ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਿਹਗੜ੍ਹ ਸਾਹਿਬ ਪੁਲਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲ੍ਹਿਆਂ ਐੱਸ.ਏ.ਐੱਸ. ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿਚ ਇਹ ਮੁਹਿੰਮ ਚਲਾਈ ਗਈ।
ਇਹ ਖ਼ਬਰ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਅਲ ਬਦਰ ਦੇ ‘ਹਾਈਬ੍ਰਿਡ’ ਅੱਤਵਾਦੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਇਹ ਮੁਹਿੰਮ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐੱਸ.ਐੱਸ.ਪੀ. ਸੰਦੀਪ ਗਰਗ (ਐੱਸ.ਏ.ਐੱਸ. ਨਗਰ) ਅਤੇ ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ (ਫ਼ਤਿਹਗੜ੍ਹ ਸਾਹਿਬ) ਨੂੰ ਭਾਰੀ ਪੁਲਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ। ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਪੁਲਸ ਵੱਲੋਂ ਇਸ ਵਿਲੱਖਣ ਮੁਹਿੰਮ ਨੂੰ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਿਚ ਸਹਾਈ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇਗਾ। ਸਕੂਲੀ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਲਈ ਜਾਗਰੂਕ ਕਰਨ ਦਾ ਵਿਚਾਰ ਐੱਸ.ਐੱਸ.ਪੀ. ਫਤਹਿਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਦਾ ਸੀ।
ਇਹ ਖ਼ਬਰ ਵੀ ਪੜ੍ਹੋ : ਇਕਲੌਤੇ ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਪਿਓ ਦੀ ਦੁਬਈ ’ਚ ਹੋ ਗਈ ਸੀ ਮੌਤ, ਮਹੀਨੇ ਬਾਅਦ ਘਰ ਪੁੱਜੀ ਲਾਸ਼
ਉਨ੍ਹਾਂ ਕਿਹਾ ਕਿ ਪੁਲਸ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਐੱਸ. ਏ. ਐੱਸ. ਨਗਰ ਜ਼ਿਲ੍ਹੇ ਦੇ 14 ਪਿੰਡਾਂ ਨੇ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਮਤੇ ਪਾਸ ਕੀਤੇ ਹਨ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਘੱਟੋ-ਘੱਟ 67 ਪਿੰਡਾਂ ਅਤੇ 20 ਵਾਰਡਾਂ ਨੇ ਵੀ ਅਜਿਹੇ ਮਤੇ ਪਾਸ ਕੀਤੇ ਸਨ, ਜਦਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਿਆਂ ਲਈ ਬਦਨਾਮ ਦੋ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜੂਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ : ਡੀਜ਼ਲ ਇੰਜਣ ਕਾਰਾਂ ਖ਼ਰੀਦਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਇਨ੍ਹਾਂ ਗੱਡੀਆਂ ’ਤੇ ਲੱਗ ਸਕਦੀ ਹੈ ਪਾਬੰਦੀ
ਅੱਜ ਦੀ ਕਾਰਵਾਈ ਦੇ ਨਤੀਜਿਆਂ ਬਾਰੇ ਦੱਸਦਿਆਂ ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਪੁਲਸ ਟੀਮਾਂ ਨੇ 13 ਐੱਫ.ਆਈ.ਆਰਜ਼ ਦਰਜ ਕਰਕੇ 12 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 2.5 ਲੱਖ ਰੁਪਏ ਦੀ ਡਰੱਗ ਮਨੀ, 40 ਗ੍ਰਾਮ ਹੈਰੋਇਨ, 12 ਕਿਲੋ ਗਾਂਜਾ, 2 ਕਿਲੋ ਸੁਲਫਾ ਅਤੇ 1 ਕਿਲੋ ਭੁੱਕੀ ਵੀ ਬਰਾਮਦ ਕੀਤੀ ਹੈ। ਇਹ ਮੁਹਿੰਮ ਸਪੈਸ਼ਲ ਟਾਸਕ ਫੋਰਸ ਦੇ ਸਹਿਯੋਗ ਨਾਲ ਚਲਾਈ ਗਈ। ਇਸ ਦੌਰਾਨ ਆਈ.ਜੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ ਦੇ ਨਾਲ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮਹੱਦੀਆਂ ਤੋਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਡਾ. ਰਵਜੋਤ ਨੇ ਕਿਹਾ ਕਿ ਜਦੋਂ ਸਕੂਲੀ ਬੱਚਿਆਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕੀਤਾ ਜਾਂਦਾ ਹੈ ਤਾਂ ਉਹ ਨਸ਼ਿਆਂ ਵਿਰੁੱਧ ਲੜਾਈ ਵਿਚ ਇਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਬੱਚੇ ਨਾ ਸਿਰਫ ਖ਼ਤਰਨਾਕ ਨਸ਼ੇ ਵਾਲੇ ਪਦਾਰਥ ਦੀ ਵਰਤੋਂ ਨੂੰ ਨਾਂਹ ਕਹਿਣਾ ਸਿੱਖਦੇ ਹਨ, ਸਗੋਂ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਅਜਿਹੀ ਕਿਸੇ ਘਟਨਾ ਬਾਰੇ ਪਤਾ ਲੱਗਦਾ ਹੈ ਤਾਂ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਅਤੇ ਕੌਂਸਲਿੰਗ ਗਰੁੱਪਾਂ ਨਾਲ ਇਸ ਬਾਰੇ ਜਾਣਕਾਰੀ ਦੇਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।
ਸਤਲੁਜ 'ਚ ਰੁੜ੍ਹ ਕੇ ਸਰਹੱਦ ਪਾਰ ਪੁੱਜੇ ਨੌਜਵਾਨਾਂ ਬਾਰੇ ਵੱਡੀ ਖ਼ਬਰ, ਪਾਕਿ ਰੇਂਜਰਾਂ ਨੇ BSF ਨੂੰ ਕਹੀ ਇਹ ਗੱਲ
NEXT STORY