ਪਟਿਆਲਾ : ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਚ ਦੇਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਅਤੇ ਪੁਲਸ ਵਿਚਕਾਰ ਤਕਰਾਰ ਦੀ ਸਥਿਤੀ ਬਣ ਗਈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪਟਿਆਲਾ ਪੁਲਸ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਪੁਲਸ ਬੁਲਾ ਕੇ ਉਨ੍ਹਾਂ ’ਤੇ ਲਾਠੀਚਾਰਜ ਕਰਵਾਇਆ ਗਿਆ। ਵਿਦਿਆਰਥੀਆਂ ਦੇ ਇਨ੍ਹਾਂ ਦੋਸ਼ਾਂ ਤੋਂ ਬਾਅਦ ਦੇਰ ਰਾਤ ਯੂਨੀਵਰਸਿਟੀ ਕੈਂਪਸ ਵਿਚ ਕਾਫੀ ਤਣਾਅ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿਚ ਪੁਲਸ ਬਲ ਮੌਕੇ ’ਤੇ ਤਾਇਨਾਤ ਨਜ਼ਰ ਆਇਆ।
ਇਸ ਦੌਰਾਨ ਜਦੋਂ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ’ਤੇ ਦਬਾਅ ਬਣਾਇਆ ਗਿਆ ਤਾਂ ਮੌਕੇ ’ਤੇ ਮੌਜੂਦ ਇਕ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਕੈਮਰੇ ਦੇ ਸਾਹਮਣੇ ਮੁਆਫ਼ੀ ਵੀ ਮੰਗੀ ਗਈ। ਉੱਥੇ ਹੀ ਪਟਿਆਲਾ ਪੁਲਸ ਨੇ ਵਿਦਿਆਰਥੀਆਂ ਵੱਲੋਂ ਲਗਾਏ ਲਾਠੀਚਾਰਜ ਦੇ ਦੋਸ਼ਾਂ ਨੂੰ ਨਕਾਰਦਿਆਂ ਆਪਣਾ ਪੱਖ ਰੱਖਿਆ। ਪੁਲਸ ਮੁਤਾਬਕ ਕਿਸੇ ਵੀ ਤਰ੍ਹਾਂ ਦਾ ਲਾਠੀਚਾਰਜ ਨਹੀਂ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਦੋ ਵੱਖ-ਵੱਖ ਜਥੇਬੰਦੀਆਂ ਜਾਂ ਵਿਦਿਆਰਥੀ ਯੂਨੀਅਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਣਾ ਹੈ ਅਤੇ ਦੋਵਾਂ ਧਿਰਾਂ ਵਿਚਕਾਰ ਟਕਰਾਅ ਦੀ ਸਥਿਤੀ ਬਣ ਸਕਦੀ ਹੈ। ਇਸੇ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਨੂੰ ਮੌਕੇ ’ਤੇ ਬੁਲਾਇਆ ਗਿਆ ਸੀ। ਫਿਲਹਾਲ ਇਸ ਪੂਰੇ ਮਾਮਲੇ ਵਿਚ ਵਿਦਿਆਰਥੀਆਂ ਦੇ ਦੋਸ਼ ਅਤੇ ਪੁਲਸ ਦੇ ਪੱਖ ਵਿਚ ਵੱਖ-ਵੱਖ ਦਾਅਵੇ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਦਾ ਮਾਹੌਲ ਦੇਰ ਰਾਤ ਤੱਕ ਤਣਾਅਪੂਰਨ ਬਣਿਆ ਰਿਹਾ।
ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ ਜਾਂ ਨਹੀਂ, ਜਾਣੋ ਪੂਰੀ ਅਪਡੇਟ
NEXT STORY