ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਨੁੱਖੀ ਤਸਕਰੀ ਅਤੇ ਅਗਵਾ ਕਰਨ ਨਾਲ ਜੁੜਿਆ ਇਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਪਹਿਲਾਂ ਦੁਬਈ ਲਿਜਾਇਆ ਗਿਆ ਅਤੇ ਇਸ ਤੋਂ ਬਾਅਦ ਕੀਨੀਆ ਲਿਜਾ ਕੇ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ। ਉਨ੍ਹਾਂ ਮੁਤਾਬਕ ਨੌਜਵਾਨਾਂ ਨਾਲ ਕੁੱਟਮਾਰ ਅਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਡੀ ਰਕਮ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲ ਪ੍ਰਾਪਤ ਜਾਣਕਾਰੀ 'ਤੇ ਇਕ ਪਰਿਵਾਰ ਵੱਲੋਂ ਦਿੱਤੇ ਲਿਖਤੀ ਬਿਆਨ ਮੁਤਾਬਕ ਰਕੇਸ਼ ਕੁਮਾਰ, ਸੁਰਿੰਦਰ ਅਤੇ ਅਵਤਾਰ ਨਾਂ ਦੇ ਤਿੰਨ ਨੌਜਵਾਨ ਇਸ ਕਥਿਤ ਅਗਵਾਕਾਂਡ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਰਾਕੇਸ਼ ਕੁਮਾਰ ਦੇ ਪਿਤਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਦੇਸ਼ ਭੇਜਣ ਲਈ ਇਕ ਏਜੰਟ ਨਾਲ ਲਗਭਗ ਸਾਢੇ 9 ਲੱਖ ਰੁਪਏ ’ਚ ਸੌਦਾ ਹੋਇਆ ਸੀ ਅਤੇ ਐਡਵਾਂਸ ਰਕਮ ਵੀ ਦਿੱਤੀ ਗਈ ਸੀ। ਇਹ ਨੌਜਵਾਨ ਪਹਿਲਾਂ ਦੁਬਈ ਪਹੁੰਚੇ ਅਤੇ ਉੱਥੇ ਉਨ੍ਹਾਂ ਨੂੰ ਦੋ ਹੋਰ ਨੌਜਵਾਨ ਮਿਲੇ। ਇਸ ਤੋਂ ਬਾਅਦ ਤਿੰਨਾਂ ਨੂੰ ਇਟਲੀ ਭੇਜਣ ਦਾ ਲਾਰਾ ਲਾ ਕੇ ਅੱਗੇ ਲਿਜਾਇਆ ਗਿਆ। ਉਨ੍ਹਾਂ ਦਾ ਦਾਅਵਾ ਹੈ ਕਿ ਰਸਤੇ ’ਚ ਕੁੱਝ ਵਿਅਕਤੀਆਂ ਨੇ ਨੌਜਵਾਨਾਂ ਨੂੰ ਅਗਵਾ ਕਰ ਲਿਆ ਅਤੇ ਹੁਣ ਉਨ੍ਹਾਂ ਦੀ ਰਿਹਾਈ ਲਈ ਪਰਿਵਾਰਾਂ ਤੋਂ ਲਗਭਗ 70 ਹਜ਼ਾਰ ਡਾਲਰ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲੇ ’ਚ ਪੰਜਾਬ ਨਾਲ ਸਬੰਧਿਤ ਇਕ ਏਜੰਟ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ, ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਇਟਲੀ ’ਚ ਰਹਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
ਹਾਲਾਂਕਿ ਉਨ੍ਹਾਂ ਨੇ ਜਾਂਚ ਪ੍ਰਭਾਵਿਤ ਨਾ ਹੋਣ ਦੇ ਮੱਦੇਨਜ਼ਰ ਏਜੰਟ ਦਾ ਨਾਂ ਜਨਤਕ ਕਰਨ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਏਜੰਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣਾ ਅਤੇ ਪੂਰੇ ਮਾਮਲੇ ਦੀ ਜਾਂਚ ਕਰਨਾ ਪੁਲਸ ਦਾ ਕੰਮ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ, ਸਬੰਧਿਤ ਭਾਰਤੀ ਸਫ਼ਾਰਤਖ਼ਾਨੇ ਅਤੇ ਪੰਜਾਬ ਦੇ ਡੀ. ਜੀ. ਪੀ. ਨਾਲ ਸੰਪਰਕ ਕਰਨ ਜਾ ਰਹੇ ਹਨ। ਸਭ ਤੋਂ ਪਹਿਲੀ ਤਰਜ਼ੀਹ ਤਿੰਨਾਂ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਅਗਵਾਕਾਰਾਂ ਦੇ ਚੁੰਗਲ ’ਚੋਂ ਛੁਡਵਾ ਕੇ ਸੁਰੱਖਿਅਤ ਭਾਰਤ ਵਾਪਸ ਲਿਆਉਣਾ ਹੈ। ਉਨ੍ਹਾਂ ਅਪੀਲ ਕੀਤੀ ਕਿ ਮਾਮਲੇ ’ਚ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਥਿਤ ਏਜੰਟ ਦੇ ਪਿਛੋਕੜ ਦੀ ਵੀ ਜਾਂਚ ਕੀਤੀ ਜਾਵੇ। ਜੇਕਰ ਇਸ ਮਾਮਲੇ ’ਚ ਏਜੰਟ ਜਾਂ ਉਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵਿਦੇਸ਼ ਭੇਜਣ ਦੇ ਨਾਂ ’ਤੇ ਪੰਜਾਬੀ ਨੌਜਵਾਨਾਂ ਨਾਲ ਧੋਖਾਧੜੀ ਅਤੇ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੋਈ ਅੰਤਰਰਾਸ਼ਟਰੀ ਗਿਰੋਹ ਪੰਜਾਬ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਮੁਤਾਬਕ ਪਹਿਲਾਂ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਲਾਲਚ ਦਿੱਤਾ ਜਾਂਦਾ ਹੈ, ਫਿਰ ਉਨ੍ਹਾਂ ਨੂੰ ਕਿਸੇ ਹੋਰ ਦੇਸ਼ ’ਚ ਲਿਜਾ ਕੇ ਕਥਿਤ ਤੌਰ ’ਤੇ ਬੰਦੀ ਬਣਾਇਆ ਜਾਂਦਾ ਹੈ ਅਤੇ ਪਰਿਵਾਰਾਂ ਤੋਂ ਫ਼ਿਰੌਤੀ ਵਸੂਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਪੂਰੀ ਜਾਂਚ ਅਤੇ ਜਾਣਕਾਰੀ ਤੋਂ ਆਪਣੇ ਬੱਚਿਆਂ ਨੂੰ ਕਿਸੇ ਏਜੰਟ ਦੇ ਹਵਾਲੇ ਕਰ ਕੇ ਵਿਦੇਸ਼ ਨਾ ਭੇਜਣ। ਏਜੰਟ ਦੀ ਭਰੋਸੇਯੋਗਤਾ, ਉਸ ਦੀ ਕਾਨੂੰਨੀ ਮਾਨਤਾ ਤੇ ਵਿਦੇਸ਼ ਜਾਣ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨਾ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ : SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ
ਵਿਦੇਸ਼ ਜਾਣ ਦੇ ਇੱਛੁਕ ਨੌਜਵਾਨਾਂ ਲਈ ਬਣਾਇਆ ਜਾਵੇ ਵਿਸ਼ੇਸ਼ ਪੋਰਟਲ
ਸੰਧੂ ਨੇ ਪੰਜਾਬ ਸਰਕਾਰ ਨੂੰ ਸੁਝਾਅ ਦਿੱਤਾ ਕਿ ਵਿਦੇਸ਼ ਜਾਣ ਦੇ ਇੱਛੁਕ ਨੌਜਵਾਨਾਂ ਲਈ ਇਕ ਵਿਸ਼ੇਸ਼ ਪੋਰਟਲ ਬਣਾਇਆ ਜਾਵੇ। ਇਸ ਪੋਰਟਲ ਰਾਹੀਂ ਲੋਕਾਂ ਨੂੰ ਕਾਨੂੰਨੀ ਤੌਰ ’ਤੇ ਵਿਦੇਸ਼ ਜਾਣ ਦੀ ਪ੍ਰਕਿਰਿਆ, ਮਾਨਤਾ ਪ੍ਰਾਪਤ ਏਜੰਟਾਂ, ਸਹੀ ਵੀਜ਼ਾ ਪ੍ਰਕਿਰਿਆ ਤੇ ਧੋਖਾਧੜੀ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਕੌਂਸਲਿੰਗ ਵੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਸਹੀ ਅਤੇ ਗ਼ਲਤ ਰਸਤੇ ਦੀ ਪਛਾਣ ਕਰ ਸਕਣ। ਸਰਕਾਰ ਨੂੰ ਅਜਿਹੀ ਵਿਵਸਥਾ ਬਣਾਉਣੀ ਚਾਹੀਦੀ ਹੈ, ਜਿਸ ਰਾਹੀਂ ਵਿਦੇਸ਼ ਜਾਣ ਵਾਲੇ ਹਰ ਨੌਜਵਾਨ ਨੂੰ ਰਵਾਨਗੀ ਤੋਂ ਪਹਿਲਾਂ ਸਹੀ ਮਾਰਗ ਦਰਸ਼ਨ ਮਿਲੇ ਅਤੇ ਉਹ ਗ਼ੈਰ-ਕਾਨੂੰਨੀ ਏਜੰਟਾਂ ਦੇ ਜਾਲ ’ਚ ਨਾ ਫਸੇ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ’ਚ ਕੋਈ ਹੋਰ ਏਜੰਟ ਜਾਂ ਗਿਰੋਹ ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਨੇ ਤਿੰਨਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਹਰ ਸੰਭਵ ਯਤਨ ਕਰਨਗੇ ਤੇ ਪਰਿਵਾਰਾਂ ਨੂੰ ਹੌਂਸਲਾ ਰੱਖਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
NEXT STORY