ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਮੌਨਸੂਨ ਦਾ ਅਸਰ ਲਗਾਤਾਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰ ਤੋਂ ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਬਾਰਿਸ਼ ਹੋ ਰਹੀ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਲਈ ਤਾਜ਼ਾ ਬੁਲੇਟਿਨ ਜਾਰੀ ਕਰਦਿਆਂ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ, ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਲਈ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ, 4 ਤੋਂ 6 ਅਗਸਤ ਤੱਕ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 7 ਤੋਂ 9 ਅਗਸਤ ਤੱਕ ਮੀਂਹ ਦੀ ਰਫ਼ਤਾਰ ਕੁਝ ਘੱਟ ਸਕਦੀ ਹੈ, ਪਰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।

ਉਂਝ ਤਾਂ ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ ਚੰਗੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਨਾਲ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤਨ ਘੱਟੋ-ਘੱਟ ਤਾਪਮਾਨ ਵਿਚ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ (23.1 ਡਿਗਰੀ) ਹੁਸ਼ਿਆਰਪੁਰ ਦੇ ਸਾਲੇਰਨ ਵਿਚ ਦਰਜ ਕੀਤਾ ਗਿਆ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਘੱਟੋ-ਘੱਟ ਤਾਪਮਾਨ 28 ਡਿਗਰੀ ਤੋਂ ਹੇਠਾਂ ਰਿਹਾ। ਆਉਣ ਵਾਲੇ ਦਿਨਾਂ ਵਿਚ ਬਰਸਾਤ ਕਾਰਨ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ।
ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
NEXT STORY