ਭਵਾਨੀਗੜ੍ਹ (ਕਾਂਸਲ)– ਭਵਾਨੀਗੜ੍ਹ ਦੇ ਨੇੜਲੇ ਪਿੰਡ ਲੱਖੇਵਾਲ ਦੇ 21 ਸਾਲਾ ਨੌਜਵਾਨ ਪ੍ਰਿੰਸ ਸਿੰਘ ਦੀ ਮ੍ਰਿਤਕ ਦੇਹ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ ਹੈ। ਪੁਲਸ ਨੇ ਇਸ ਮਾਮਲੇ ’ਚ ਦੋ ਸਕੇ ਭਰਾਵਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਗਸੀਰ ਸਿੰਘ ਵਾਸੀ ਪਿੰਡ ਲੱਖੇਵਾਲ ਨੇ ਪੁਲਸ ਚੈੱਕ ਪੋਸਟ ਕਾਲਾਝਾੜ ਵਿਖੇ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 2 ਮਈ ਦੀ ਸ਼ਾਮ ਉਸ ਦੇ ਪੁੱਤਰ ਪ੍ਰਿੰਸ ਸਿੰਘ ਨੂੰ ਉਸ ਦੇ ਸਕੂਲ ਸਮੇਂ ਦੇ ਦੋਸਤ ਰਹੇ ਰਣਯੋਧ ਸਿੰਘ ਉਰਫ਼ ਜੋਧਾ ਵਾਸੀ ਪਿੰਡ ਮੁਣਸ਼ੀਵਾਲਾ ਨੇ ਫੋਨ ਕਰਕੇ ਮੋਬਾਇਲ ਚਾਰਜਰ ਲੈਣ ਦੇ ਬਹਾਨੇ ਪਿੰਡ ਦੇ ਬਾਹਰਲੇ ਪਾਸੇ ਬੁਲਾਇਆ ਸੀ। ਇਸ ਤੋਂ ਬਾਅਦ ਪ੍ਰਿੰਸ ਸਿੰਘ ਘਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਸ ਦਾ ਮੋਬਾਇਲ ਫੋਨ ਬੰਦ ਆ ਰਿਹਾ ਸੀ।
ਪੁਲਸ ਚੈੱਕ ਪੋਸਟ ਦੇ ਇੰਚਾਰਜ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਿਕਾਇਤ ਮਿਲਣ ਉਪਰੰਤ ਤੁਰੰਤ ਪੜਤਾਲ ਸ਼ੁਰੂ ਕਰ ਦਿੱਤੀ ਗਈ ਅਤੇ ਸਬੰਧਤ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਰਣਯੋਧ ਸਿੰਘ ਉਰਫ਼ ਜੋਧਾ ਅਤੇ ਉਸ ਦੇ ਭਰਾ ਸੁਖਚੈਨ ਸਿੰਘ ਉਰਫ਼ ਚੈਨੀ ਨੇ ਕਬੂਲਿਆ ਕਿ ਉਹ ਕਾਰ ਰਾਹੀਂ ਪ੍ਰਿੰਸ ਸਿੰਘ ਨੂੰ ਭਾਖੜਾ ਨਹਿਰ ਕੋਲ ਲੈ ਕੇ ਗਏ ਸਨ, ਜਿੱਥੇ ਉਨ੍ਹਾਂ ਨੇ ਕਥਿਤ ਤੌਰ 'ਤੇ ਇਕੱਠੇ ਨਸ਼ਾ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਿੰਸ ਸਿੰਘ ਦੀ ਹਾਲਤ ਜ਼ਿਆਦਾ ਖ਼ਰਾਬ ਹੋ ਜਾਣ ’ਤੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ।
ਇਸ ਦੌਰਾਨ ਪ੍ਰਿੰਸ ਸਿੰਘ ਦੀ ਮ੍ਰਿਤਕ ਦੇਹ ਜੌੜਾ ਮਾਜਰਾ ਨੇੜੇ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਸਮਾਣਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਬਾਅਦ ਵਿਚ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
NEXT STORY