ਮੋਗਾ (ਆਜ਼ਾਦ) : ਜ਼ਿਲਾ ਪ੍ਰਸ਼ਾਸਨ ਅਤੇ ਮੋਗਾ ਪੁਲਿਸ ਵੱਲੋਂ ਕਿਸਾਨਾਂ ਨੂੰ ਖੇਤਾਂ ਵਿਚ ਜਾ ਕੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦੇਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਚੜਿੱਕ ਦੇ ਮੁਖੀ ਪੂਰਨ ਸਿੰਘ ਨੇ ਆਪਣੀ ਪੁਲਸ ਟੀਮ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਸਿੰਘਾਂਵਾਲਾ, ਝੰਡੇਵਾਲਾ, ਤਾਰੇਵਾਲਾ, ਚੁੱਪਕੀਤੀ ਅਤੇ ਚੜਿੱਕ ਸਮੇਤ ਕਈ ਹੋਰ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਥਾਣਾ ਮੁਖੀ ਪੂਰਨ ਸਿੰਘ ਨੇ ਕਿਸਾਨਾਂ ਨੂੰ ਸਮਝਾਉਂਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਸਿਰਫ਼ ਵਾਤਾਵਰਣ ਹੀ ਪ੍ਰਦੂਸ਼ਿਤ ਨਹੀਂ ਹੁੰਦਾ, ਸਗੋਂ ਜ਼ਮੀਨ ਦੇ ਉਪਜਾਊ ਤੱਤ ਅਤੇ ਮਿੱਤਰ ਕੀੜੇ, ਜਿਵੇਂ ਕੇਂਚੂਏ ਆਦਿ ਵੀ ਨਸ਼ਟ ਹੋ ਜਾਂਦੇ ਹਨ।
ਇਸ ਕਾਰਨ ਭਵਿੱਖ ਵਿਚ ਫ਼ਸਲਾਂ ਦੀ ਪੈਦਾਵਾਰ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਆਧੁਨਿਕ ਤਰੀਕਿਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਨੂੰ ਹੋਣ ਵਾਲੇ ਨੁਕਸਾਨ ਦੀ ਪੂਰਤੀ ਕਰਨ ਲਈ ਬਾਅਦ ਵਿਚ ਕਿਸਾਨਾਂ ਨੂੰ ਜ਼ਮੀਨ ਦੀ ਉਪਜਾਊ ਸ਼ਕਤੀ ਬਹਾਲ ਕਰਨ ’ਤੇ ਵੱਡੀ ਰਕਮ ਖਰਚ ਕਰਨੀ ਪੈਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਬਜਾਏ ਖੇਤ ਵਿਚ ਹੀ ਹਲ ਚਲਾ ਕੇ ਮਿੱਟੀ ਵਿਚ ਮਿਲਾਉਣ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਮਿੱਟੀ ਨੂੰ ਲੋੜੀਂਦੇ ਤੱਤ ਵੀ ਮਿਲਣਗੇ।
ਥਾਣਾ ਮੁਖੀ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਦੇ ਹੋਰ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਪ੍ਰਸ਼ਾਸਨ ਅਤੇ ਪੁਲਸ ਦੀ ਇਸ ਸਕਾਰਾਤਮਕ ਤੇ ਪ੍ਰੇਰਣਾਦਾਇਕ ਪਹਿਲ ਦੀ ਸਥਾਨਕ ਕਿਸਾਨਾਂ ਵੱਲੋਂ ਵੀ ਸ਼ਲਾਘਾ ਕੀਤੀ ਗਈ। ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਉਹ ਵਾਤਾਵਰਣ ਅਤੇ ਆਪਣੀ ਉਪਜਾਊ ਜ਼ਮੀਨ ਦੀ ਰੱਖਿਆ ਲਈ ਪਰਾਲੀ ਸਾੜਨ ਤੋਂ ਗੁਰੇਜ਼ ਕਰਨਗੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨਗੇ।
ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ
NEXT STORY