ਚੰਡੀਗੜ੍ਹ (ਅੰਕੁਰ): ਪੰਜਾਬ ’ਚ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਪਾਰਟੀ ’ਚ ਨਵੀਂ ਸਿਆਸੀ ਸ਼ਮੂਲੀਅਤ ਕਰਵਾਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਫ਼ਿਰੋਜ਼ਪੁਰ ਤੋਂ ਚੋਣ ਲੜ ਚੁੱਕੇ ਮੋਂਟੂ ਵੋਹਰਾ ਅਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਬਰਾੜ ਦੇ ਪੁੱਤਰ, ਸੇਵਾਮੁਕਤ ਐੱਸ.ਪੀ. ਰਾਜ ਬਲਵਿੰਦਰ ਸਿੰਘ ਬਰਾੜ ਨੂੰ ਕਾਂਗਰਸ ’ਚ ਸ਼ਾਮਲ ਕਰਵਾਇਆ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ’ਚ ਉਨ੍ਹਾਂ ਦਾ ਸਵਾਗਤ ਕੀਤਾ।
ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਕਾਂਗਰਸ ਦੀਆਂ ਨੀਤੀਆਂ ਤੇ ਵਿਚਾਰਧਾਰਾ ’ਚ ਵਿਸ਼ਵਾਸ ਪ੍ਰਗਟਾਉਂਦਿਆਂ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਪੰਜਾਬ ਦੇ ਹਿੱਤਾਂ ਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕਾਂਗਰਸ ਨਾਲ ਮਿਲ ਕੇ ਕੰਮ ਕਰਨਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
NEXT STORY