ਚੰਡੀਗੜ੍ਹ : ਸੂਬੇ ਵਿਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ ਪੰਜਾਬ ਪੁਲਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸ. ਡੀ. ਆਰ. ਐੱਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਐੱਸ. ਏ. ਐੱਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ। ਸੂਬੇ ਵਿਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐੱਸ. ਐੱਸ. ਪੀਜ਼ ਨੂੰ ਫੀਲਡ ਵਿਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐੱਨਡੀਆਰਐੱਫ ਦੀਆਂ 15 ਟੀਮਾਂ ਅਤੇ ਐੱਸਡੀਆਰਐੱਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐੱਸ.ਬੀ.ਐੱਸ. ਨਗਰ, ਐੱਸ.ਏ.ਐੱਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਕਾਰਨ ਵਿਗੜੇ ਹਾਲਾਤ ਦਰਮਿਆਨ ਲੁਧਿਆਣਾ ਦੇ ਡੀ. ਸੀ. ਦੀ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿਚ ਜਾਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਢਾਈ ਲੱਖ ਦੀ ਠੱਗੀ ਮਾਰਨ ਵਾਲੇ ਥਾਣੇਦਾਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ
NEXT STORY