ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਬੀਤੇ ਦਿਨੀਂ ਹੋਈ ਗੜੇਮਾਰੀ ਤੇ ਬਰਸਾਤ ਨੇ ਇਕ ਵਾਰ ਫ਼ਿਰ ਠੰਡ ਵਧਾ ਦਿੱਤੀ ਹੈ। ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਵਿਚ ਤਾਪਮਾਨ ਇਕ ਵਾਰ ਫ਼ਿਰ 3.7 ਡਿਗਰੀ 'ਤੇ ਜਾ ਪਹੁੰਚਿਆ ਹੈ। ਉੱਥੇ ਹੀ ਆਉਣ ਵਾਲੇ 2 ਦਿਨਾਂ ਵਿਚ ਠੰਡ ਹੋਰ ਵਧਣ ਦੇ ਆਸਾਰ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਆਉਣ ਵਾਲੇ ਕੁਝ ਦਿਨ ਸੂਬੇ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ 28, 29 ਅਤੇ 30 ਜਨਵਰੀ ਤਕ ਸੂਬੇ ਵਿਚ ਸੰਘਣੀ ਧੁੰਦ ਰਹੇਗੀ। ਉੱਥੇ ਹੀ 31 ਜਨਵਰੀ ਨੂੰ ਸੂਬੇ ਦੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋਵੇਗੀ ਤੇ 1 ਫ਼ਰਵਰੀ ਨੂੰ ਸੂਬੇ ਵਿਚ ਗਰਜ ਦੇ ਨਾਲ ਤੇਜ਼ ਬਾਰਿਸ਼ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਅਗਲੇ 2 ਦਿਨਾਂ ਤਕ ਤਾਪਮਾਨ ਵਿਚ 3.5 ਡਿਗਰੀ ਤਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਵਿਭਾਗ ਵੱਲੋਂ ਅੱਜ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਤੇ ਕੁਝ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿਚ ਸੀਤ ਲਹਿਰ ਅਤੇ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਮਾਲੇਰਕੋਟਲਾ ਵਿਚ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ।

ਇਸੇ ਤਰ੍ਹਾਂ 29 ਅਤੇ 30 ਜਨਵਰੀ ਨੂੰ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਸਰ ਵੇਖਣ ਨੂੰ ਮਿਲੇਗਾ। ਹਾਲਾਂਕਿ ਇਸ ਦੌਰਾਨ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ। ਉੱਥੇ ਹੀ 1 ਫ਼ਰਵਰੀ ਤੋਂ ਮੌਸਮ ਦਾ ਮਿਜਾਜ਼ ਹੋਰ ਬਦਲੇਗਾ ਤੇ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿਚ ਬੱਦਲਾਂ ਦੀ ਗਰਜ ਦੇ ਨਾਲ ਤੇਜ਼ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
NEXT STORY