੜ ਨਹੀਂ ਹੈ ਪਰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ ਤੇ ਮਾਨਸਾ ਦੀਆਂ ਕੁਝ ਜੇਲ੍ਹਾਂ ਵਿਚ ਥੋੜੀ ਭੀੜ ਹੈ, ਜਦੋਂ ਕਿ ਬਾਕੀ ਜੇਲ੍ਹਾਂ ਵਿਚ ਹੋਰ ਕੈਦੀ ਰੱਖਣ ਦੀ ਸਮਰੱਥਾ ਪਈ ਹੈ, ਇਸੇ ਲਈ ਭੀੜ ਵਾਲੀਆਂ ਜੇਲ੍ਹਾਂ ਵਿਚੋਂ ਦੂਜੀਆਂ ਜੇਲ੍ਹਾਂ ਵਿਚ ਕੈਦੀ ਤਬਦੀਲ ਕਰਨ ਦੀ ਯੋਜਨਾ ਉਲੀਕੀ ਗਈ ਹੈ।
ਗੁੰਮਰਾਹਕੁੰਨ ਅਫਵਾਹਾਂ ਬਣਾਉਣ ਅਤੇ ਫੈਲਾਉਣ ਵਾਲਿਆਂ 'ਤੇ ਹੋਣਗੇ ਪਰਚੇ
NEXT STORY