ਜਲੰਧਰ (ਪੁਨੀਤ)- ਪੰਜਾਬ, ਹਰਿਆਣਾ, ਦਿੱਲੀ ਐੱਨ. ਸੀ. ਆਰ. ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਦਾ ਦੋਹਰਾ ਰਵੱਈਆ ਦੇਖਣ ਨੂੰ ਮਿਲਿਆ ਹੈ। ਮੌਸਮ ਵਿਭਾਗ ਨੇ 29 ਅਤੇ 30 ਜੂਨ ਲਈ ਕਈ ਇਲਾਕਿਆਂ ਵਿਚ 'ਹੀਟ ਵੇਵ' ਦੀ ਚਿਤਾਵਨੀ ਜਾਰੀ ਕੀਤੀ ਹੈ। ਉੱਥੇ ਹੀ, 1 ਜੁਲਾਈ ਤੋਂ ਗਰਜ-ਚਮਕ, ਤੇਜ਼ ਹਵਾਵਾਂ ਅਤੇ ਤੇਜ਼ ਬਾਰਿਸ਼ ਦੀ ਵੀ ਸੰਭਾਵਨਾ ਜਤਾਉਂਦੇ ਹੋਏ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਬਾਰਿਸ਼ ਦੀ ਪੇਸ਼ੀਨਗੋਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਸਥਾਨਾਂ 'ਤੇ ਹਲਕੇ ਮੀਂਹ, ਗਰਜ-ਚਮਕ ਨਾਲ ਤੇਜ਼ ਹਵਾਵਾਂ ਚੱਲੀਆਂ ਜਦਕਿ ਹਰਿਆਣਾ ਦੇ ਕੁਝ ਇਲਾਕਿਆਂ ਵਿਚ ਹਲਕਾ ਮੀਂਹ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਹਰਿਆਣਾ ਦੇ ਕਈ ਖੇਤਰਾਂ ਵਿਚ 'ਹੀਟ ਵੇਵ' ਦੀ ਸਥਿਤੀ ਬਣੀ ਰਹੀ।
ਪੰਜਾਬ 'ਚ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 45.7 ਡਿਗਰੀ ਸੈਲਸੀਅਸ ਫਰੀਦਕੋਟ ਵਿਚ ਰਿਕਾਰਡ ਕੀਤਾ ਗਿਆ। ਉੱਥੇ ਹੀ ਹਰਿਆਣਾ ਵਿਚ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੋਇਆ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਭਿਵਾਨੀ ਵਿਚ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਹਫ਼ਤੇ ’ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਐੱਨ. ਸੀ. ਆਰ. ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਗਰਜ-ਚਮਕ ਨਾਲ ਤੇਜ਼ ਮੀਂਹ ਤੇ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 6,28,000 ਰੁਪਏ ਦੀ ਠੱਗੀ
NEXT STORY