ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 21 ਫਰਵਰੀ ਤੱਕ ਚੱਲੇਗਾ। ਇਸ ਬਜਟ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਹਰ ਮੁੱਦੇ 'ਤੇ ਘੇਰਨ ਦੀ ਤਿਆਰੀ ਖਿੱਚ ਲਈ ਗਈ ਹੈ। ਸੈਸ਼ਨ ਦੌਰਾਨ ਸਿਆਸਤ ਪੂਰੀ ਗਰਮਾਉਣ ਦੀ ਸੰਭਾਵਨਾ ਹੈ ਕਿਉਂਕਿ ਹਰੇਕ ਪਾਰਟੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਰਖੀਆਂ 'ਚ ਰਹਿਣ ਲਈ ਇਕ-ਦੂਜੇ 'ਤੇ ਇਲਜ਼ਾਮ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸਣਯੋਗ ਹੈ ਕਿ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਬਦਨੌਰ ਦੇ ਭਾਸ਼ਣ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੌਰਾਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਉਪਲਬੱਧੀਆਂ ਨੂੰ ਉਜਾਗਰ ਕਰਨਗੇ, ਉਥੇ ਹੀ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਲੀਹਾਂ ਲਾਹੁਣ ਦੀ ਪੂਰੀ ਤਿਆਰੀ ਖਿੱਚੀ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਮਲਾਵਰ ਰੁੱਖ ਅਖਤਿਆਰ ਕੀਤਾ ਹੋਇਆ ਹੈ ਅਤੇ ਪਿਛੜੇ ਵਰਗਾਂ ਲਈ ਉੱਚ ਬਿਜਲੀ ਦਰਾਂ ਦੇ ਮੁੱਦੇ 'ਤੇ ਸਰਕਾਰ ਨੂੰ ਲੰਮੇ ਹੱਥੀਂ ਲੈਣ ਦੀ ਯੋਜਨਾ ਉਲੀਕੀ ਹੋਈ ਹੈ। ਉਧਰ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਵਿਚ ਵੱਧ ਬਿਜਲੀ ਦਰਾਂ ਦੇ ਮੁੱਦੇ 'ਤੇ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ ਅਤੇ ਸੁਭਾਵਿਕ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਮੁੱਦਾ ਵਿਧਾਨ ਸਭਾ ਵਿਚ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਜਾਵੇਗਾ। ਕਿਸਾਨ ਖੁਦਕੁਸ਼ੀਆਂ 'ਚ ਵਾਧਾ ਹੋਣ ਅਤੇ ਉਨ੍ਹਾਂ ਨੂੰ ਮੁਆਵਜ਼ਾ ਨਾ ਮਿਲਣਾ, ਵੱਡੇ ਪੱਧਰ 'ਤੇ ਬੇਰੋਜ਼ਗਾਰੀ ਦੀ ਸਮੱਸਿਆ, ਗੈਰ-ਕਾਨੂੰਨੀ ਖਨਨ ਤੋਂ ਇਲਾਵਾ ਸੂਬੇ ਦੇ ਕਈ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਣ ਲਈ ਤਿਆਰੀ ਕਰ ਲਈ ਹੈ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਉਹ ਉੱਚ ਬਿਜਲੀ ਦਰਾਂ 'ਤੇ ਸਰਕਾਰ ਨੂੰ ਬੇਨਕਾਬ ਕਰਨ ਵਾਲੇ ਹਨ, ਜਿਸ 'ਚ ਉਪਭੋਗਤਾਵਾਂ ਤੋਂ 60 ਰੁਪਏ ਪ੍ਰਤੀ ਯੂਨਿਟ ਦਾ ਚਾਰਜ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਘਰ-ਘਰ ਨੋਕਰੀ ਯੋਜਨਾ 'ਚ ਪਲੇਸਮੈਂਟ ਦਾ ਜੋ ਘੋਟਾਲਾ ਕੀਤਾ ਗਿਆ ਹੈ, ਉਸ ਨੂੰ ਵੀ ਸੈਸ਼ਨ 'ਚ ਉਜਾਗਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਸਾਲ 1986 'ਚ ਨਕੋਦਰ 'ਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸਦਨ 'ਚ ਪੇਸ਼ ਕਰਨ ਦੀ ਮੰਗ ਕੀਤੀ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਨੂੰ ਕੰਟਰੋਲ ਕਰਨ 'ਚ ਸਰਕਾਰ ਦੀ ਅਸਫਲਤਾ ਨੂੰ ਵੀ ਸਦਨ 'ਚ ਉਜਾਗਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦਾ ਬਜਟ ਸੈਸ਼ਨ 12 ਫਰਵਰੀ ਤੋਂ 21 ਫਰਵਰੀ ਤੱਕ ਹੋਵੇਗਾ ਜਦਕਿ 18 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਦੇ ਪਹਿਲੇ ਦਿਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। 13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ। 15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ, ਜਿਸ ਤੋਂ ਬਾਅਦ ਭਾਸ਼ਣ 'ਤੇ ਬਹਿਸ ਆਰੰਭ ਹੋਵੇਗੀ, ਜੋ ਪੂਰਾ ਦਿਨ ਚੱਲੇਗੀ। 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ। 20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ 'ਤੇ ਆਮ ਬਹਿਸ ਸ਼ੁਰੂ ਹੋਵੇਗੀ। ਬਜਟ ਦੇ ਆਖਰੀ ਦਿਨ ਯਾਨੀ 21 ਫਰਵਰੀ ਸਵੇਰੇ 10 ਵਜੇ ਗੈਰ ਸਰਕਾਰੀ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ ਬਜਟ ਅਨੁਮਾਨ ਦੀਆਂ ਮੰਗਾਂ 'ਤੇ ਬਹਿਸ 'ਤੇ ਵੋਟਿੰਗ ਹੋਵੇਗੀ।
ਵਿਦੇਸ਼ ਗਏ ਵਿਅਕਤੀ ਦਾ ਬਣਿਆ ਨਕਲੀ ਲਾਈਸੈਂਸ, ਟ੍ਰਾਸਪੋਰਟ ਵਿਭਾਗ ਸਵਾਲਾਂ ਦੇ ਘੇਰੇ 'ਚ
NEXT STORY