ਜਲੰਧਰ (ਧਵਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਦਸੰਬਰ ਵਿਚ ਪ੍ਰਸਤਾਵਿਤ ਕਾਰਪੋਰੇਸ਼ਨ ਚੋਣਾਂ ਵਿਚ ਕਾਂਗਰਸੀ ਪਰਿਵਾਰਾਂ 'ਚ ਸਾਫ-ਸੁਥਰੇ ਅਕਸ ਵਾਲੇ ਨੇਤਾਵਾਂ ਨੂੰ ਹੀ ਟਿਕਟਾਂ ਵੰਡੀਆਂ ਜਾਣਗੀਆਂ। ਇਸ ਸਬੰਧੀ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਨੂੰ ਆਧਾਰ ਬਣਾਉਂਦੇ ਹੋਏ ਪਾਰਟੀ ਟਿਕਟਾਂ ਵੰਡੇਗੀ। ਉਨ੍ਹਾਂ ਕਿਹਾ ਕਿ ਟਿਕਟਾਂ ਵੰਡਣ ਸਮੇਂ ਇਹ ਵੀ ਦੇਖਿਆ ਜਾਵੇਗਾ ਕਿ ਟਿਕਟ ਮੰਗ ਰਹੇ ਦਾਅਵੇਦਾਰਾਂ ਦੀ ਪਿਛਲੇ 10 ਸਾਲਾਂ ਵਿਚ ਕਾਂਗਰਸ ਪ੍ਰਤੀ ਭੂਮਿਕਾ ਕਿਸ ਤਰ੍ਹਾਂ ਦੀ ਰਹੀ ਹੈ ਅਤੇ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਕੀ ਰੋਲ ਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਨਾਲ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਜਾਖੜ ਨੇ ਕਿਹਾ ਕਿ ਕਾਰਪੋਰੇਸ਼ਨ ਚੋਣਾਂ ਦੀਆਂ ਤਿਆਰੀਆਂ ਪਾਰਟੀਆਂ ਨੇ ਸ਼ੁਰੂ ਕਰ ਦਿੱਤੀਆਂ ਹਨ ਅਤੇ ਕਾਂਗਰਸੀ ਵਿਧਾਇਕਾਂ ਨੂੰ ਆਪਣੇ-ਆਪਣੇ ਹਲਕਿਆਂ ਵਿਚ ਧਿਆਨ ਕੇਂਦ੍ਰਿਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਸਹਿਮਤੀ ਨਾਲ ਦਾਅਵੇਦਾਰਾਂ ਨੂੰ ਕਾਰਪੋਰੇਸ਼ਨ ਚੋਣਾਂ ਵਿਚ ਟਿਕਟਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦਾ ਏਜੰਡਾ ਬਿਲਕੁਲ ਸਾਫ ਹੈ ਕਿ ਇਨ੍ਹਾਂ ਚੋਣਾਂ ਨੂੰ ਜਿੱਤ ਕੇ ਕਾਂਗਰਸ 2019 ਵਿਚ ਲੋਕ ਸਭਾ ਚੋਣਾਂ ਜਿੱਤਣ ਵੱਲ ਵਧੇਗੀ ਅਤੇ ਜਿਸ ਤਰ੍ਹਾਂ ਨਾਲ ਦੇਸ਼ ਭਰ ਵਿਚ ਭਾਜਪਾ ਪ੍ਰਤੀ ਰੋਸ ਵਪਾਰੀ ਵਰਗ ਵਿਚ ਉੱਭਰਿਆ ਹੋਇਆ ਹੈ, ਉਸ ਨੂੰ ਦੇਖਦੇ ਹੋਏ ਕਾਰਪੋਰੇਸ਼ਨ ਚੋਣਾਂ ਵਿਚ ਵੀ ਕਾਂਗਰਸ ਨੂੰ ਲਾਭ ਮਿਲੇਗਾ।
ਕਾਰਪੋਰੇਸ਼ਨ ਅਤੇ ਕੁਝ ਨਗਰ ਕੌਂਸਲ ਚੋਣਾਂ ਨੂੰ ਦੇਖਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਨੇ ਸੂਬਾਈ ਪ੍ਰਧਾਨ ਜਾਖੜ ਨਾਲ ਮੁਲਾਕਾਤ ਕਰਨੀ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ-ਆਪਣੇ ਵਿਚਾਰ ਸੂਬਾ ਪ੍ਰਧਾਨ ਦੇ ਸਾਹਮਣੇ ਰੱਖ ਰਹੇ ਹਨ। ਦੱਸਿਆ ਜਾਂਦਾ ਹੈ ਕਿ ਦਸੰਬਰ ਵਿਚ ਪ੍ਰਸਤਾਵਿਤ ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਕਾਰਪੋਰੇਸ਼ਨ ਚੋਣਾਂ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਚ ਕਾਂਗਰਸ ਭਵਨ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਲੁਧਿਆਣਾ ਕਾਰਪੋਰੇਸ਼ਨ ਦੀਆਂ ਚੋਣਾਂ ਸਰਕਾਰ ਵਲੋਂ ਅਗਲੇ ਸਾਲ ਦੇ ਸ਼ੁਰੂ ਵਿਚ ਕਰਵਾਈਆਂ ਜਾਣਗੀਆਂ, ਜਦਕਿ ਹੋਰ ਤਿੰਨ ਕਾਰਪੋਰੇਸ਼ਨਾਂ ਦੀਆਂ ਚੋਣਾਂ ਦਸੰਬਰ ਮਹੀਨੇ ਵਿਚ ਹੀ ਹੋ ਜਾਣੀਆਂ ਹਨ।
ਰੇਲਗੱਡੀਆਂ ਦੀ ਗਤੀ ਹੌਲੀ ਹੋਣ ਨਾਲ ਯਾਤਰੀ ਪ੍ਰੇਸ਼ਾਨ
NEXT STORY