ਜਲਾਲਾਬਾਦ (ਸੁਨੀਲ ਨਾਗਪਾਲ): ਜਲਾਲਾਬਾਦ ਦੇ ਸਿਟੀ ਥਾਣਾ ਕੈਂਪਸ ਵਿਚ ਰਾਤ ਨੂੰ ਤਕਰੀਬਨ 2 ਵਜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਾਕਾ ਕਿਸ ਕਾਰਨ ਹੋਇਆ, ਇਸ ਦੀ ਅਜੇ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ। ਧਮਾਕੇ ਕਾਰਨ ਥਾਣੇ ਦੇ ਅੰਦਰ ਖੜ੍ਹੀਆਂ ਦੋ ਪੁਰਾਣੀਆਂ ਗੱਡੀਆਂ ਦੇ ਸ਼ੀਸ਼ੇ ਟੁੱਟ ਗਏ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੀਨੀਅਰ ਪੁਲਸ ਅਫ਼ਸਰਾਂ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਸ ਨੇ ਅਹਿਤਿਆਤ ਵਜੋਂ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤੇ ਫ਼ੋਰੈਂਸਿਕ ਟੀਮ ਨੂੰ ਬੁਲਾ ਕੇ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ। ਫੋਰੈਂਸਿਕ ਟੀਮ ਮੌਕੇ ਦੀ ਜਾਂਚ ਕਰ ਰਹੀ ਹੈ, ਜਦਕਿ ਪੁਲਸ ਵੱਲੋਂ ਥਾਣੇ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਐੱਸ. ਪੀ. ਸਤਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਿਟੀ ਜਲਾਲਾਬਾਦ ਥਾਣੇ ਵਿਚ ਰਾਤ ਨੂੰ ਤਕਰੀਬਨ 2 ਵਜੇ ਧਮਾਕਾ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਮਗਰੋਂ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ। ਧਮਾਕੇ ਨਾਲ ਥਾਣੇ ਵਿਚ ਖੜ੍ਹੀਆਂ 2 ਪੁਰਾਣੀਆਂ ਕਾਰਾਂ ਦੇ ਸ਼ੀਸ਼ੇ ਟੁੱਟੇ ਹਨ। ਉਨ੍ਹਾਂ ਕਿਹਾ ਕਿ ਫੋਰੈਂਸਿਕ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੀ ਅਸਲੀਅਤ ਦਾ ਪਤਾ ਲੱਗ ਸਕੇਗਾ। ਐੱਸ. ਪੀ. ਨੇ ਦੱਸਿਆ ਕਿ ਪੁਲਸ ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਰਾਤ ਦੇ ਸਮੇਂ ਬਿਜਲੀ ਸਪਲਾਈ ਨਾਲ ਜੁੜੇ ਮੁੱਦੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ ਸੀ ਤੇ ਪੁਲਸ ਫ਼ੋਰਸ ਉੱਥੇ ਤਾਇਨਾਤ ਸੀ। ਇਸੇ ਦੌਰਾਨ ਮਗਰੋਂ ਥਾਣੇ ਵਿਚ ਧਮਾਕੇ ਦਾ ਮਾਮਲਾ ਸਾਹਮਣੇ ਆਇਆ। ਫ਼ਿਲਹਾਲ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੇ ਕਾਰਨਾਂ ਨੂੰ ਲੈ ਕੇ ਸਥਿਤੀ ਸਪਸ਼ਟ ਹੋ ਸਕੇਗੀ।
ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼
NEXT STORY