ਫਿਰੋਜ਼ਪੁਰ, ਜੈਤੋ (ਪਰਾਸ਼ਰ, ਮਲਹੋਤਰਾ, ਕੁਮਾਰ) - ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਸ਼੍ਰੀ ਰਾਜੇਸ਼ ਕੁਮਾਰ ਪਾਂਡੇ ਨੇ ਅੱਜ ਅੰਮ੍ਰਿਤਸਰ-ਜਲੰਧਰ-ਲੁਧਿਆਣਾ ਰੇਲ ਸੈਕਸ਼ਨ ਦਾ ਵਿਸਤ੍ਰਿਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸਟੇਸ਼ਨਾਂ ਦੇ ਬੁਨਿਆਦੀ ਢਾਂਚੇ, ਸਫਾਈ, ਸੁਰੱਖਿਆ ਪ੍ਰਬੰਧਾਂ ਅਤੇ ਸੰਚਾਲਨ ਕੁਸ਼ਲਤਾ ਦੀ ਬਾਰੀਕੀ ਨਾਲ ਸਮੀਖਿਆ ਕੀਤੀ।
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਪੁਨਰ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਵੇਟਿੰਗ ਹਾਲ, ਬੁਕਿੰਗ ਤੇ ਰਿਜ਼ਰਵੇਸ਼ਨ ਦਫਤਰ, ਪਾਰਕਿੰਗ ਅਤੇ ਸਟੇਸ਼ਨ ਦੀ ਦੂਜੀ ਐਂਟਰੀ ਦਾ ਮੁਆਇਨਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਪਾਰਦਰਸ਼ਤਾ ਲਈ ਡਿਜੀਟਲ ਲੈਣ-ਦੇਣ ਵਧਾਉਣ ਅਤੇ ਕੰਮ ਦੀ ਗੁਣਵੱਤਾ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਜਨਰਲ ਮੈਨੇਜਰ ਨੇ ਬਿਆਸ ਰੇਲਵੇ ਸਟੇਸ਼ਨ ’ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ, ਜਿੱਥੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵੀ ਉਨ੍ਹਾਂ ਨੇ ਯਾਤਰੀ ਸਹੂਲਤਾਂ ਦਾ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਮਾਰਗਦਰਸ਼ਨ ਦਿੱਤਾ। ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਮੁਕੰਮਲ ਹੋ ਚੁੱਕੇ ਵੱਡੇ ਵਿਕਾਸ ਕਾਰਜਾਂ ਦੀ ਵੀ ਉਨ੍ਹਾਂ ਵੱਲੋਂ ਸ਼ਲਾਘਾ ਕੀਤੀ ਗਈ। ਨਿਰੀਖਣ ਦੌਰਾਨ ਉਨ੍ਹਾਂ ਦੇ ਨਾਲ ਡਵੀਜ਼ਨਲ ਰੇਲਵੇ ਮੈਨੇਜਰ (ਡੀ. ਆਰ. ਐੱਮ.) ਸ਼੍ਰੀ ਸੰਜੀਵ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਨਰਲ ਮੈਨੇਜਰ ਨੇ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਅਤੇ ਯਾਤਰੀਆਂ ਨੂੰ ਸੁਰੱਖਿਅਤ ਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੇਵਾਵਾਂ ’ਚ ਨਿਰੰਤਰ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ।
ਪਾਤੜਾਂ ਪੰਚਾਇਤ ਸੰਮਤੀ ਦੇ ਸਾਬਕਾ ਵਾਈਸ ਚੇਅਰਮੈਨ ਵਿਰੁੱਧ ਕਾਰਵਾਈ ਦੀ ਤਿਆਰੀ, BDPO ਵੱਲੋਂ ਨੋਟਿਸ ਜਾਰੀ
NEXT STORY